ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਦੀ ਅਣਦੇਖੀ ਕਾਰਨ ਵਾਪਰ ਰਹੇ ਨੇ ਹਾਦਸੇ - ਗਿੱਲ
ਮਾਜਰੀ, 28 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਨਿਊ ਚੰਡੀਗੜ੍ਹ ਦੇ ਪਿੰਡ ਰਾਣੀਮਾਜਰਾ ਨੇੜੇ ਬਣੇ ਚੌਕ ‘ਤੇ ਰੋਜ਼ਾਨਾ ਕੋਈ ਨਾ ਕੋਈ ਹਾਦਸਾ ਵਾਪਰਨ ਕਾਰਨ ਰਾਹਗੀਰਾਂ ਦੀਆਂ ਜਾਨਾਂ ਜਾ ਰਹੀਆਂ ਹਨ, ਜਦਕਿ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਅਤੇ ਪੰਜਾਬ ਸਰਕਾਰ ਤੇ ਇਸ ਦੇ ਨੁਮਾਇੰਦੇ ਕੁੰਭਕਰਨੀ ਨੀਂਦ ਸੁੱਤੇ ਪਏ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਪੰਜਾਬ ਦੇ ਸੂਬਾਈ ਮੀਤ ਪ੍ਰਧਾਨ ਰਾਣਾ ਰਣਜੀਤ ਸਿੰਘ ਗਿੱਲ ਨੇ ਓਮੈਕਸ ਚੌਕ ‘ਤੇ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।
ਮਾਜਰੀ, 28 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਨਿਊ ਚੰਡੀਗੜ੍ਹ ਦੇ ਪਿੰਡ ਰਾਣੀਮਾਜਰਾ ਨੇੜੇ ਬਣੇ ਚੌਕ ‘ਤੇ ਰੋਜ਼ਾਨਾ ਕੋਈ ਨਾ ਕੋਈ ਹਾਦਸਾ ਵਾਪਰਨ ਕਾਰਨ ਰਾਹਗੀਰਾਂ ਦੀਆਂ ਜਾਨਾਂ ਜਾ ਰਹੀਆਂ ਹਨ, ਜਦਕਿ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਅਤੇ ਪੰਜਾਬ ਸਰਕਾਰ ਤੇ ਇਸ ਦੇ ਨੁਮਾਇੰਦੇ ਕੁੰਭਕਰਨੀ ਨੀਂਦ ਸੁੱਤੇ ਪਏ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਪੰਜਾਬ ਦੇ ਸੂਬਾਈ ਮੀਤ ਪ੍ਰਧਾਨ ਰਾਣਾ ਰਣਜੀਤ ਸਿੰਘ ਗਿੱਲ ਨੇ ਓਮੈਕਸ ਚੌਕ ‘ਤੇ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਗਾਤਾਰ ਕਰੋੜਾਂ ਰੁ. ਖ਼ਰਚ ਕੇ ਸੜਕਾਂ ਅਤੇ ਚੌਕਾਂ ਦੇ ਨਿਰਮਾਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਇਨ੍ਹਾਂ ਦੀ ਪੋਲ ਨਿਊ ਚੰਡੀਗੜ੍ਹ ਦੀ ਓਮੈਕਸ ਰੋਡ ‘ਤੇ ਬਣਿਆ ਚੌਕ ਖੋਲ੍ਹ ਰਿਹਾ ਹੈ, ਜਿਥੇ ਕਿ ਟ੍ਰੈਫ਼ਿਕ ਲਾਈਟਾਂ ਪੂਰੀ ਤਰ੍ਹਾਂ ਬੰਦ ਹਨ ਅਤੇ ਚੌਕ ਦੀ ਹਾਲਤ ਬਹੁਤ ਜ਼ਿਆਦਾ ਖਸਤਾ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹਾਲਾਤਾਂ ਕਾਰਨ ਹੀ ਇਸ ਚੌਕ ‘ਤੇ ਰੋਜ਼ਾਨਾ ਵਾਪਰਨ ਵਾਲੇ ਹਾਦਸਿਆਂ ‘ਚ ਅਜਾਈ ਜਾਨਾਂ ਜਾ ਰਹੀਆਂ ਹਨ। ਉਨ੍ਹਾਂ ‘ਆਪ’ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਇਸ ਸਮੱਸਿਆ ਦੇ ਹੱਲ ਲਈ ਕੋਈ ਉਪਰਾਲਾ ਨਾ ਕੀਤਾ ਤਾਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਉਹ ਖੇਤਰ ਦੇ ਲੋਕਾਂ ਦੇ ਸਹਿਯੋਗ ਨਾਲ ‘ਆਪ’ ਸਰਕਾਰ ਖ਼ਿਲਾਫ਼ ਰੋਸ ਧਰਨਾ ਦੇਣਗੇ। ਰਾਣਾ ਗਿੱਲ ਨੇ ਕਿਹਾ ਕਿ ਗਮਾਡਾ ਨੇ ਲੱਖਾਂ ਕਰੋੜਾਂ ਰੁ. ਇਨ੍ਹਾਂ ਪ੍ਰਾਜੈਕਟਾਂ ਤੋਂ ਇਕੱਠੇ ਕੀਤੇ ਹਨ, ਪਰ ਹਲਕਾ ਖਰੜ ਦੇ ਨਿਊ ਚੰਡੀਗੜ੍ਹ ਖੇਤਰ ‘ਚ ਕੋਈ ਸਹੂਲਤ ਮੁਹੱਈਆ ਨਹੀਂ ਕਰਵਾਈ ਜਾ ਰਹੀ। ਉਨ੍ਹਾਂ ਕਿਹਾ ਇਸੇ ਤਰ੍ਹਾਂ ਹੀ ਬੂਥਗੜ੍ਹ ਨੇੜੇ ਕੁਰਾਲੀ-ਸਿਸਵਾਂ ਮਾਰਗ ‘ਤੇ ਲੱਗੀਆਂ ਟ੍ਰੈਫ਼ਿਕ ਲਾਈਟਾਂ ਵੀ ਬੰਦ ਪਈਆਂ ਹਨ, ਜਿਸ ਕਾਰਨ ਉਥੇ ਵੀ ਹਾਦਸੇ ਵਾਪਰ ਰਹੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਕਤ ਚੌਕਾਂ ‘ਤੇ ਟ੍ਰੈਫ਼ਿਕ ਲਾਈਟਾਂ ਠੀਕ ਕਰਵਾਈਆਂ ਜਾਣ ਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।