ਡੇਰਾਬੱਸੀ ਹਲਕੇ ’ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
ਡੇਰਾਬੱਸੀ, 24 ਨਵੰਬਰ (ਰਣਬੀਰ ਸਿੰਘ ਪੜ੍ਹੀ)-ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਡੇਰਾਬੱਸੀ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸਾਹਿਬਾਨਾਂ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ।
ਡੇਰਾਬੱਸੀ, 24 ਨਵੰਬਰ (ਰਣਬੀਰ ਸਿੰਘ ਪੜ੍ਹੀ)-ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਡੇਰਾਬੱਸੀ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸਾਹਿਬਾਨਾਂ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਸਵੇਰ ਤੋਂ ਹੀ ਗੁਰੂ-ਘਰਾਂ ਵਿਚ ਸੰਗਤਾਂ ਦੀਆਂ ਰੌਣਕਾਂ ਲੱਗਣੀਆਂ ਸ਼ੁਰੂ ਹੋ ਗਈਆਂ ਸਨ। ਇਸ ਮੌਕੇ ਕਰਵਾਏ ਗਏ ਗੁਰਮਤਿ ਸਮਾਗਮਾਂ ਦੌਰਾਨ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ ਅਤੇ ਨਾਲ ਹੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਬਤੀਤ ਕਰਨ ਦਾ ਸੱਦਾ ਦਿੱਤਾ ਗਿਆ। ਸਮਾਗਮਾਂ ਦੀ ਸਮਾਪਤੀ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸੇ ਦੌਰਾਨ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਆਪਣੇ ਜੱਦੀ ਪਿੰਡ ਬਾਕਰਪੁਰ ਟੈਂਕੀ, ਈਸਾਪੁਰ ਰੌਣੀ, ਗੁਰਦੁਆਰਾ ਦਿਹਾਤੀ ਸ੍ਰੀ ਗੁਰੂ ਸਿੰਘ ਸਭਾ ਡੇਰਾਬੱਸੀ, ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਅਨਾਜ ਮੰਡੀ ਡੇਰਾਬੱਸੀ ਅਤੇ ਗੁਰਦੁਆਰਾ ਭਾਟ ਸਿੰਘ ਸਭਾ ਮੁਬਾਰਿਕਪੁਰ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦਾ ਫ਼ਲਸਫ਼ਾ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸਾਬਕਾ ਵਿਧਾਇਕ ਐੱਨ. ਕੇ. ਸ਼ਰਮਾ ਅਤੇ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਵੀ ਪਿੰਡ ਈਸਾਪੁਰ ਦੇ ਗੁਰਦੁਆਰਾ ਸਮੇਤ ਵੱਖ-ਵੱਖ ਪਿਡਾਂ ਦੇ ਗੁਰੂ-ਘਰਾਂ ਵਿਖੇ ਮੱਥਾ ਟੇਕਿਆ ਅਤੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਪਿੰਡ ਕਾਰਕੌਰ ਤੇ ਭਾਂਖਰਪੁਰ ਸਮੇਤ ਹਲਕੇ ਦੇ ਹੋਰਨਾਂ ਪਿੰਡਾਂ ਵਿਚ ਵੀ ਧਾਰਮਿਕ ਸਮਾਗਮ ਕਰਵਾਏ ਗਏ।