ਮਾਰੇ ਗਏ ਮਨਰੇਗਾ ਮਜ਼ਦੂਰਾਂ ਦੇ ਵਾਰਿਸਾਂ ਨੂੰ ਦੋ ਲੱਖ ਦਾ ਮੁਆਵਜ਼ਾ ਮਜ਼ਾਕ ਕਰਾਰ ਦਿੱਤਾ
ਬਠਿੰਡਾ, 21 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਚੱਕ ਅਲੀਸ਼ੇਰ ਵਿਖੇ ਮਾਰੇ ਗਏ 8 ਮਨਰੇਗਾ ਮਜ਼ਦੂਰਾਂ ਦੇ ਵਾਰਿਸਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਐਲਾਨੇ ਦੋ-ਦੋ ਲੱਖ ਰੁਪਏ ਦੇ ਮੁਆਵਜ਼ੇ ਨੂੰ ਕੋਝਾ ਮਜ਼ਾਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਹਾਦਸੇ ਦੇ ਚਾਰ ਦਿਨ ਬੀਤਣ ਤੋਂ ਬਾਅਦ ਵੀ ‘ਆਪ’ ਸਰਕਾਰ ਵਲੋਂ ਪੀੜ੍ਹਤਾਂ ਦੇ ਵਾਰਿਸਾਂ ਨੂੰ ਪੰਜਾਹ ਲੱਖ ਦੇ ਮੁਆਵਜ਼ੇ ਸਮੇਤ ਬਾਕੀ ਮੰਗਾਂ ਪ੍ਰਤੀ ਸਾਰਥਿਕ ਹੁੰਗਾਰਾ ਨਹੀਂ ਭਰਿਆ ਗਿਆ ਜੋ ਕਿ ਸਰਕਾਰ ਦੇ ਮਜ਼ਦੂਰ ਵਿਰੋਧੀ ਰਵੱਈਏ ਇਕ ਹੋਰ ਸਬੂਤ ਹੈ।
ਬਠਿੰਡਾ, 21 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਚੱਕ ਅਲੀਸ਼ੇਰ ਵਿਖੇ ਮਾਰੇ ਗਏ 8 ਮਨਰੇਗਾ ਮਜ਼ਦੂਰਾਂ ਦੇ ਵਾਰਿਸਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਐਲਾਨੇ ਦੋ-ਦੋ ਲੱਖ ਰੁਪਏ ਦੇ ਮੁਆਵਜ਼ੇ ਨੂੰ ਕੋਝਾ ਮਜ਼ਾਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਹਾਦਸੇ ਦੇ ਚਾਰ ਦਿਨ ਬੀਤਣ ਤੋਂ ਬਾਅਦ ਵੀ ‘ਆਪ’ ਸਰਕਾਰ ਵਲੋਂ ਪੀੜ੍ਹਤਾਂ ਦੇ ਵਾਰਿਸਾਂ ਨੂੰ ਪੰਜਾਹ ਲੱਖ ਦੇ ਮੁਆਵਜ਼ੇ ਸਮੇਤ ਬਾਕੀ ਮੰਗਾਂ ਪ੍ਰਤੀ ਸਾਰਥਿਕ ਹੁੰਗਾਰਾ ਨਹੀਂ ਭਰਿਆ ਗਿਆ ਜੋ ਕਿ ਸਰਕਾਰ ਦੇ ਮਜ਼ਦੂਰ ਵਿਰੋਧੀ ਰਵੱਈਏ ਇਕ ਹੋਰ ਸਬੂਤ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਸੰਗਰੂਰ ਜ਼ਿਲ੍ਹੇ ’ਚ ਫੇਰੀ ਪਾਉਣ ਦੇ ਬਾਵਜੂਦ ਇਨ੍ਹਾਂ ਪੀੜਤ ਪਰਿਵਾਰਾਂ ਪ੍ਰਤੀ ਇਕ ਸ਼ਬਦ ਵੀ ਨਾ ਕਹਿਣਾ ਇਨ੍ਹਾਂ ਪਾਰਟੀਆਂ ਅਤੇ ਸਰਕਾਰਾਂ ਦੀ ਮਜ਼ਦੂਰ ਤੇ ਲੋਕ ਵਿਰੋਧੀ ਸੋਚ ਦਾ ਸਬੂਤ ਹੈ। ਆਗੂਆਂ ਨੇ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਲਹਿਰਾਗਾਗਾ ਜਾਖਲ ਰੋਡ ’ਤੇ ਲੱਗੇ ਮੋਰਚੇ ’ਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਲਗਾਤਾਰ ਡਟੀ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਮ੍ਰਿਤਕਾਂ ਦੇ ਵਾਰਿਸਾਂ ਨੂੰ ਪੰਜਾਹ-ਪੰਜਾਹ ਲੱਖ ਰੁਪਏ ਮੁਆਵਜ਼ਾ, ਇਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ, ਕਰਜ਼ਾ ਖ਼ਤਮ ਕੀਤਾ ਜਾਵੇ ਅਤੇ ਜ਼ਖਮੀਆਂ ਦਾ ਸਰਕਾਰੀ ਖਰਚੇ ’ਤੇ ਇਲਾਜ ਕਰਾਉਣ ਤੋਂ ਇਲਾਵਾ ਵੀਹ-ਵੀਹ ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ ਅਤੇ ਹਾਦਸੇ ਦੇ ਜ਼ਿੰਮੇਵਾਰਾਂ ’ਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ ਅਤੇ ਅੱਗੇ ਤੋਂ ਮਨਰੇਗਾ ਮਜ਼ਦੂਰਾਂ ਦੀ ਕੰਮ ਦੌਰਾਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ।