ਐੱਸ. ਏ. ਐੱਸ. ਨਗਰ, 27 ਨਵੰਬਰ (ਪ੍ਰੋ. ਅਵਤਾਰ ਸਿੰਘ)-ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਦੀ ਖੁਸ਼ੀ ‘ਚ 2 ਤੇ 3 ਦਸੰਬਰ ਨੂੰ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ‘ਚ ਭਾਈ ਰਵਿੰਦਰ ਸਿੰਘ, ਭਾਈ ਸਤਿੰਦਰਬੀਰ ਸਿੰਘ, ਭਾਈ ਅਮਨਦੀਪ ਸਿੰਘ, ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ, ਗਿਆਨੀ ਪਿੰਦਰਪਾਲ ਸਿੰਘ ਲੁਧਿਆਣਾ ਵਾਲੇ, ਬਾਬਾ ਬੰਤਾ ਸਿੰਘ ਬਿਧੀ ਚੰਦ ਸੰਪ੍ਰਦਾਇ, ਭਾਈ ਮਨਪ੍ਰੀਤ ਸਿੰਘ ਕਾਨਪੁਰੀ, ਭਾਈ ਸਰਬਜੀਤ ਸਿੰਘ ਪਟਨਾ ਸਾਹਿਬ ਵਾਲੇ, ਬੀਬੀ ਦਲੇਰ ਕੌਰ ਤੇ ਨਕੋਦਰ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਢਾਡੀ ਜਥੇ, ਭਾਈ ਸਰਬਜੀਤ ਸਿੰਘ ਲੁਧਿਆਣਾ ਵਾਲੇ ਅਤੇ ਮੀਰੀ-ਪੀਰੀ ਖ਼ਾਲਸਾ ਜਥਾ ਜਗਧਾਰੀ ਵਾਲੇ ਸਮੇਤ ਕਈ ਹੋਰ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਹਰਿਜਸ ਸੁਣਾ ਕੇ ਨਿਹਾਲ ਕਰਨਗੇ। ਜਨਮ ਦਿਹਾੜੇ ਦੀ ਖੁਸ਼ੀ ‘ਚ 2 ਦਸੰਬਰ ਨੂੰ ਗੁਰਬਾਣੀ ਕੰਠ ਮੁਕਾਬਲੇ ਤੇ ਦਸਤਾਰ ਮੁਕਾਬਲੇ ਵੀ ਕਰਵਾਏ ਜਾਣਗੇ। ਇਸੇ ਦਿਨ ਤੜਕੇ 5 ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਲੈ ਕੇ ਹੰਸਾਲੀ ਸਾਹਿਬ ਤੱਕ ਵਿਸ਼ਾਲ ਪ੍ਰਭਾਤ ਫੇਰੀ ਕੱਢੀ ਜਾਵੇਗੀ। ਸਮਾਗਮ ਦੇ ਦੋਵੇਂ ਦਿਨ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਜਾਵੇਗਾ ਤੇ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੁਫ਼ਤ ਕਰਵਾਏ ਜਾਣਗੇ।