ਸੰਯੁਕਤ ਕਿਸਾਨ ਮੋਰਚਾ ਵਲੋਂ ਰੋਸ ਧਰਨਾ, ਰਾਸ਼ਟਰਪਤੀ ਦੇ ਨਾਂਅ ਐਸ.ਡੀ.ਐਮ. ਨੂੰ ਮੰਗ ਪੱਤਰ ਸੌਂਪਿਆ
ਬੁਢਲਾਡਾ, 23 ਅਕਤੂਬਰ (ਸੁਨੀਲ ਮਨਚੰਦਾ)- ਸੰਯੁਕਤ ਕਿਸਾਨ ਮੋਰਚੇ ਦੇ ਦੇਸ਼-ਵਿਆਪੀ ਸੱਦੇ ਤਹਿਤ ਐਸ. ਡੀ.
ਬੁਢਲਾਡਾ, 23 ਅਕਤੂਬਰ (ਸੁਨੀਲ ਮਨਚੰਦਾ)- ਸੰਯੁਕਤ ਕਿਸਾਨ ਮੋਰਚੇ ਦੇ ਦੇਸ਼-ਵਿਆਪੀ ਸੱਦੇ ਤਹਿਤ ਐਸ.ਡੀ.ਐਮ. ਦਫ਼ਤਰ ਬੁਢਲਾਡਾ ਅੱਗੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਰੋਸ ਧਰਨਾ ਦਿੱਤਾ ਗਿਆ। ਉਨ੍ਹਾਂ ਦੇਸ਼ ਦੇ ਰਾਸ਼ਟਰਪਤੀ ਦੇ ਨਾਂਅ ਮੰਗ-ਪੱਤਰ ਐਸ.ਡੀ.ਐਮ. ਨੂੰ ਸੌਂਪਿਆ ਗਿਆ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਦੀਆਂ ਲੋਕਤੰਤਰ-ਵਿਰੋਧੀ ਨੀਤੀਆਂ ਅਤੇ ਪ੍ਰਦਰਸ਼ਨਕਾਰੀਆਂ ’ਤੇ ਹੋ ਰਹੇ ਸਰਕਾਰੀ ਜ਼ੁਲਮਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਸੰਬੋਧਨ ਕਰਦਿਆਂ ਵੱਖ-ਵੱਖ ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਚੋਣ ਕਮਿਸ਼ਨ ਦੀ ਦੁਰਵਰਤੋਂ ਕਰ ਕੇ ਨਾਗਰਿਕਾਂ ਦੇ ਵੋਟ ਦੇ ਅਧਿਕਾਰ ਨੂੰ ਕੁਚਲਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਵੋਟਰ ਸੂਚੀਆਂ ਵਿਚੋਂ ਬਿਨਾਂ ਪਾਰਦਰਸ਼ਤਾ ਕੱਟੇ ਗਏ 13.41 ਕਰੋੜ ਨਾਗਰਿਕਾਂ ਦੇ ਨਾਮ ਬਿਨਾਂ ਦੇਰੀ ਬਹਾਲ ਕੀਤੇ ਜਾਣ। ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵੱਲੋਂ ਸੰਵਿਧਾਨਕ ਸਹੁੰ ਦੀ ਉਲੰਘਣਾ ਕਰਨ ’ਤੇ ਉਨ੍ਹਾਂ ਨੂੰ ਤੁਰੰਤ ਅਹੁਦੇ ਤੋਂ ਹਟਾ ਕੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਚੋਣ ਕਮਿਸ਼ਨਰਾਂ ਦੀ ਨਿਯੁਕਤੀ ਪੈਨਲ ਵਿਚ ਸੁਧਾਰ ਕਰ ਕੇ ਕੈਬਨਿਟ ਮੰਤਰੀ ਦੀ ਥਾਂ ਮੁੜ ਭਾਰਤ ਦੇ ਚੀਫ਼ ਜਸਟਿਸ ਨੂੰ ਸ਼ਾਮਲ ਕੀਤਾ ਜਾਵੇ। ਦੇਸ਼ ਵਿਚ ’ਅਨੁਪਾਤਕ ਪ੍ਰਤੀਨਿਧਤਾ’ ਪ੍ਰਣਾਲੀ ਲਾਗੂ ਕੀਤੀ ਜਾਵੇ ਅਤੇ ਚੋਣਾਂ ਵਿਚ ਪੈਸੇ ਤੇ ਬਾਹੂ-ਬਲ ਦੇ ਪ੍ਰਭਾਵ ਨੂੰ ਰੋਕਣ ਲਈ ਸਰਕਾਰੀ ਫੰਡਿੰਗ ਦੀ ਵਿਵਸਥਾ ਬਣਾਈ ਜਾਵੇ। ਧਰਨੇ ਦੌਰਾਨ ਇਨਕਲਾਬੀ ਗਾਇਕ ਅਜਮੇਰ ਸਿੰਘ ਅਕਲੀਆ ਨੇ ਗੀਤਾਂ ਰਾਹੀਂ ਇਕੱਠ ’ਚ ਜੋਸ਼ ਭਰਿਆ। ਇਸ ਮੌਕੇ ਮਹਿੰਦਰ ਸਿੰਘ, ਦਰਸ਼ਨ ਸਿੰਘ, ਸੁਖਦੇਵ ਸਿੰਘ, ਨਾਜ਼ਰ ਸਿੰਘ, ਗੁਲਜ਼ਾਰ ਸਿੰਘ, ਸੀਤਾ ਸਿੰਘ, ਜਰਨੈਲ ਸਿੰਘ, ਜਗਮੋਹਨ ਸਿੰਘ, ਮੋਹਨ ਸਿੰਘ ਆਦਿ ਹਾਜ਼ਰ ਸਨ।