ਐੱਸ. ਏ. ਐੱਸ. ਨਗਰ, 21 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਸ਼ਹਿਰ ‘ਚ ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਅਤੇ ਵਾਤਾਵਰਨ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨਗਰ ਨਿਗਮ ਮੁਹਾਲੀ ਵਲੋਂ ਫੇਜ਼-7 ਅਤੇ ਫੇਜ਼-3ਬੀ2 ਦੀ ਮਾਰਕੀਟ ‘ਚ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ। ਇਸ ਦੌਰਾਨ ਪਾਬੰਦੀਸ਼ੁਦਾ ਸਿੰਗਲ ਯੂਜ਼ ਵਾਲੀਆਂ ਪਲਾਸਟਿਕ ਦੀਆਂ ਵਸਤਾਂ, ਲਿਫ਼ਾਫ਼ਿਆਂ ਅਤੇ ਤੋਹਫ਼ਾ-ਪੈਕਿੰਗ ਸਾਮਾਨ ਦੀ ਵਰਤੋਂ ਕਰਨ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ। ਮੁਹਿੰਮ ਦੌਰਾਨ ਨਿਗਮ ਟੀਮ ਨੇ ਦੁਕਾਨਦਾਰਾਂ ਨੂੰ ਪਲਾਸਟਿਕ ਪ੍ਰਦੂਸ਼ਣ ਕਾਰਨ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕਰਦਿਆਂ ਪਲਾਸਟਿਕ ਦੀ ਥਾਂ ਕੱਪੜੇ ਅਤੇ ਜੂਟ ਦੇ ਥੈਲਿਆਂ ਵਰਗੇ ਵਾਤਾਵਰਨ-ਅਨੁਕੂਲ ਬਦਲ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੁਕਾਨਦਾਰਾਂ ਨੂੰ ਸੰਬੰਧਿਤ ਨਿਯਮਾਂ ਦੀ ਪਾਲਣਾ ਕਰਨ ਅਤੇ ਪਾਬੰਦੀਸ਼ੁਦਾ ਪਲਾਸਟਿਕ ਦੀਆਂ ਵਸਤਾਂ ਦੀ ਵਰਤੋਂ ਜਾਂ ਵੰਡ ਤੋਂ ਗੁਰੇਜ਼ ਕਰਨ ਦੀ ਹਦਾਇਤ ਵੀ ਕੀਤੀ।