ਸੂਬੇ ਭਰ ਵਿਚ ਲੋਕ ਬਾਲ ਵਿਆਹ ਰੋਕੂ ਸਮਾਜਿਕ ਮੁਹਿੰਮ ਦਾ ਹਿੱਸਾ ਬਣਨ : ਡਾ. ਬਲਜੀਤ ਕੌਰ
ਚੰਡੀਗੜ੍ਹ, 19 ਅਕਤੂਬਰ (ਅਜੀਤ ਬਿਊਰੋ) - ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਲ ਵਿਆਹ ਵਰਗੀ ਘਿਣਾਉਣੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਦ੍ਰਿੜ੍ਹ ਇਰਾਦੇ ਨਾਲ ਕੰਮ ਕਰ ਰਹੀ ਹੈ।
ਚੰਡੀਗੜ੍ਹ, 19 ਅਕਤੂਬਰ (ਅਜੀਤ ਬਿਊਰੋ) - ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਲ ਵਿਆਹ ਵਰਗੀ ਘਿਣਾਉਣੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਦ੍ਰਿੜ੍ਹ ਇਰਾਦੇ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਬੱਚੇ ਨੂੰ ਸੁਰੱਖਿਅਤ ਬਚਪਨ, ਮਿਆਰੀ ਸਿੱਖਿਆ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਮੌਕਾ ਦੇਣਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਦੇ ਪ੍ਰਭਾਵਸ਼ਾਲੀ ਦਖ਼ਲ ਅਤੇ ਵੱਖ-ਵੱਖ ਵਿਭਾਗਾਂ ਦੇ ਆਪਸੀ ਤਾਲਮੇਲ ਸਦਕਾ ਸਾਲ 2025 ਦੌਰਾਨ 64 ਬਾਲ ਵਿਆਹ ਰੋਕੇ ਗਏ, ਜਦਕਿ ਜਨਵਰੀ ਤੋਂ ਜੁਲਾਈ 2026 ਤੱਕ 73 ਹੋਰ ਬਾਲ ਵਿਆਹ ਰੋਕ ਕੇ ਅਨੇਕਾਂ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਇਆ ਗਿਆ। ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਲ ਵਿਆਹ ਦੀ ਰੋਕਥਾਮ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਰਕਾਰ ਵੱਲੋਂ 2,076 ਬਾਲ ਵਿਆਹ ਰੋਕਥਾਮ ਅਫ਼ਸਰ (ਸੀ.ਐੱਮ.ਪੀ.ਓਜ਼) ਨਾਮਜ਼ਦ ਕੀਤੇ ਗਏ ਹਨ, ਜਿਨ੍ਹਾਂ ਵਿਚ ਸੂਬੇ ਦੇ ਸਾਰੇ ਸੀ.ਡੀ.ਪੀ.ਓਜ਼ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲ ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ 10 ਫ਼ਰਵਰੀ 2025 ਨੂੰ ਜਾਰੀ ਨੋਟੀਫ਼ਿਕੇਸ਼ਨ ਰਾਹੀਂ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿਚ ਜ਼ਿਲ੍ਹਾ ਪੱਧਰੀ ਬਾਲ ਵਿਆਹ ਰੋਕਥਾਮ ਯੂਨਿਟਾਂ ਦਾ ਗਠਨ ਕੀਤਾ ਹੈ। ਇਹ ਯੂਨਿਟਾਂ ਬਾਲ ਵਿਆਹ ਦੇ ਸੰਭਾਵਿਤ ਮਾਮਲਿਆਂ ਵਿਚ ਤੁਰੰਤ ਦਖ਼ਲ, ਪੀੜਤ ਬੱਚਿਆਂ ਦੇ ਬਚਾਅ ਅਤੇ ਮੁੜ ਵਸੇਬੇ ਦੇ ਨਾਲ-ਨਾਲ ਵੱਖ-ਵੱਖ ਵਿਭਾਗਾਂ ਵਿਚਕਾਰ ਪ੍ਰਭਾਵਸ਼ਾਲੀ ਤਾਲਮੇਲ ਯਕੀਨੀ ਬਣਾ ਰਹੀਆਂ ਹਨ। ਸੂਬੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਮਾਪੇ, ਅਧਿਆਪਕ, ਪੰਚਾਇਤੀ ਰਾਜ ਸੰਸਥਾਵਾਂ, ਧਾਰਮਿਕ ਆਗੂ, ਸਮਾਜ ਸੇਵੀ ਸੰਸਥਾਵਾਂ ਅਤੇ ਨੌਜਵਾਨ ਇਸ ਮੁਹਿੰਮ ਵਿਚ ਸਰਕਾਰ ਦੇ ਭਾਈਵਾਲ ਬਣਨ। ਉਨ੍ਹਾਂ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਬਾਲ ਵਿਆਹ ਹੋਣ ਦੀ ਸੂਚਨਾ ਮਿਲੇ ਤਾਂ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਸਮੇਂ ਸਿਰ ਕਾਰਵਾਈ ਕਰਕੇ ਕਿਸੇ ਵੀ ਬੱਚੇ ਦਾ ਭਵਿੱਖ ਸੁਰੱਖਿਅਤ ਬਣਾਇਆ ਜਾ ਸਕੇ।