ਕੁਰਾਲੀ ਤੇ ਇਲਾਕੇ ਦੇ ਪਿੰਡਾਂ ’ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਪ੍ਰਕਾਸ਼ ਪੁਰਬ
ਕੁਰਾਲੀ, 24 ਨਵੰਬਰ (ਹਰਪ੍ਰੀਤ ਸਿੰਘ)-ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਦਿਹਾੜਾ ਅੱਜ ਸਥਾਨਕ ਸ਼ਹਿਰ ਅਤੇ ਇਲਾਕੇ ਦੇ ਪਿੰਡਾਂ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸੰਬੰਧੀ ਮੁੱਖ ਸਮਾਗਮ ਸਥਾਨਕ ਗੁਰਦੁਆਰਾ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਵਿਖੇ ਕਰਵਾਇਆ ਗਿਆ।
ਕੁਰਾਲੀ, 24 ਨਵੰਬਰ (ਹਰਪ੍ਰੀਤ ਸਿੰਘ)-ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਦਿਹਾੜਾ ਅੱਜ ਸਥਾਨਕ ਸ਼ਹਿਰ ਅਤੇ ਇਲਾਕੇ ਦੇ ਪਿੰਡਾਂ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸੰਬੰਧੀ ਮੁੱਖ ਸਮਾਗਮ ਸਥਾਨਕ ਗੁਰਦੁਆਰਾ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਵਿਖੇ ਕਰਵਾਇਆ ਗਿਆ। ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਸਵਰਨ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਸਮਾਗਮ ਦੇ ਪਹਿਲੇ ਚਰਨ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਦੀਵਾਨ ਸਜਾਏ ਗਏ, ਜਿਨ੍ਹਾਂ ਦੌਰਾਨ ਭਾਈ ਜਗਦੀਪ ਸਿੰਘ ਸਾਰੰਗ ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੇ ਭਾਈ ਅਮਰਜੀਤ ਸਿੰਘ ਚੰਡੀਗੜ੍ਹ ਵਾਲਿਆਂ ਦੇ ਜਥਿਆਂ ਨੇ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਦੇ ਹੋਏ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ, ਕਾਂਗਰਸ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ, ਸ਼੍ਰੋਮਣੀ ਕਮੇਟੀ ਮੈਂਬਰ ਤੇ ਭਾਜਪਾ ਆਗੂ ਚਰਨਜੀਤ ਸਿੰਘ ਕਾਲੇਵਾਲ, ਭਾਜਪਾ ਆਗੂ ਰਣਜੀਤ ਸਿੰਘ ਗਿੱਲ, ਬਸਪਾ ਆਗੂ ਰਾਜਿੰਦਰ ਸਿੰਘ ਨੰਨ੍ਹਹੇੜੀਆਂ, ਪਾਲਇੰਦਰ ਸਿੰਘ ਬਾਠ ਆਦਿ ਆਗੂਆਂ ਨੇ ਉਚੇਚੇ ਤੌਰ ‘ਤੇ ਹਾਜ਼ਰੀ ਭਰਦਿਆਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਅਤੇ ਰਾਗੀ ਜਥਿਆਂ ਦਾ ਸਨਮਾਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਪ੍ਰਦੀਪ ਰੂੜਾ, ਸੁਰਿੰਦਰ ਸਿੰਘ ਖ਼ਾਲਸਾ, ਯੂਥ ਅਕਾਲੀ ਦਲ (ਬ) ਦੇ ਸ਼ਹਿਰੀ ਪ੍ਰਧਾਨ ਅੰਮ੍ਰਿਤਪਾਲ ਸਿੰਘ ਲਾਲਾ, ਪ੍ਰਿੰ. ਸੁਪਿੰਦਰ ਸਿੰਘ, ਪਾਲ ਸਿੰਘ, ਹਰਜੋਤ ਸਿੰਘ, ਹੈੱਡ ਗ੍ਰੰਥੀ ਬਲਵਿੰਦਰ ਸਿੰਘ ਤੇ ਦਵਿੰਦਰ ਸਿੰਘ ਠਾਕੁਰ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸੇ ਲੜੀ ਤਹਿਤ ਨੇੜਲੇ ਪਿੰਡਾਂ ਸਿੰਘਪੁਰਾ, ਚਰਹੇੜੀ, ਚਿੰਤਗੜ੍ਹ, ਭਾਗੋਮਾਜਰਾ, ਭੂਪਨਗਰ, ਚਤਾਮਲੀ, ਨਿਹੋਲਕਾ ਅਤੇ ਕਿਸ਼ਨਪੁਰਾ ਆਦਿ ਵਿਚਲੇ ਗੁਰਦੁਆਰਾ ਸਾਹਿਬਾਨਾਂ ਵਿਖੇ ਵੀ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।