ਐੱਸ. ਏ. ਐੱਸ. ਨਗਰ, 28 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਦੇ ਪ੍ਰਾਈਵੇਟ ਮੈਗਾ ਹਾਊਸਿੰਗ ਪ੍ਰਾਜੈਕਟਾਂ ਦੀਆਂ ਰੈਜੀਡੈਂਸ ਵੈੱਲਫੇਅਰ ਐਸੋਸੀਏਸ਼ਨਾਂ ਅਤੇ ਸੁਸਾਇਟੀਆਂ ਦੀ ਬਣੀ ਸਾਂਝੀ ਜਥੇਬੰਦੀ ਕੋਰਵਾਸ ਦੇ ਆਗੂ ਰਾਜਵਿੰਦਰ ਸਿੰਘ ਨੇ ਪਿਛਲੇ ਕੁੱਝ ਸਮੇਂ ਤੋਂ ਈ. ਡੀ. ਵਲੋਂ ਵੱਖ-ਵੱਖ ਬਿਲਡਰਾਂ ਅਤੇ ਗਮਾਡਾ/ਪੁੱਡਾ ਦੇ ਵਿਰੁੱਧ ਕਾਰਵਾਈ ਕਰਦਿਆਂ ਕੀਤੀ ਜਾ ਰਹੀ ਜਾਂਚ ਦਾ ਸੁਆਗਤ ਕਰਦਿਆਂ ਕਿਹਾ ਹੈ ਕਿ ਈ. ਡੀ. ਦੀ ਕਾਰਵਾਈ ਨਾਲ ਮੁਹਾਲੀ ਦੇ ਪ੍ਰਾਈਵੇਟ ਮੈਗਾ ਪ੍ਰਾਜੈਕਟਾਂ ਵਿਚ ਰਹਿੰਦੇ ਲੋਕਾਂ ਵਿਚ ਵੀ ਖ਼ੁਸ਼ੀ ਦੀ ਲਹਿਰ ਹੈ, ਕਿਉਂਕਿ ਇਨ੍ਹਾਂ ਮੈਗਾ ਪ੍ਰਾਜੈਕਟਾਂ ਦੇ ਸੈਕਟਰਾਂ ਵਿਚ ਰਹਿੰਦੇ ਲੋਕ ਬਿਲਡਰਾਂ ਦੀ ਲੁੱਟ ਦਾ ਸ਼ਿਕਾਰ ਹੋ ਰਹੇ ਹਨ ਅਤੇ ਗਮਾਡਾ/ਪੁੱਡਾ ਵਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਗਮਾਡਾ/ਪੁੱਡਾ ਦੇ ਦਫ਼ਤਰ ਭ੍ਰਿਸ਼ਟਾਚਾਰ ਦਾ ਗੜ੍ਹ ਬਣ ਚੁੱਕੇ ਹਨ ਅਤੇ ਇਸ ਗੱਲ ਦੀ ਪੁਸ਼ਟੀ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਵਲੋਂ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਗਮਾਡਾ/ਪੁੱਡਾ ਵਿਰੁੱਧ ਸ਼ਿਕਾਇਤਾਂ ਦੇ ਨਿਪਟਾਰੇ ਲਈ ਕਿਸੇ ਏਜੰਸੀ ਦਾ ਹੋਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਈ. ਡੀ ਵਲੋਂ ਕੀਤੀ ਕਾਰਵਾਈ ਨਾਲ ਲੋਕਾਂ ਨੂੰ ਇਨਸਾਫ਼ ਮਿਲਣ ਦੀ ਪੂਰੀ ਉਮੀਦ ਹੈ। ਸੰਸਥਾ ਦੇ ਆਗੂਆਂ ਨੇ ਬਿਲਡਰਾਂ ਅਤੇ ਗਮਾਡਾ/ਪੁੱਡਾ ਦੀਆਂ ਮਨਮਾਨੀਆਂ ਨੂੰ ਠੱਲ੍ਹ ਪੈਣ ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਈ. ਡੀ ਦੀ ਇਸ ਕਾਰਵਾਈ ਨੂੰ ਜਾਇਜ਼ ਕਰਾਰ ਦਿੱਤਾ ਹੈ ਅਤੇ ਆਸ ਜ਼ਾਹਿਰ ਕੀਤੀ ਹੈ ਕਿ ਈ. ਡੀ ਦੇ ਅਧਿਕਾਰੀ ਲੋਕਾਂ ਨੂੰ ਜ਼ਰੂਰ ਇਨਸਾਫ਼ ਦੇਣਗੇ ਅਤੇ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਨੂੰ ਅਮਲ ਵਿਚ ਲਿਆਉਣਗੇ।