ਐੱਸ. ਏ. ਐੱਸ. ਨਗਰ, 9 ਅਕਤੂਬਰ (ਕਪਿਲ ਵਧਵਾ)-500 ਗ੍ਰਾਮ ਹੈਰੋਇਨ ਬਰਾਮਦ ਹੋਣ ਦੇ ਮਾਮਲੇ ਵਿਚ ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਗੈਂਗਸਟਰ ਜਸ਼ਨਪ੍ਰੀਤ ਸਿੰਘ ਉਰਫ਼ ਜਸ਼ਨ ਸਮੇਤ ਤਿੰਨ ਮੁਲਜ਼ਮਾਂ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕਰ ਦਿੱਤੀਆਂ ਹਨ। ਵਿਸ਼ੇਸ਼ ਜੱਜ ਨੀਤਿਕਾ ਵਰਮਾ ਦੀ ਅਦਾਲਤ ਨੇ ਜਸ਼ਨਪ੍ਰੀਤ ਸਿੰਘ, ਸੰਦੀਪ ਸਿੰਘ ਅਤੇ ਕਰਨਜੀਤ ਸਿੰਘ ਉਰਫ਼ ਕਰਨ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸਰਕਾਰੀ ਪੱਖ ਨੇ ਦਲੀਲ ਦਿੱਤੀ ਕਿ ਮੁਲਜ਼ਮਾਂ ਕੋਲੋਂ ਵਪਾਰਕ ਮਾਤਰਾ ਵਿਚ ਹੈਰੋਇਨ ਬਰਾਮਦ ਹੋਈ ਸੀ ਅਤੇ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 37 ਤਹਿਤ ਜ਼ਮਾਨਤ ਦੇਣ ਲਈ ਸਖ਼ਤ ਸ਼ਰਤਾਂ ਲਾਗੂ ਹੁੰਦੀਆਂ ਹਨ। ਅਦਾਲਤ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਕਾਰ ‘ਚੋਂ ਹੈਰੋਇਨ ਤੇ 2 ਲੱਖ ਰੁ. ਦੀ ਡਰੱਗ ਮਨੀ ਹੋਈ ਸੀ ਬਰਾਮਦ ਸਰਕਾਰੀ ਪੱਖ ਅਨੁਸਾਰ 29 ਨਵੰਬਰ 2025 ਨੂੰ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ. ਐੱਨ. ਟੀ. ਐੱਫ.) ਦੀ ਟੀਮ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕੀਤੀ ਗਈ ਸੀ। ਇਸ ਦੌਰਾਨ ਕਾਰ ਸਵਾਰ ਤਿੰਨਾਂ ਮੁਲਜ਼ਮਾਂ ਨੂੰ ਰੋਕ ਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਸੀ ਤਾਂ ਕਾਰ ਵਿਚੋਂ 500 ਗ੍ਰਾਮ ਹੈਰੋਇਨ ਅਤੇ 2 ਲੱਖ ਰੁ. ਦੀ ਡਰੱਗ ਮਨੀ ਬਰਾਮਦ ਹੋਈ ਸੀ। ਜਾਂਚ ਅਧਿਕਾਰੀਆਂ ਅਨੁਸਾਰ ਫੋਰੈਂਸਿਕ ਸਾਇੰਸ ਲੈਬੋਰਟਰੀ ਦੀ ਰਿਪੋਰਟ ਵਿਚ ਬਰਾਮਦ ਪਾਊਡਰ ਦੀ ਪਛਾਣ ਡਾਇਐਸੀਟਾਈਲਮੋਰਫਿਨ (ਹੈਰੋਇਨ) ਵਜੋਂ ਹੋਈ ਸੀ। ਬਚਾਅ ਪੱਖ ਨੇ ਬਰਾਮਦਗੀ ਨੂੰ ਦੱਸਿਆ ਝੂਠਾ ਮਾਮਲੇ ਦੀ ਸੁਣਵਾਈ ਦੌਰਾਨ ਬਚਾਅ ਪੱਖ ਦੇ ਵਕੀਲ ਹਿਤੇਸ਼ ਚੋਪੜਾ ਨੇ ਦਲੀਲ ਦਿੱਤੀ ਕਿ ਮੁਲਜ਼ਮ ਬੇਕਸੂਰ ਹਨ ਅਤੇ ਪੁਲਿਸ ਨੇ ਉਨ੍ਹਾਂ ਨੂੰ ਝੂਠੇ ਮਾਮਲੇ ਵਿਚ ਫਸਾਇਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਨਿੱਜੀ ਤਲਾਸ਼ੀ ਦੌਰਾਨ ਉਨ੍ਹਾਂ ਦੇ ਕੱਪੜਿਆਂ ਜਾਂ ਜੇਬਾਂ ਵਿਚੋਂ ਕੋਈ ਨਸ਼ੀਲਾ ਪਦਾਰਥ ਨਹੀਂ ਮਿਲਿਆ ਅਤੇ ਬਰਾਮਦਗੀ ਨੂੰ ਕਥਿਤ ਤੌਰ ‘ਤੇ ਉਨ੍ਹਾਂ ਨਾਲ ਜੋੜਿਆ ਗਿਆ ਹੈ। ਇਸ ਦੇ ਉਲਟ ਸਰਕਾਰੀ ਵਕੀਲ ਏ. ਪੀ. ਐੱਸ. ਵਿਰਕ ਨੇ ਜ਼ਮਾਨਤ ਦਾ ਵਿਰੋਧ ਕਰਦਿਆਂ ਖ਼ਦਸ਼ਾ ਪ੍ਰਗਟਾਇਆ ਕਿ ਜੇਕਰ ਮੁਲਜ਼ਮ ਜੇਲ੍ਹ ਤੋਂ ਬਾਹਰ ਆਉਂਦੇ ਹਨ ਤਾਂ ਉਹ ਮੁੜ ਨਸ਼ਾ ਤਸਕਰੀ ਦੇ ਧੰਦੇ ਵਿਚ ਸ਼ਾਮਿਲ ਹੋ ਸਕਦੇ ਹਨ। ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਤਿੰਨਾਂ ਮੁਲਜ਼ਮਾਂ ਦੀਆਂ ਜ਼ਮਾਨਤ ਅਰਜ਼ੀਆਂ ਖ਼ਾਰਜ ਕਰ ਦਿੱਤੀਆਂ।