ਸਪੈਸ਼ਲ ਕਾਡਰ ਅਧਿਆਪਕ ਫ਼ਰੰਟ ਦੀ ਸਿੱਖਿਆ ਮੰਤਰੀ ਦੇ ਹਲਕੇ ਗੰਭੀਰਪੁਰ ਵਿਖੇ ਸੂਬਾ ਪੱਧਰੀ ਰੈਲੀ 1 ਨੂੰ
ਨੂਰਪੁਰ ਬੇਦੀ, 24 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਸਪੈਸ਼ਲ ਕਾਡਰ ਅਧਿਆਪਕ ਫ਼ਰੰਟ ਵਲੋਂ ਪੇਅ ਸਕੇਲ ਅਤੇ ਸੀ. ਐੱਸ.
ਨੂਰਪੁਰ ਬੇਦੀ, 24 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਸਪੈਸ਼ਲ ਕਾਡਰ ਅਧਿਆਪਕ ਫ਼ਰੰਟ ਵਲੋਂ ਪੇਅ ਸਕੇਲ ਅਤੇ ਸੀ.ਐੱਸ.ਆਰ. ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ 1 ਨਵੰਬਰ ਨੂੰ ਸਿੱਖਿਆ ਮੰਤਰੀ ਪੰਜਾਬ ਦੇ ਹਲਕੇ ਗੰਭੀਰਪੁਰ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਫ਼ਰੰਟ ਦੇ ਆਗੂਆਂ ਦਵਿੰਦਰ ਸਿੰਘ ਸੰਧੂ, ਮਨਪ੍ਰੀਤ ਸਿੰਘ ਮੋਗਾ, ਗੁਰਲਾਲ ਸਿੰਘ, ਅਨੁਭਵ ਗੁਪਤਾ ਅਤੇ ਵੀਰਪਾਲ ਸਿਧਾਣਾ ਨੇ ਪੰਜਾਬ ਸਰਕਾਰ ’ਤੇ ਮੰਗਾਂ ਸਬੰਧੀ ਟਾਲਮਟੋਲ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਜਦੋਂ ਤੱਕ ਅਧਿਆਪਕਾਂ ਨੂੰ ਬਣਦੇ ਹੱਕ ਨਹੀਂ ਮਿਲਦੇ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਆਗੂਆਂ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਸਰਕਾਰ ਦੀ ਸਬ-ਕਮੇਟੀ, ਸਿੱਖਿਆ ਮੰਤਰੀ ਅਤੇ ਵਿਭਾਗੀ ਅਧਿਕਾਰੀਆਂ ਨਾਲ ਮੰਗਾਂ ਸਬੰਧੀ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਇਨ੍ਹਾਂ ਮੀਟਿੰਗਾਂ ਦੇ ਬਾਵਜੂਦ ਕੋਈ ਠੋਸ ਹੱਲ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਾ ਤਾਂ ਮੰਗਾਂ ਦੇ ਹੱਲ ਸਬੰਧੀ ਕੋਈ ਸਪਸ਼ਟ ਭਰੋਸਾ ਦਿੱਤਾ ਜਾ ਰਿਹਾ ਹੈ ਅਤੇ ਨਾ ਹੀ ਪੇਅ ਸਕੇਲ ਤੇ ਸੀ.ਐੱਸ.ਆਰ. ਲਾਗੂ ਕਰਨ ਬਾਰੇ ਸਥਿਤੀ ਸਪਸ਼ਟ ਕੀਤੀ ਜਾ ਰਹੀ ਹੈ। ਉਨ੍ਹਾਂ ਅਨੁਸਾਰ, ਮੀਟਿੰਗਾਂ ਰਾਹੀਂ ਸਿਰਫ਼ ਸਮਾਂ ਲੰਘਾਇਆ ਜਾ ਰਿਹਾ ਹੈ। ਫ਼ਰੰਟ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ, ਪਰ ਉਨ੍ਹਾਂ ਅਨੁਸਾਰ ਰੈਗੂਲਰ ਕਰਨ ਦੇ ਨਾਮ ’ਤੇ ਸਿਰਫ਼ ਮਾਮੂਲੀ ਤਨਖ਼ਾਹ ਵਾਧਾ ਹੀ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੇ ਵਾਅਦੇ ਅਮਲੀ ਰੂਪ ਵਿਚ ਪੂਰੇ ਨਹੀਂ ਹੋਏ, ਜਿਸ ਕਾਰਨ ਅਧਿਆਪਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਧਿਆਪਕਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰਨ ਦਾ ਸਿਆਸੀ ਖ਼ਮਿਆਜ਼ਾ ਸਰਕਾਰ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪੈ ਸਕਦਾ ਹੈ। ਆਗੂਆਂ ਨੇ ਦੱਸਿਆ ਕਿ 1 ਨਵੰਬਰ ਦੀ ਰੈਲੀ ਵਿਚ ਪੰਜਾਬ ਭਰ ਤੋਂ ਸਪੈਸ਼ਲ ਕਾਡਰ ਦੇ ਅਧਿਆਪਕ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਰੈਲੀ ਨੂੰ ਸਫਲ ਬਣਾਉਣ ਅਤੇ ਅਧਿਆਪਕਾਂ ਨੂੰ ਲਾਮਬੰਦ ਕਰਨ ਲਈ ਸੂਬੇ ਭਰ ਵਿਚ ਟੀਮਾਂ ਬਣਾਈਆਂ ਜਾ ਰਹੀਆਂ ਹਨ , ਤਾਂ ਜੋ ਪੇਅ ਸਕੇਲ ਅਤੇ ਸੀ.ਐੱਸ.ਆਰ. ਦੀ ਮੰਗ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਜਾ ਸਕੇ।