ਚੀਮਾ ਵਲੋਂ ਭਰਤੀ ਪ੍ਰਕਿਰਿਆ ਲਈ ਸਿੱਖਿਆ ਵਿਭਾਗ ਨੂੰ ਜਲਦ ਇਸ਼ਤਿਹਾਰ ਜਾਰੀ ਕਰਨ ਦੇ ਨਿਰਦੇਸ਼
ਚੰਡੀਗੜ੍ਹ, 20 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਥੇ ਸਿੱਖਿਆ ਵਿਭਾਗ ਨੂੰ ਪ੍ਰਾਇਮਰੀ ਸਪੈਸ਼ਲ ਐਜੂਕੇਟਰਾਂ ਅਤੇ ਮਾਸਟਰ ਕਾਡਰ ਸਪੈਸ਼ਲ ਐਜੂਕੇਟਰਾਂ ਦੀ ਭਰਤੀ ਲਈ ਜਲਦ ਇਸ਼ਤਿਹਾਰ ਜਾਰੀ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਸਮੁੱਚੀ ਭਰਤੀ ਪ੍ਰਕਿਰਿਆ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਤੇ ਬੇਰੋਜ਼ਗਾਰ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਇਹ ਭਰੋਸਾ ਵੀ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਅਤੇ ਮੁਲਾਜ਼ਮਾਂ ਤੇ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਚੰਡੀਗੜ੍ਹ, 20 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਥੇ ਸਿੱਖਿਆ ਵਿਭਾਗ ਨੂੰ ਪ੍ਰਾਇਮਰੀ ਸਪੈਸ਼ਲ ਐਜੂਕੇਟਰਾਂ ਅਤੇ ਮਾਸਟਰ ਕਾਡਰ ਸਪੈਸ਼ਲ ਐਜੂਕੇਟਰਾਂ ਦੀ ਭਰਤੀ ਲਈ ਜਲਦ ਇਸ਼ਤਿਹਾਰ ਜਾਰੀ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਸਮੁੱਚੀ ਭਰਤੀ ਪ੍ਰਕਿਰਿਆ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਤੇ ਬੇਰੋਜ਼ਗਾਰ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਇਹ ਭਰੋਸਾ ਵੀ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਅਤੇ ਮੁਲਾਜ਼ਮਾਂ ਤੇ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਬੇਰੋਜ਼ਗਾਰ ਸਪੈਸ਼ਲ ਐਜੂਕੇਟਰ ਫਰੰਟ ਪੰਜਾਬ ਦੇ ਨੁਮਾਇੰਦਿਆਂ, ਜਿਨ੍ਹਾਂ ਨੇ ਸਪੈਸ਼ਲ ਐਜੂਕੇਟਰਾਂ ਦੀ ਜਲਦ ਭਰਤੀ ਦੀ ਮੰਗ ਸੰਬੰਧੀ ਮੰਗ ਪੱਤਰ ਸੌਂਪਿਆ, ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਲੋੜੀਂਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ। ਇਸੇ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਛੇ ਹੋਰ ਮੁਲਾਜ਼ਮ ਜਥੇਬੰਦੀਆਂ ਤੇ ਬੇਰੋਜ਼ਗਾਰ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵੀ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ’ਤੇ ਚਰਚਾ ਕਰਨ ਲਈ ਲਗਾਤਾਰ ਮੀਟਿੰਗਾਂ ਕੀਤੀਆਂ। ਇਨ੍ਹਾਂ ਵਿਚ 180 ਈ. ਟੀ. ਟੀ. ਅਧਿਆਪਕ ਯੂਨੀਅਨ, ਪੰਜਾਬ; ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ; ਹੋਮ ਗਾਰਡ ਵੈਲਫੇਅਰ ਐਸੋਸੀਏਸ਼ਨ (ਸੇਵਾਮੁਕਤ), ਪੰਜਾਬ; ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ; ਈ.ਟੀ.ਟੀ. 2364 ਅਧਿਆਪਕ ਯੂਨੀਅਨ, ਪੰਜਾਬ; ਅਤੇ ਬੇਰੋਜ਼ਗਾਰ ਸਾਂਝਾ ਮੋਰਚਾ ਪੰਜਾਬ ਸ਼ਾਮਿਲ ਸਨ। ਵਫ਼ਦਾਂ ਨੇ ਸੇਵਾਵਾਂ ਅਤੇ ਭਲਾਈ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਨੂੰ ਉਜਾਗਰ ਕਰਦੇ ਹੋਏ ਮੰਗ ਪੱਤਰ ਸੌਂਪੇ। ਸਾਰੇ ਵਫ਼ਦਾਂ ਦੀਆਂ ਗੱਲਾਂ ਨੂੰ ਬੜੇ ਧਿਆਨ ਨਾਲ ਸੁਣਦਿਆਂ ਵਿੱਤ ਮੰਤਰੀ ਨੇ ਉਨ੍ਹਾਂ ਨੂੰ ਸਬੰਧਤ ਮੁੱਦਿਆਂ ਦੀ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਇਆ ਅਤੇ ਭਰੋਸਾ ਦਿੱਤਾ ਕਿ ਸਾਰੀਆਂ ਜਾਇਜ਼ ਮੰਗਾਂ ਦਾ ਜਲਦ ਹੱਲ ਕੀਤਾ ਜਾਵੇਗਾ। ਮੀਟਿੰਗਾਂ ਦੌਰਾਨ ਬੇਰੋਜ਼ਗਾਰ ਸਪੈਸ਼ਲ ਐਜੂਕੇਟਰ ਫਰੰਟ ਪੰਜਾਬ ਵਲੋਂ ਲਖਵੀਰ ਸਿੰਘ ਤੇ ਸਰਬਜੀਤ ਸਿੰਘ; 180 ਈ.ਟੀ.ਟੀ. ਅਧਿਆਪਕ ਯੂਨੀਅਨ, ਪੰਜਾਬ ਵਲੋਂ ਕਮਲ ਠਾਕੁਰ ਅਤੇ ਸੋਹਣ ਲਾਲ; ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ ਵਲੋਂ ਲਖਵੀਰ ਸਿੰਘ; ਹੋਮ ਗਾਰਡ ਵੈਲਫੇਅਰ ਐਸੋਸੀਏਸ਼ਨ, ਪੰਜਾਬ ਵਲੋਂ ਗੁਰਦੀਪ ਸਿੰਘ ਤੇ ਹਰਮੇਸ਼ਪਾਲ ਸਿੰਘ; ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਜਸਮੇਲ ਸਿੰਘ ਅਤੇ ਗੁਰਜੰਟ ਸਿੰਘ; ਈ.ਟੀ.ਟੀ. 2364 ਅਧਿਆਪਕ ਯੂਨੀਅਨ, ਪੰਜਾਬ ਵਲੋਂ ਸਮਰਜੀਤ ਸਿੰਘ; ਜਦਕਿ ਬੇਰੋਜ਼ਗਾਰ ਸਾਂਝਾ ਮੋਰਚਾ ਪੰਜਾਬ ਵਲੋਂ ਰਮਨ ਮਲੋਟ, ਸੁਖਵਿੰਦਰ ਢਿੱਲਵਾਂ, ਅਮਨਦੀਪ ਸੇਖਾ, ਸੰਦੀਪ ਮੋਫਰ, ਲਲਿਤ ਪਟਿਆਲਾ ਅਤੇ ਗੁਰਪਿਆਰ ਸਿੰਘ ਨੇ ਨੁਮਾਇੰਦਗੀ ਕੀਤੀ।