ਐੱਸ. ਏ. ਐੱਸ. ਨਗਰ, 13 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਦੀ ਅਗਵਾਈ ’ਚ ਵੱਡੀ ਗਿਣਤੀ ਅਧਿਆਪਕਾਂ ਵਲੋਂ ਨੌਕਰੀਆਂ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਵਿੱਦਿਆ ਭਵਨ ਅੱਗੇ ਰੋਸ ਪ੍ਰਦਰਸ਼ਨ ਕੀਤਾ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੇ ਪੰਜਾਬ ਸਰਕਾਰ ਵਲੋਂ ਅਧਿਆਪਕਾਂ ਦੀਆਂ ਮੰਗਾਂ ਦੇ ਹੱਲ ਸੰਬੰਧੀ ਕੋਈ ਭਰੋਸਾ ਨਾ ਮਿਲਣ ‘ਤੇ ਅਧਿਆਪਕਾਂ ਨੇ ਜਿਵੇਂ ਹੀ ਚੰਡੀਗੜ੍ਹ ਵੱਲ ਮਾਰਚ ਸ਼ੁਰੂ ਕੀਤਾ ਤਾਂ ਬੁੜੈਲ ਜੇਲ੍ਹ ਰੋਡ ਵਾਲੇ ਚੰਡੀਗੜ੍ਹ-ਮੁਹਾਲੀ ਬਾਰਡਰ ‘ਤੇ ਚੰਡੀਗੜ੍ਹ ਪੁਲਿਸ ਵਲੋਂ ਸਖ਼ਤ ਬੈਰੀਕੇਡਿੰਗ ਕਰਕੇ ਅਧਿਆਪਕਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ ਗਿਆ। ਇਸ ਦੌਰਾਨ ਅੱਗੇ ਵਧਣ ਲਈ ਅਧਿਆਪਕਾਂ ਦੀ ਚੰਡੀਗੜ੍ਹ ਪੁਲਿਸ ਨਾਲ ਅੱਧਾ ਘੰਟਾ ਕਸ਼ਮਕੱਸ਼ ਵੀ ਹੁੰਦੀ ਰਹੀ, ਪਰ ਅਧਿਆਪਕ ਅਸਫ਼ਲ ਰਹੇ। ਇਸ ਤੋਂ ਬਾਅਦ ਅਧਿਆਪਕਾਂ ਨੇ ਬਾਰਡਰ ‘ਤੇ ਹੀ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਵਿਕਾਸ ਸਾਹਨੀ ਨੇ ਕਿਹਾ ਕਿ 15 ਜੂਨ 2025 ਨੂੰ ਪੰਜਾਬ ਦੇ ਮੁੱਖ ਮੰਤਰੀ ਵਲੋਂ ਸਿੱਖਿਆ ਮੰਤਰੀ, ਸਿੱਖਿਆ ਸਕੱਤਰ, ਵਿੱਤ ਸਕੱਤਰ, ਪਰਸੋਨਲ ਸਕੱਤਰ ਅਤੇ ਹੋਰ ਉੱਚ ਅਧਿਕਾਰੀਆਂ ਦੀ ਕਮੇਟੀ ਦਾ ਗਠਨ ਕਰਕੇ 5 ਸਤੰਬਰ 2025 ਤੱਕ ਸਮੂਹ ਕੱਚੇ ਅਧਿਆਪਕਾਂ ਦੀ ਬਹਾਲੀ ਸੰਬੰਧੀ ਪ੍ਰਕਿਰਿਆ ਪੂਰੀ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਨਿਰਧਾਰਤ ਸਮਾਂ ਬੀਤ ਜਾਣ ਦੇ ਬਾਵਜੂਦ ਸਰਕਾਰ ਵਲੋਂ ਆਪਣਾ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਵਲੋਂ ਵਾਰ-ਵਾਰ ਭਰੋਸੇ ਦੇ ਕੇ ਅਧਿਆਪਕਾਂ ਦੀ ਬਹਾਲੀ ਦੇ ਮਸਲੇ ਨੂੰ ਲਟਕਾਉਣਾ ਹੁਣ ਹੋਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਯੂਨੀਅਨ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਜੇਕਰ ਸਰਕਾਰ ਨੇ ਜਲਦ ਬਹਾਲੀ ਦਾ ਮਸਲਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।