ਪੀਰਮੁਛੱਲਾ ਦੇ ਡੰਪਿੰਗ ਗਰਾਊਂਡ ’ਚ ਲੱਗੇ ਕੂੜੇ ਦੇ ਢੇਰਾਂ ਤੇ ਗੰਦਗੀ ਤੋਂ ਇਲਾਕਾ ਵਾਸੀ ਪ੍ਰੇਸ਼ਾਨ
ਜ਼ੀਰਕਪੁਰ, 29 ਨਵੰਬਰ (ਮਨਿੰਦਰ ਸਿੰਘ)-ਪੀਰਮੁਛੱਲਾ ਸਥਿਤ ਡੰਪਿੰਗ ਗਰਾਊਂਡ ‘ਚ ਦਿਨੋਂ-ਦਿਨ ਵਧ ਰਹੇ ਕੂੜੇ ਦੇ ਢੇਰਾਂ ਕਾਰਨ ਇਲਾਕਾ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਡੰਪਿੰਗ ਗਰਾਊਂਡ ‘ਚ ਲੰਬੇ ਸਮੇਂ ਤੋਂ ਇਕੱਠਾ ਹੋ ਰਿਹਾ ਕੂੜਾ ਹੁਣ ਲੋਕਾਂ ਲਈ ਵੱਡੀ ਸਮੱਸਿਆ ਬਣਦਾ ਜਾ ਰਿਹਾ ਹੈ।
ਜ਼ੀਰਕਪੁਰ, 29 ਨਵੰਬਰ (ਮਨਿੰਦਰ ਸਿੰਘ)-ਪੀਰਮੁਛੱਲਾ ਸਥਿਤ ਡੰਪਿੰਗ ਗਰਾਊਂਡ ‘ਚ ਦਿਨੋਂ-ਦਿਨ ਵਧ ਰਹੇ ਕੂੜੇ ਦੇ ਢੇਰਾਂ ਕਾਰਨ ਇਲਾਕਾ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਡੰਪਿੰਗ ਗਰਾਊਂਡ ‘ਚ ਲੰਬੇ ਸਮੇਂ ਤੋਂ ਇਕੱਠਾ ਹੋ ਰਿਹਾ ਕੂੜਾ ਹੁਣ ਲੋਕਾਂ ਲਈ ਵੱਡੀ ਸਮੱਸਿਆ ਬਣਦਾ ਜਾ ਰਿਹਾ ਹੈ। ਕੂੜੇ ਦੇ ਪਹਾੜਾਂ ਤੇ ਆਲੇ-ਦੁਆਲੇ ਫੈਲੀ ਗੰਦਗੀ ਕਾਰਨ ਇਲਾਕੇ ਦੀ ਸਫ਼ਾਈ ਵਿਵਸਥਾ ‘ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ। ਨਗਰ ਕੌਂਸਲ ਜ਼ੀਰਕਪੁਰ ਦੇ ਸਾਬਕਾ ਪ੍ਰਧਾਨ ਉਦੈਵੀਰ ਸਿੰਘ ਢਿੱਲੋਂ ਨੇ ਸਥਾਨਕ ਕੌਂਸਲਰ ਤੇ ਵਸਨੀਕਾਂ ਨੂੰ ਨਾਲ ਲੈ ਕੇ ਡੰਪਿੰਗ ਗਰਾਊਂਡ ਦਾ ਦੌਰਾ ਕੀਤਾ ਅਤੇ ਨਗਰ ਕੌਂਸਲ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ। ਇਸ ਮੌਕੇ ਉਨ੍ਹਾਂ ਕਿਹਾ ਕਿ ਡੰਪਿੰਗ ਗਰਾਊਂਡ ਦੀ ਸਮੱਸਿਆ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਹੈ, ਪਰ ਇਸ ਦੇ ਹੱਲ ਲਈ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਕੂੜੇ ਦੇ ਢੇਰਾਂ ਨੂੰ ਨਾ ਹਟਾਇਆ ਗਿਆ ਤਾਂ ਆਉਣ ਵਾਲੇ ਸਮੇਂ ‘ਚ ਇਹ ਸਮੱਸਿਆ ਹੋਰ ਵੀ ਵਿਕਰਾਲ ਰੂਪ ਧਾਰਨ ਕਰ ਸਕਦੀ ਹੈ। ਇਸ ਮੌਕੇ ਸਥਾਨਕ ਲੋਕਾਂ ਨੇ ਸਰਕਾਰ ਤੇ ਨਗਰ ਕੌਂਸਲ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੀਰਮੁਛੱਲਾ ਦੇ ਡੰਪਿੰਗ ਗਰਾਊਂਡ ‘ਚੋਂ ਕੂੜਾ ਤੁਰੰਤ ਚੁਕਵਾਇਆ ਜਾਵੇ ਅਤੇ ਇਸ ਸਮੱਸਿਆ ਦਾ ਸਥਾਈ ਹੱਲ ਲੱਭਿਆ ਜਾਵੇ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ।