ਵਿੱਤ ਮੰਤਰੀ ਵਲੋਂ ਸੰਘਰਸ਼ਸ਼ੀਲ ਕਰਮਚਾਰੀਆਂ ਪ੍ਰਤੀ ਵਰਤੀ ਸ਼ਬਦਾਵਲੀ ਦੀ ਤਿੱਖੀ ਨਿੰਦਾ
ਮਾਨਸਾ, 11 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਵਿੱਤ ਮੰਤਰੀ ਪੰਜਾਬ ਵਲੋਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨੂੰ ‘ਐਂਟੀ ਸਟੇਟ’ (ਸੂਬਾ ਵਿਰੋਧੀ) ਆਖੇ ਜਾਣ ’ਤੇ ਕਰਮਚਾਰੀਆਂ ’ਚ ਰੋਸ ਫੈਲ ਗਿਆ ਹੈ। ਇਸ ਦੇ ਵਿਰੋਧ ’ਚ ਸਥਾਨਕ ਸਿਵਲ ਸਰਜਨ ਦਫ਼ਤਰ ਵਿਖੇ ਮੁਲਾਜ਼ਮਾਂ ਨੇ ਗੇਟ ਰੈਲੀ ਕਰ ਕੇ ਵਿੱਤ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਮਾਨਸਾ, 11 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਵਿੱਤ ਮੰਤਰੀ ਪੰਜਾਬ ਵਲੋਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨੂੰ ‘ਐਂਟੀ ਸਟੇਟ’ (ਸੂਬਾ ਵਿਰੋਧੀ) ਆਖੇ ਜਾਣ ’ਤੇ ਕਰਮਚਾਰੀਆਂ ’ਚ ਰੋਸ ਫੈਲ ਗਿਆ ਹੈ। ਇਸ ਦੇ ਵਿਰੋਧ ’ਚ ਸਥਾਨਕ ਸਿਵਲ ਸਰਜਨ ਦਫ਼ਤਰ ਵਿਖੇ ਮੁਲਾਜ਼ਮਾਂ ਨੇ ਗੇਟ ਰੈਲੀ ਕਰ ਕੇ ਵਿੱਤ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸੰਬੋਧਨ ਕਰਦਿਆਂ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਖੁਡਾਲ ਨੇ ਕਿਹਾ ਕਿ ਕਰਮਚਾਰੀ ਪਿਛਲੇ ਸਮੇਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਸ਼ਾਂਤਮਈ ਢੰਗ ਨਾਲ ਆਵਾਜ਼ ਉਠਾਉਣ ਵਾਲੇ ਮੁਲਾਜ਼ਮਾਂ ਪ੍ਰਤੀ ਅਜਿਹਾ ਸ਼ਬਦ ਵਰਤਣਾ ਸਰਕਾਰ ਦੀ ਬੌਖਲਾਹਟ ਦਾ ਸਬੂਤ ਹੈ ਜੋ ਬਰਦਾਸ਼ਤ ਕਰਨ ਯੋਗ ਨਹੀਂ। ਸਿਹਤ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਨੇ ਦੋਸ਼ ਲਗਾਇਆ ਕਿ ਸਰਕਾਰ ਪੁਰਾਣੀ ਪੈਨਸ਼ਨ ਸਕੀਮ, ਪੇਅ-ਕਮਿਸ਼ਨ ਦੇ ਬਕਾਏ, ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ, ਡੀ.ਏ. ਅਤੇ ਭੱਤਿਆਂ ਦੀ ਬਹਾਲੀ ਵਰਗੀਆਂ ਮੰਗਾਂ ਮੰਨਣ ਤੋਂ ਭੱਜ ਰਹੀ ਹੈ। ਡੀ.ਸੀ. ਦਫ਼ਤਰ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਹਰਪ੍ਰੀਤ ਸਿੰਘ ਬਿੱਟੂ ਨੇ ਐਲਾਨ ਕੀਤਾ ਕਿ ਜੇਕਰ ਵਿੱਤ ਮੰਤਰੀ ਨੇ ਸ਼ਬਦ ਤੁਰੰਤ ਵਾਪਸ ਨਾ ਲਏ ਤਾਂ 13 ਅਗਸਤ ਨੂੰ ਉਨ੍ਹਾਂ ਦਾ ਪੁਤਲਾ ਫ਼ੂਕ ਕੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ ਅਤੇ ਮੰਗਾਂ ਨਾ ਮੰਨਣ ’ਤੇ 17 ਤੇ 18 ਅਗਸਤ ਨੂੰ ਜ਼ਿਲ੍ਹੇ ਦੇ ਸਰਕਾਰੀ ਦਫ਼ਤਰਾਂ ’ਚ ਹੜਤਾਲ ਕੀਤੀ ਜਾਵੇਗੀ। ਇਸ ਮੌਕੇ ਅੰਮ੍ਰਿਤਪਾਲ ਸਿੰਘ, ਬੂਟਾ ਸਿੰਘ, ਰਕੇਸ਼ ਕੁਮਾਰ, ਵਿਸ਼ਾਲ ਕੁਮਾਰ, ਲਵਦੀਪ ਕੁਮਾਰ, ਹਰਮਿੰਦਰ ਸਿੰਘ, ਗੁਰਪ੍ਰੀਤ ਸਿੰਘ, ਲਲਿਤ ਕੁਮਾਰ, ਲਵਲੀ ਗੋਇਲ, ਕ੍ਰਿਸ਼ਨ ਕੁਮਾਰ, ਸੰਤੋਸ਼ ਭਾਰਤੀ, ਅਮਰੀਕ ਸਿੰਘ, ਜਸਪ੍ਰੀਤ ਕੌਰ, ਸੰਦੀਪ ਕੌਰ, ਹਰਪ੍ਰੀਤ ਕੌਰ, ਸ਼ੈਲੀ ਰਾਣੀ ਆਦਿ ਹਾਜ਼ਰ ਸਨ।