ਕਣਕ ਦੇ ਭਾਅ ਵਿਚ ਮਾਮੂਲੀ ਵਾਧੇ ’ ਤੇ ਇਲਾਕਾ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਨਾਰਾਜ਼ਗੀ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਦੀ ਮੰਗ
ਘਨੌਲੀ, 3 ਅਕਤੂਬਰ (ਜਸਵੀਰ ਸਿੰਘ ਸੈਣੀ)-ਇਲਾਕਾ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਅਤੇ ਆਗੂਆਂ ਦੀ ਇੱਕ ਭਰਵੀਂ ਮੀਟਿੰਗ ਪਿੰਡ ਲੋਦੀ ਮਾਜਰਾ ਵਿਖੇ ਹੋਈ। ਮੀਟਿੰਗ ਦੌਰਾਨ ਕਿਸਾਨੀ ਨਾਲ ਸਬੰਧਿਤ ਮੌਜੂਦਾ ਹਾਲਾਤ, ਖੇਤੀ ਦੀਆਂ ਵੱਧ ਰਹੀਆਂ ਲਾਗਤਾਂ ਅਤੇ ਫ਼ਸਲਾਂ ਦੇ ਭਾਅ ਸਮੇਤ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਚਾਰ - ਵਟਾਂਦਰਾ ਕੀਤਾ ਗਿਆ।
ਘਨੌਲੀ, 3 ਅਕਤੂਬਰ (ਜਸਵੀਰ ਸਿੰਘ ਸੈਣੀ)-ਇਲਾਕਾ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਅਤੇ ਆਗੂਆਂ ਦੀ ਇੱਕ ਭਰਵੀਂ ਮੀਟਿੰਗ ਪਿੰਡ ਲੋਦੀ ਮਾਜਰਾ ਵਿਖੇ ਹੋਈ। ਮੀਟਿੰਗ ਦੌਰਾਨ ਕਿਸਾਨੀ ਨਾਲ ਸਬੰਧਿਤ ਮੌਜੂਦਾ ਹਾਲਾਤ, ਖੇਤੀ ਦੀਆਂ ਵੱਧ ਰਹੀਆਂ ਲਾਗਤਾਂ ਅਤੇ ਫ਼ਸਲਾਂ ਦੇ ਭਾਅ ਸਮੇਤ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਚਾਰ - ਵਟਾਂਦਰਾ ਕੀਤਾ ਗਿਆ। ਇਸ ਮੌਕੇ ਨਿਰਮਲ ਸਿੰਘ ਲੋਦੀ ਮਾਜਰਾ ਅਤੇ ਕਮੇਟੀ ਦੇ ਸਕੱਤਰ ਗਿਆਨ ਸਿੰਘ ਨੇ ਕਿਹਾ ਕਿ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਕੇਂਦਰ ਸਰਕਾਰ ਵਲੋਂ ਕੀਤਾ ਗਿਆ ਮਾਮੂਲੀ ਵਾਧਾ ਕਿਸਾਨਾਂ ਦੀਆਂ ਵੱਧ ਰਹੀਆਂ ਖੇਤੀ ਲਾਗਤਾਂ ਦੇ ਮੁਕਾਬਲੇ ਕਾਫ਼ੀ ਨਹੀਂ ਹੈ। ਉਨ੍ਹਾਂ ਕਿਹਾ ਕਿ ਬੀਜ, ਖਾਦਾਂ, ਕੀਟਨਾਸ਼ਕ ਦਵਾਈਆਂ, ਸਪਰੇਅ, ਖੇਤੀ ਮਸ਼ੀਨਰੀ ਅਤੇ ਹੋਰ ਸੰਦਾਂ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ, ਜਿਸ ਨਾਲ ਕਿਸਾਨਾਂ ਲਈ ਖੇਤੀ ਕਰਨਾ ਦਿਨੋਂ-ਦਿਨ ਔਖਾ ਹੁੰਦਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਦੇਸ਼ ਦੀ ਅਰਥਵਿਵਸਥਾ ਅਤੇ ਅਨਾਜ ਸੁਰੱਖਿਆ ਵਿਚ ਅਹਿਮ ਯੋਗਦਾਨ ਪਾ ਰਹੇ ਹਨ, ਪਰ ਇਸ ਦੇ ਬਾਵਜੂਦ ਖੇਤੀ ਨਾਲ ਜੁੜੀਆਂ ਸਮੱਸਿਆਵਾਂ ਦਾ ਢੁਕਵਾਂ ਹੱਲ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫ਼ਸਲਾਂ ਦਾ ਅਜਿਹਾ ਲਾਹੇਵੰਦ ਭਾਅ ਮਿਲਣਾ ਚਾਹੀਦਾ ਹੈ, ਜਿਸ ਨਾਲ ਖੇਤੀ ਦੀ ਲਾਗਤ ਪੂਰੀ ਹੋਣ ਦੇ ਨਾਲ ਕਿਸਾਨ ਦੇ ਪਰਿਵਾਰ ਦੀ ਆਰਥਿਕ ਸਥਿਤੀ ਵੀ ਮਜ਼ਬੂਤ ਹੋ ਸਕੇ। ਆਗੂਆਂ ਨੇ ਇਹ ਵੀ ਦੋਸ਼ ਲਗਾਇਆ ਕਿ ਸਰਕਾਰਾਂ ਦੀਆਂ ਕੁੱਝ ਨੀਤੀਆਂ ਦਾ ਲਾਭ ਵੱਡੇ ਪੂੰਜੀਪਤੀ ਅਤੇ ਕਾਰਪੋਰੇਟ ਘਰਾਣੇ ਲੈ ਰਹੇ ਹਨ, ਜਦਕਿ ਛੋਟੇ ਅਤੇ ਦਰਮਿਆਨੇ ਕਿਸਾਨਾਂ ’ਤੇ ਆਰਥਿਕ ਬੋਝ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਨੂੰ ਬਚਾਉਣ ਲਈ ਖੇਤੀ ਨਾਲ ਸਬੰਧਿਤ ਨੀਤੀਆਂ ਬਣਾਉਂਦੇ ਸਮੇਂ ਕਿਸਾਨਾਂ ਦੇ ਹਿਤਾਂ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ। ਮੀਟਿੰਗ ਦੌਰਾਨ ਆਗੂਆਂ ਨੇ ਡਾ. ਐੱਮ.ਐੱਸ. ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਵਾਜਬ ਅਤੇ ਲਾਹੇਵੰਦ ਮੁੱਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨੀ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਇਲਾਕਾ ਸੰਘਰਸ਼ ਕਮੇਟੀ ਵਲੋਂ ਆਉਣ ਵਾਲੇ ਸਮੇਂ ਵਿਚ ਵੀ ਆਪਣੀ ਆਵਾਜ਼ ਬੁਲੰਦ ਕੀਤੀ ਜਾਵੇਗੀ। ਇਸ ਮੌਕੇ ਸਾਬਕਾ ਸਰਪੰਚ ਬਲਵੀਰ ਸਿੰਘ, ਮਾਸਟਰ ਅਵਤਾਰ ਸਿੰਘ, ਮਾਸਟਰ ਜਗਤਾਰ ਸਿੰਘ, ਮੋਹਣ ਸਿੰਘ, ਹਰਿੰਦਰ ਸਿੰਘ, ਸੋਹਣ ਸਿੰਘ ਸਮੇਤ ਕਮੇਟੀ ਦੇ ਅਹੁਦੇਦਾਰ ਅਤੇ ਹੋਰ ਆਗੂ ਹਾਜ਼ਰ ਸਨ।