ਐੱਸ. ਏ. ਐੱਸ. ਨਗਰ, 10 ਨਵੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵਲੋਂ ਸੂਬੇ ਦੀਆਂ ਮੰਡੀਆਂ ’ਚ ਝੋਨੇ ਦੀ ਫ਼ਸਲ ਦੇ ਚੱਲ ਰਹੇ ਖ਼ਰੀਦ ਕਾਰਜਾਂ ਦਾ ਜਾਇਜ਼ਾ ਲਿਆ । ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਚੇਅਰਮੈਨ ਬਰਸਟ ਨੇ ਦੱਸਿਆ ਕਿ ਪੰਜਾਬ ਰਾਜ ਦੀਆਂ ਸਮੂਹ ਮੰਡੀਆਂ ’ਚ ਝੋਨੇ ਦੀ ਆਮਦ, ਖਰੀਦ ਤੇ ਲਿਫ਼ਟਿੰਗ ਦੇ ਕਾਰਜ ਸੁਚੱਜੇ ਤਰੀਕੇ ਨਾਲ ਚੱਲ ਰਹੇ ਹ ਨ। ਉਨ੍ਹਾਂ ਦੱਸਿਆ ਕਿ ਮੰਡੀਆਂ ’ਚ ਪੁੱਜੀ ਝੋਨੇ ਦੀ ਫ਼ਸਲ ਦੀ ਲਗਭਗ 97 ਫ਼ੀਸਦੀ ਖ਼ਰੀਦ ਹੋ ਚੁੱਕੀ ਹੈ । ਉਨ੍ਹਾਂ ਦੱਸਿਆ ਕਿ ਮੰਡੀਆਂ ’ਚ 9 ਨਵੰਬਰ ਤੱਕ 170.95 ਲੱਖ ਮੀਟ੍ਰਿਕ ਟਨ ਝੋਨੇ ਦੀ ਫ਼ਸਲ ਦੀ ਆਮਦ ਹੋਈ ਹੈ, ਜਿਸ ’ਚੋਂ 165.45 ਲੱਖ ਮੀਟ੍ਰਿਕ ਟਨ ਦੀ ਖ਼ਰੀਦ ਹੋ ਚੁੱਕੀ ਹੈ । ਉਨ੍ਹਾਂ ਦੱਸਿਆ ਕਿ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ 163.76 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ, ਜਦਕਿ ਕਰੀਬ 122.20 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਹੋ ਚੁੱਕੀ ਹੈ । ਉਨ੍ਹਾਂ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵਲੋਂ 70,43,189 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 40,67,314 ਮੀਟ੍ਰਿਕ ਟਨ, ਪਨਸਪ ਵਲੋਂ 33,81,224 ਮੀਟ੍ਰਿਕ ਟਨ, ਵੇਅਰ ਹਾਊਸ ਵਲੋਂ 18,02,393 ਮੀਟ੍ਰਿਕ ਟਨ, ਐਫ. ਸੀ. ਆਈ. ਵਲੋਂ 81,967 ਮੀਟ੍ਰਿਕ ਟਨ ਤੇ ਪ੍ਰਾਈਵੇਟ ਵਪਾਰੀਆਂ ਵਲੋਂ 1,68,974 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਬੀਤੇ ਸੋਮਵਾਰ ਸੂਬੇ ਦੀਆਂ ਮੰਡੀਆਂ ’ਚ 4.17 ਲੱਖ ਮੀਟ੍ਰਿਕ ਟਨ ਝੋਨੇ ਦੀ ਫ਼ਸਲ ਦੀ ਆਮਦ ਹੋਈ ਸੀ, ਜਿਸ ’ਚੋਂ 4.34 ਲੱਖ ਮੀਟ੍ਰਿਕ ਟਨ ਦੀ ਖ਼ਰੀਦ ਤੇ 3.55 ਲੱਖ ਮੀਟ੍ਰਿਕ ਟਨ ਫ਼ਸਲ ਦੀ ਲਿਫ਼ਟਿੰਗ ਹੋ ਚੁੱਕੀ ਹੈ।