ਲੋਕ ਮਿਲਣੀ ਪ੍ਰੋਗਰਾਮ ਤਹਿਤ ਰਾਣਾ ਗਿੱਲ ਵਲੋਂ ਵੱਖ-ਵੱਖ ਪਿੰਡਾਂ ‘ਚ ਮੀਟਿੰਗਾਂ
ਕੁਰਾਲੀ, 14 ਨਵੰਬਰ (ਬਿੱਲਾ ਅਕਾਲਗੜ੍ਹੀਆ)-ਭਾਵੇਂ ਕਿ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਨਹੀਂ ਹੋਇਆ, ਪ੍ਰੰਤੂ ਹਲਕਾ ਖਰੜ ਤੋਂ ਭਾਜਪਾ ਆਗੂ ਰਣਜੀਤ ਸਿੰਘ ਰਾਣਾ ਗਿੱਲ ਵਲੋਂ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰ ਦਿੱਤਾ ਗਿਆ ਹੈ। ਇਸੇ ਲੜੀ ਤਹਿਤ ਰਾਣ ਗਿੱਲ ਵਲੋਂ ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ ‘ਚ ਲੋਕ ਮਿਲਣੀ ਪ੍ਰੋਗਰਾਮਾਂ ਤਹਿਤ ਪਿੰਡਾਂ ਦੇ ਵਸਨੀਕਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਤੇ ਇਲਾਕੇ ਦੇ ਵਿਕਾਸ ਸੰਬੰਧੀ ਵਿਚਾਰ ਸਾਂਝੇ ਕੀਤੇ ਗਏ।
ਕੁਰਾਲੀ, 14 ਨਵੰਬਰ (ਬਿੱਲਾ ਅਕਾਲਗੜ੍ਹੀਆ)-ਭਾਵੇਂ ਕਿ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਨਹੀਂ ਹੋਇਆ, ਪ੍ਰੰਤੂ ਹਲਕਾ ਖਰੜ ਤੋਂ ਭਾਜਪਾ ਆਗੂ ਰਣਜੀਤ ਸਿੰਘ ਰਾਣਾ ਗਿੱਲ ਵਲੋਂ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰ ਦਿੱਤਾ ਗਿਆ ਹੈ। ਇਸੇ ਲੜੀ ਤਹਿਤ ਰਾਣ ਗਿੱਲ ਵਲੋਂ ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ ‘ਚ ਲੋਕ ਮਿਲਣੀ ਪ੍ਰੋਗਰਾਮਾਂ ਤਹਿਤ ਪਿੰਡਾਂ ਦੇ ਵਸਨੀਕਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਤੇ ਇਲਾਕੇ ਦੇ ਵਿਕਾਸ ਸੰਬੰਧੀ ਵਿਚਾਰ ਸਾਂਝੇ ਕੀਤੇ ਗਏ। ਇਸ ਦੌਰਾਨ ਰਾਣਾ ਗਿੱਲ ਨੇ ਪਿੰਡ ਘਟੌਰ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਅੱਜ ਆਰਥਿਕ ਪੱਖੋਂ ਪਛੜਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਪੰਜਾਬ ਨਾਲੋਂ ਛੋਟਾ ਸੂਬਾ ਹੋਣ ਦੇ ਬਾਵਜੂਦ ਜੀ. ਐੱਸ. ਟੀ. ਇਕੱਠਾ ਕਰਨ ਦੇ ਮਾਮਲੇ ‘ਚ ਪੰਜਾਬ ਤੋਂ ਕਾਫ਼ੀ ਅੱਗੇ ਹੈ, ਜੋ ਕਿ ਸੂਬੇ ਦੀ ਮੌਜੂਦਾ ਆਰਥਿਕ ਸਥਿਤੀ ‘ਤੇ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਵਿਗੜ ਰਹੀ ਕਾਨੂੰਨ ਵਿਵਸਥਾ ਕਾਰਨ ਵੱਡੇ ਉਦਯੋਗਪਤੀ ਤੇ ਕਾਰੋਬਾਰੀ ਸੂਬੇ ਤੋਂ ਬਾਹਰ ਜਾਣ ਲਈ ਮਜ਼ਬੂਰ ਹੋ ਰਹੇ ਹਨ। ਨਸ਼ਿਆਂ ਦੀ ਸ਼ਰੇਆਮ ਵਿਕਰੀ ਅਤੇ ਅਮਨ-ਕਾਨੂੰਨ ਦੀ ਮਾੜੀ ਸਥਿਤੀ ਕਾਰਨ ਆਮ ਲੋਕਾਂ ‘ਚ ਚਿੰਤਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੂੰ ਬਿਆਨਬਾਜ਼ੀ ਕਰਨ ਦੀ ਬਜਾਏ ਇਨ੍ਹਾਂ ਗੰਭੀਰ ਸਮੱਸਿਆਵਾਂ ਦੇ ਹੱਲ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ‘ਤੇ ਪਾਉਣ ਲਈ ਲੋਕਾਂ ਨੂੰ ਇਕਜੁੱਟ ਹੋ ਕੇ ਸੂਬੇ ਦੇ ਹਿੱਤ ‘ਚ ਫ਼ੈਸਲਾ ਲੈਣਾ ਹੋਵੇਗਾ। ਇਸ ਮੌਕੇ ਸਰਪੰਚ ਗੋਲਡੀ, ਨਛੱਤਰ ਸਿੰਘ, ਪਰਮਿੰਦਰ ਸਿੰਘ, ਲਾਭ ਸਿੰਘ, ਇਕਬਾਲ ਸਿੰਘ, ਜੋਗਾ ਸਿੰਘ, ਤਰਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਰਵਿੰਦਰ ਸਿੰਘ, ਮਨਜੀਤ ਸਿੰਘ, ਪਲਵਿੰਦਰ ਸਿੰਘ ਅਤੇ ਪਰਮਵੀਰ ਸਿੰਘ ਸਮੇਤ ਵੱਡੀ ਗਿਣਤੀ ‘ਚ ਪਿੰਡ ਵਾਸੀ ਹਾਜ਼ਰ ਸਨ।