ਸ਼ਿਵਾਲਿਕ ਹਿਲਜ਼ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ
ਰਾਮਪੁਰਾ ਫੂਲ, 23 ਨਵੰਬਰ (ਹੇਮੰਤ ਕੁਮਾਰ ਸ਼ਰਮਾ): ਸੀ. ਬੀ.
ਰਾਮਪੁਰਾ ਫੂਲ, 23 ਨਵੰਬਰ (ਹੇਮੰਤ ਕੁਮਾਰ ਸ਼ਰਮਾ): ਸੀ.ਬੀ.ਐੱਸ.ਈ., ਨਵੀਂ ਦਿੱਲੀ ਤੋਂ ਬਾਰ੍ਹਵੀਂ ਜਮਾਤ ਤੱਕ ਮਾਨਤਾ ਪ੍ਰਾਪਤ ਸ਼ਿਵਾਲਿਕ ਹਿਲਜ਼ ਪਬਲਿਕ ਸਕੂਲ, ਰਾਮਪੁਰਾ ਫੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਭਾਵਨਾ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉੱਚੇ-ਸੁੱਚੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਵਲੋਂ ਸੰਗਤ ਦੇ ਰੂਪ ਵਿਚ ਸਕੂਲ ਦੀ ਕਲੋਨੀ ਵਿਚ ਪ੍ਰਭਾਤ ਫੇਰੀ ਕੱਢੀ ਗਈ। ਇਸ ਉਪਰੰਤ ਵਿਦਿਆਰਥੀਆਂ ਨੇ ਰਸਭਿੰਨਾ ਕੀਰਤਨ ਕੀਤਾ, ਜਿਸ ਨਾਲ ਸਾਰਾ ਵਾਤਾਵਰਨ ਅਧਿਆਤਮਿਕ ਅਤੇ ਆਨੰਦਮਈ ਹੋ ਗਿਆ। ਇਸ ਦੌਰਾਨ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਨਿਸ਼ਾ ਮੈਡਮ ਵਲੋਂ ਗੁਰੂ ਕੀਰਤਨ ਦਾ ਗਾਇਨ ਕੀਤਾ ਗਿਆ। ਜਸਵੀਰ ਕੌਰ ਨੇ ਵਿਦਿਆਰਥੀਆਂ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਹਾਨ ਉਪਦੇਸ਼ਾਂ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਕੇਵਲ ਗੁਰਪੁਰਬ ਮਨਾਉਣ ਤੱਕ ਸੀਮਤ ਨਹੀਂ ਹਨ, ਸਗੋਂ ਇਹ ਸਾਡੇ ਰੋਜ਼ਾਨਾ ਜੀਵਨ ਨੂੰ ਸਹੀ ਦਿਸ਼ਾ ਦੇਣ ਅਤੇ ਚੰਗਾ ਇਨਸਾਨ ਬਣਨ ਲਈ ਪ੍ਰੇਰਿਤ ਕਰਦੀਆਂ ਹਨ। ਦਮਨ ਮੈਡਮ ਵਲੋਂ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖੀ ਸਿਧਾਂਤਾਂ ਅਤੇ ਉਨ੍ਹਾਂ ਦੀਆਂ ਰਚਨਾਵਾਂ ਨਾਲ ਸਬੰਧਿਤ ਪ੍ਰਸ਼ਨ ਪੁੱਛੇ ਗਏ, ਜਿਨ੍ਹਾਂ ਵਿਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਚੇਅਰਮੈਨ ਗਗਨਦੀਪ ਸ਼ਰਮਾ ਅਤੇ ਮੈਡਮ ਆਕਾਸ਼ਦੀਪ ਸ਼ਰਮਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਸਾਡੇ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਹੈ। ਜੇਕਰ ਅਸੀਂ ਗੁਰੂ ਸਾਹਿਬ ਦੇ ਜੀਵਨ ਵਿਚੋਂ ਥੋੜ੍ਹੀ ਜਿਹੀ ਵੀ ਪ੍ਰੇਰਨਾ ਲੈ ਕੇ ਉਨ੍ਹਾਂ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਈਏ ਤਾਂ ਅਸੀਂ ਆਪਣੇ ਜੀਵਨ ਨੂੰ ਹੋਰ ਵੀ ਸੁਚੱਜਾ ਅਤੇ ਸਾਰਥਿਕ ਬਣਾ ਸਕਦੇ ਹਾਂ। ਇਸ ਮੌਕੇ ਪ੍ਰਿੰਸੀਪਲ ਰਵਿੰਦਰ ਪਾਲ ਨੇ ਵੀ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਅਨੁਸਾਰ ਆਪਸੀ ਪਿਆਰ ਅਤੇ ਮਿਲਵਰਤਣ ਨਾਲ ਰਹਿਣਾ ਚਾਹੀਦਾ ਹੈ ਅਤੇ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ।