ਐੱਸ. ਏ. ਐੱਸ. ਨਗਰ, 18 ਨਵੰਬਰ (ਪ੍ਰੋ. ਅਵਤਾਰ ੇਸਿੰਘ)-ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 20 ਤੋਂ 24 ਨਵੰਬਰ ਤੱਕ ਕਰਵਾਏ ਜਾ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ‘ਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜਥੇ, ਇੰਟਰਨੈਸ਼ਨਲ ਢਾਡੀ ਜਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਹਰਿਜਸ ਸੁਣਾ ਕੇ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ 23 ਨਵੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਛਤਰ ਛਾਇਆ ਹੇਠ ਗੁਰਦੁਆਰਾ ਸਾਹਿਬ ਤੋਂ ਸਵੇਰੇ 11 ਵਜੇ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਕਿ ਪੂਰੇ ਨਗਰ ਦੀ ਪਰਿਕਰਮਾ ਕਰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ। ਇਸੇ ਤਰ੍ਹਾਂ 24 ਨਵੰਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ ਮਹਾਨ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ। ਇਸੇ ਦਿਨ ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਜੀ ਯਾਦਗਾਰੀ 34ਵਾਂ ਕੁਸ਼ਤੀ ਦੰਗਲ ਦੁਪਹਿਰ 1 ਵਜੇ ਆਰੰਭ ਹੋਵੇਗਾ, ਜਿਸ ‘ਚ ਦੇਸ਼-ਵਿਦੇਸ਼ ਦੇ ਉੱਘੇ ਪਹਿਲਵਾਨ ਆਪਣੇ ਦਾਅ-ਪੇਚ ਦੇ ਜੌਹਰ ਦਿਖਾਉਣਗੇ। ਇਨ੍ਹਾਂ ਸਮਾਗਮਾਂ ਦੌਰਾਨ ਰੋਜ਼ਾਨਾ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।