ਐੱਸ. ਏ. ਐੱਸ. ਨਗਰ, 24 ਨਵੰਬਰ (ਪ੍ਰੋ. ਅਵਤਾਰ ਸਿੰਘ)-ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਮੁਹਾਲੀ ਸ਼ਹਿਰ ਦੇ ਵੱਖ-ਵੱਖ ਫੇਜ਼ਾਂ ਅਤੇ ਸੈਕਟਰਾਂ ਤੋਂ ਇਲਾਵਾ ਪਿੰਡਾਂ ‘ਚ ਕਰਵਾਏ ਗਏ ਗੁਰਮਤਿ ਸਮਾਗਮਾਂ ‘ਚ ਵਿਧਾਇਕ ਕੁਲਵੰਤ ਸਿੰਘ ਵਲੋਂ ਉਚੇਚੇ ਤੌਰ ‘ਤੇ ਹਾਜ਼ਰੀ ਲੁਆਈ ਗਈ। ਇਸ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਗੁਰਦੁਆਰਾ ਨਾਨਕ ਦਰਬਾਰ ਸੈਕਟਰ-94, ਪੰਜਾਬ ਸਟੇਟ ਹਾਈ ਕੋਰਟ ਵਕੀਲ ਸੁਸਾਇਟੀ ਸੈਕਟਰ-76 ਤੇ ਗੁਰਦੁਆਰਾ ਸਾਹਿਬ ਸੈਕਟਰ-91 ਵਿਖੇ ਕਰਵਾਏ ਗਏ ਸਮਾਗਮ ‘ਚ ਹਾਜ਼ਰੀ ਲੁਆਈ। ਇਸ ਤੋਂ ਬਾਅਦ ਉਨ੍ਹਾਂ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਰੇਹੜੀ-ਫੜ੍ਹੀ ਮਾਰਕੀਟ ਫੇਜ਼-4 ਵਲੋਂ ਕਰਵਾਏ ਗਏ ਸਮਾਗਮ ਤੇ ਗੁਰਦੁਆਰਾ ਫੇਜ਼-4 ਵਿਖੇ ਹਾਜਰੀ ਲੁਆਈ। ਇਸ ਉਪਰੰਤ ਉਹ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੰਘ ਸਭਾ ਫੇਜ਼-1, ਸੈਕਟਰ-56 ਬੈਰੀਅਰ ਦੇ ਨਜ਼ਦੀਕ ਸਥਿਤ ਗੁਰਦੁਆਰਾ ਸਾਹਿਬ, ਗੁਰਦੁਆਰਾ ਸਾਹਿਬ ਫੇਜ਼-6, ਤੇ ਗੁਰਦੁਆਰਾ ਸਿੰਘ ਸਭਾ ਸੈਕਟਰ-71 ਮੁਹਾਲੀ ਨਤਮਸਤਕ ਹੋਏ। ਇਸ ਤੋਂ ਬਾਅਦ ਉਨ੍ਹਾਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਕਮਿਊਨਿਟੀ ਸੈਂਟਰ ਸੈਕਟਰ-70 ਵਿਖੇ ਲਗਾਏ ਗਏ ਖ਼ੂਨਦਾਨ ਕੈਂਪ ‘ਚ ਸ਼ਮੂਲੀਅਤ ਤੇ ਖ਼ੂਨਦਾਨੀਆਂ ਦੀ ਹੌਸਲਾ ਅਫ਼ਜਾਈ ਕੀਤੀ। ਇਸ ਤੋਂ ਬਾਅਦ ਵਿਧਾਇਕ ਕੁਲਵੰਤ ਸਿੰਘ ਨੇ ਫੇਜ਼-8 ਮੁਹਾਲੀ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਅਤੇ ਹੋਰਨਾਂ ਧਾਰਮਿਕ ਅਸਥਾਨਾਂ ‘ਤੇ ਕਰਵਾਏ ਗਏ ਸਮਾਗਮਾਂ ‘ਚ ਹਾਜ਼ਰੀ ਲੁਆਈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਸਾਨੂੰ ਸਭਨਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਲੁਕਾਈ ਦੇ ਭਲੇ ਦੀ ਖਾਤਰ ਅਤੇ ਆਪਸੀ ਪਿਆਰ ਵਧਾਉਣ ਲਈ ਨਾਲ ਚਾਰ ਉਦਾਸੀਆਂ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਸਾਨੂੰ ਸਭਨਾਂ ਨੂੰ ਨਿੱਜੀ ਰੰਜਿਸ਼ ਨੂੰ ਤਿਆਗ ਕੇ ਭਾਈਚਾਰਕ ਸਾਂਝ ਨੂੰ ਵਧਾਉਣਾ ਚਾਹੀਦਾ ਹੈ ਅਤੇ ਇਕ ਦੂਸਰੇ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨੀ ਚਾਹੀਦੀ ਹੈ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਦੇ ਨਾਲ ਸੀਨੀਅਰ ਡਿਪਟੀ ਮੇਅਰ ਆਰ. ਪੀ. ਸ਼ਰਮਾ, ‘ਆਪ’ ਦੇ ਸੀਨੀਆਰ ਆਗੂ ਕੁਲਦੀਪ ਸਿੰਘ ਸਮਾਣਾ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ, ਹਰਮੇਸ਼ ਸਿੰਘ ਕੁੰਭੜਾ, ਦਰਸ਼ਨ ਸਿੰਘ ਮਟੌਰ, ਅਮਰਜੀਤ ਸਿੰਘ ਸਿੱਧੂ, ਜਸਪਾਲ ਸਿੰਘ ਮਟੌਰ, ਅਮਰਜੀਤ ਸਿੰਘ, ਬਚਨ ਸਿੰਘ ਬੋਪਾਰਾਏ, ਗੁਰਮੁੱਖ ਸਿੰਘ ਸੋਹਲ, ਸ਼ਰਨਜੀਤ ਕੌਰ ਬਲਾਕ ਪ੍ਰਧਾਨ, ਨਵਦੀਪ ਕੌਰ ਚੱਪੜਚਿੜੀ ਖ਼ੁਰਦ ਤੇ ਗੁਰਜੀਤ ਸਿੰਘ ਆਦਿ ਵੀ ਹਾਜ਼ਰ ਸਨ।