ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ
ਰੂਪਨਗਰ, 21 ਅਕਤੂਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪੁਲਿਸ ਰੂਪਨਗਰ ਵਲੋਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਅਮਨ-ਕਾਨੂੰਨ ਦੀ ਰਾਖੀ ਕਰਦਿਆਂ ਡਿਊਟੀ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਯਾਦ ਵਿਚ ਪੁਲਿਸ ਲਾਈਨ ਰੂਪਨਗਰ ਵਿਖੇ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਅਤੇ ਐਸ.
ਰੂਪਨਗਰ, 21 ਅਕਤੂਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪੁਲਿਸ ਰੂਪਨਗਰ ਵਲੋਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਅਮਨ-ਕਾਨੂੰਨ ਦੀ ਰਾਖੀ ਕਰਦਿਆਂ ਡਿਊਟੀ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਯਾਦ ਵਿਚ ਪੁਲਿਸ ਲਾਈਨ ਰੂਪਨਗਰ ਵਿਖੇ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਅਤੇ ਐਸ. ਐਸ. ਪੀ. ਮਨਿੰਦਰ ਸਿੰਘ ਸਮੇਤ ਸਿਵਲ ਤੇ ਪੁਲਿਸ ਅਧਿਕਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੇ ਸ਼ਹੀਦੀ ਸਮਾਰਕ ’ਤੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ। ਐਸ. ਐਸ. ਪੀ. ਮਨਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਇਤਿਹਾਸ ਕੁਰਬਾਨੀਆਂ, ਬਹਾਦਰੀ ਅਤੇ ਲੋਕ ਸੇਵਾ ਦੀਆਂ ਮਿਸਾਲਾਂ ਨਾਲ ਭਰਿਆ ਹੋਇਆ ਹੈ। ਪੁਲਿਸ ਜਵਾਨਾਂ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਕਾਇਮ ਰੱਖਣ ਅਤੇ ਸੂਬੇ ਵਿਚ ਸ਼ਾਂਤੀ ਤੇ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਸ਼ਹੀਦਾਂ ਦੀ ਬਹਾਦਰੀ, ਫਰਜ਼ ਪ੍ਰਤੀ ਸਮਰਪਣ ਅਤੇ ਦੇਸ਼ ਪ੍ਰਤੀ ਵਫ਼ਾਦਾਰੀ ਸਮੁੱਚੇ ਪੁਲਿਸ ਵਿਭਾਗ ਲਈ ਸਦਾ ਪ੍ਰੇਰਨਾ ਦਾ ਸਰੋਤ ਰਹੇਗੀ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਸ਼ਹੀਦਾਂ ਦੇ ਪਰਿਵਾਰਾਂ ਦੇ ਨਾਲ ਹਰ ਦੁੱਖ-ਸੁੱਖ ਵਿਚ ਖੜ੍ਹਾ ਹੈ। ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਉਨ੍ਹਾਂ ਬਹਾਦਰ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਦਾ ਮੌਕਾ ਹੈ, ਜਿਨ੍ਹਾਂ ਨੇ ਦੇਸ਼ ਅਤੇ ਸਮਾਜ ਦੀ ਸੁਰੱਖਿਆ ਲਈ ਆਪਣੀਆਂ ਜਾਨਾਂ ਦੀ ਪਰਵਾਹ ਕੀਤੇ ਬਿਨਾਂ ਫਰਜ਼ ਨਿਭਾਇਆ। ਸਮਾਗਮ ਦੌਰਾਨ ਹਰਸਿਮਰਤ ਸਿੰਘ ਸ਼ੇਤਰਾ, ਕਪਤਾਨ ਪੁਲਿਸ (ਹੈੱਡਕੁਆਰਟਰ), ਨੇ 1 ਸਤੰਬਰ 2024 ਤੋਂ 31 ਅਗਸਤ 2025 ਤੱਕ ਦੇਸ਼ ਭਰ ਵਿਚ ਸ਼ਹੀਦ ਹੋਏ 154 ਪੁਲਿਸ ਜਵਾਨਾਂ ਦੇ ਨਾਮ ਪੜ੍ਹ ਕੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਇਸ ਉਪਰੰਤ ਜਸ਼ਨਪ੍ਰੀਤ ਸਿੰਘ ਮਾਨ, ਉਪ-ਕਪਤਾਨ ਪੁਲਿਸ, ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਹੇਠ ਪੁਲਿਸ ਟੁਕੜੀ ਨੇ ਸ਼ੋਕ ਸਲਾਮੀ ਦਿੱਤੀ ਅਤੇ ਹਾਜ਼ਰੀਨ ਨੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਜ਼ਿਲ੍ਹੇ ਵਿਚ ਰਹਿ ਰਹੇ ਸ਼ਹੀਦ ਪੁਲਿਸ ਮੁਲਾਜ਼ਮਾਂ, ਪੰਜਾਬ ਹੋਮ ਗਾਰਡਜ਼ ਅਤੇ ਐਸ.ਪੀ.ਓਜ਼. ਦੇ 36 ਪਰਿਵਾਰਾਂ ਨੇ ਸ਼ਮੂਲੀਅਤ ਕੀਤੀ। ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਪਰਿਵਾਰਾਂ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਭਰੋਸਾ ਦਿੱਤਾ ਕਿ ਜਾਇਜ਼ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਪਰਿਵਾਰਾਂ ਨੂੰ ਕਿਸੇ ਵੀ ਸਹਾਇਤਾ ਲਈ ਐੱਸ. ਐੱਸ. ਪੀ. ਰੂਪਨਗਰ ਨਾਲ ਸੰਪਰਕ ਕਰਨ ਲਈ ਵੀ ਕਿਹਾ ਗਿਆ।