ਮੰਡੀਆਂ ’ਚ ਝੋਨੇ ਦੀ ਖ਼ਰੀਦ ਨਾ ਹੋਣ ਤੋਂ ਨਿਰਾਸ਼ ਕਿਸਾਨਾਂ ਨੇ ਹਾਈਵੇ ’ਤੇ ਲਗਾਇਆ ਧਰਨਾ
ਬਰੇਟਾ, 15 ਨਵੰਬਰ (ਪਾਲ ਸਿੰਘ ਮੰਡੇਰ)- ਮੰਡੀਆਂ ਵਿਚ ਝੋਨੇ ਦੀ ਫ਼ਸਲ ਦੀ ਸਹੀ ਢੰਗ ਨਾਲ ਖ਼ਰੀਦ ਨਾ ਹੋਣ ਕਾਰਨ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਵਰਕਰਾਂ ਅਤੇ ਕਿਸਾਨਾਂ ਨੇ ਬੁਢਲਾਡਾ-ਜਾਖ਼ਲ ਹਾਈਵੇ ਬਰੇਟਾ ਡਰੇਨ ’ਤੇ ਧਰਨਾ ਲਗਾ ਕੇ ਆਵਾਜਾਈ ਠੱਪ ਕਰ ਦਿੱਤੀ। ਧਰਨੇ ਕਾਰਨ ਹਾਈਵੇ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਅਤੇ ਆਉਣ-ਜਾਣ ਵਾਲੇ ਰਾਹਗੀਰਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਬਰੇਟਾ, 15 ਨਵੰਬਰ (ਪਾਲ ਸਿੰਘ ਮੰਡੇਰ)- ਮੰਡੀਆਂ ਵਿਚ ਝੋਨੇ ਦੀ ਫ਼ਸਲ ਦੀ ਸਹੀ ਢੰਗ ਨਾਲ ਖ਼ਰੀਦ ਨਾ ਹੋਣ ਕਾਰਨ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਵਰਕਰਾਂ ਅਤੇ ਕਿਸਾਨਾਂ ਨੇ ਬੁਢਲਾਡਾ-ਜਾਖ਼ਲ ਹਾਈਵੇ ਬਰੇਟਾ ਡਰੇਨ ’ਤੇ ਧਰਨਾ ਲਗਾ ਕੇ ਆਵਾਜਾਈ ਠੱਪ ਕਰ ਦਿੱਤੀ। ਧਰਨੇ ਕਾਰਨ ਹਾਈਵੇ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਅਤੇ ਆਉਣ-ਜਾਣ ਵਾਲੇ ਰਾਹਗੀਰਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਸੰਬੋਧਨ ਕਰਦਿਆਂ ਕਿਸਾਨ ਆਗੂ ਜੋਗਿੰਦਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਮੰਡੀਆਂ ’ਚ ਝੋਨੇ ਦੀਆਂ ਢੇਰੀਆਂ ਕਈ-ਕਈ ਦਿਨਾਂ ਤੋਂ ਖ਼ਰੀਦ ਦੀ ਉਡੀਕ ’ਚ ਪਈਆਂ ਹਨ ਪਰ ਨਾ ਤਾਂ ਸਮੇਂ ਸਿਰ ਬੋਲੀ ਲੱਗ ਰਹੀ ਹੈ ਅਤੇ ਨਾ ਹੀ ਚੁਕਾਈ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦਿਨ-ਰਾਤ ਮੰਡੀਆਂ ’ਚ ਬੈਠ ਕੇ ਆਪਣੀ ਫ਼ਸਲ ਦੀ ਰਾਖੀ ਕਰਨ ਲਈ ਮਜਬੂਰ ਹਨ ਜਦਕਿ ਮੌਸਮ ਦੀ ਮਾਰ ਦਾ ਖ਼ਤਰਾ ਵੀ ਲਗਾਤਾਰ ਬਣਿਆ ਹੋਇਆ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ’ਤੇ ਕਿਸਾਨਾਂ ਦੀਆਂ ਸਮੱਸਿਆਵਾਂ ਪ੍ਰਤੀ ਅਣਗਹਿਲੀ ਵਰਤਣ ਦਾ ਦੋਸ਼ ਲਗਾਉਂਦਿਆਂ ਮੰਗ ਕੀਤੀ ਕਿ ਝੋਨੇ ਦੀ ਖ਼ਰੀਦ ਤੁਰੰਤ ਸ਼ੁਰੂ ਕਰਵਾਈ ਜਾਵੇ, ਫ਼ਸਲ ਦੀ ਸਮੇਂ ਸਿਰ ਲਿਫ਼ਟਿੰਗ ਯਕੀਨੀ ਬਣਾਈ ਜਾਵੇ ਅਤੇ ਕਿਸਾਨਾਂ ਨੂੰ ਸਰਕਾਰੀ ਘੱਟੋ-ਘੱਟ ਸਮਰਥਨ ਮੁੱਲ ’ਤੇ ਪੂਰੀ ਅਦਾਇਗੀ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਸੂਚਨਾ ਮਿਲਣ ’ਤੇ ਪੁਲਿਸ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਕਿਸਾਨ ਆਗੂਆਂ ਨਾਲ ਗੱਲਬਾਤ ਕਰ ਕੇ ਮਸਲੇ ਦੇ ਹੱਲ ਦਾ ਭਰੋਸਾ ਦਿੱਤਾ। ਇਸ ਮੌਕੇ ਪਨਗਰੇਨ ਦੇ ਡੀ. ਐਫ. ਓ. ਨੇ ਵਿਸ਼ਵਾਸ ਦਿਵਾਇਆ ਕਿ 18 ਪ੍ਰਤੀਸ਼ਤ ਨਮੀ ਤੱਕ ਝੋਨੇ ਦੀ ਖ਼ਰੀਦ ਕੀਤੀ ਜਾਵੇਗੀ। ਸ਼ੈਲਰ ਮਾਲਕਾਂ ਦੇ ਮੀਟਰ ਨਮੀ ਮਾਪਣ ਲਈ ਨਹੀਂ ਵਰਤੇ ਜਾਣਗੇ ਅਤੇ ਮਾਰਕੀਟ ਕਮੇਟੀ ਦੇ ਨਮੀ ਮੀਟਰ ਚੱਲਣਗੇ। ਧਰਨੇ ਨੂੰ ਮੇਜਰ ਸਿੰਘ ਗੋਬਿੰਦਪੁਰਾ, ਕਪੂਰ ਸਿੰਘ ਦਰੀਆਪੁਰ, ਜੀਤੀ ਸਿੰਘ ਗੁਰਨੇ, ਜੁਗਰਾਜ ਸਿੰਘ ਖੁਰਾਣਾ, ਸਰੋਜ ਰਾਣੀ ਦਿਆਲਪੁਰਾ, ਜਸਵਿੰਦਰ ਕੌਰ ਬਹਾਦਰਪੁਰ, ਜੋਤੀ ਕੌਰ ਭਾਦੜਾ ਆਦਿ ਨੇ ਸੰਬੋਧਨ ਕੀਤਾ।