ਯੂਨਾਈਟਿਡ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਲਗਾਏ ਕੈਂਪ ਵਿਚ ਭਾਈ ਪੀਰ ਮੁਹੰਮਦ ਨੇ ਕੀਤੀ ਸ਼ਮੂਲੀਅਤ
ਸ੍ਰੀ ਅਨੰਦਪੁਰ ਸਾਹਿਬ, 1 ਨਵੰਬਰ (ਜੇ. ਐਸ.
ਸ੍ਰੀ ਅਨੰਦਪੁਰ ਸਾਹਿਬ, 1 ਨਵੰਬਰ (ਜੇ. ਐਸ. ਨਿੱਕੂਵਾਲ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਭਾਈ ਕਰਨੈਲ ਸਿੰਘ ਪੀਰ ਮੁਹੰਮਦ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਯੂਨਾਈਟਿਡ ਸਿੱਖ ਫੈਡਰੇਸ਼ਨ ਵਲੋਂ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਲਗਾਏ ਤਿੰਨ ਰੋਜ਼ਾ ਗੁਰਮਤਿ ਚੇਤਨਾ ਕੈਂਪ ਵਿਚ ਸ਼ਮੂਲੀਅਤ ਕਰਕੇ ਨਵੰਬਰ 1984 ਦੇ ਦੰਗਿਆਂ ਨੂੰ ਸਰਕਾਰ ਵਲੋਂ ਕੀਤੀ ਗਈ ਸਿੱਖਾਂ ਦੀ ਨਸਲਕੁਸ਼ੀ ਗਰਦਾਨਿਆ ਹੈ। ਉਨ੍ਹਾਂ ਕਿਹਾ ਕਿ ਦੇਸ ਦੇ 18 ਸੂਬਿਆ ਤੇ 110 ਤੋਂ ਵੱਡੇ ਸਹਿਰਾ ਵਿਚ ਸਿੱਖਾਂ ਨੂੰ ਨਿਸ਼ਾਨਾਂ ਬਣਾਇਆ। ਇਸ ਤੋਂ ਬਿਨਾਂ ਗੁਰਦੁਆਰਾ ਸਾਹਿਬਾਨ ਦੀ ਇਮਾਰਤ ਨੂੰ ਅੱਗ ਲਗਾਈ ਗਈ ਅਤੇ ਜੁੱਗੋ-ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਕੀਤੀ ਗਈ। ਇਹ ਸਾਰਾ ਕੁੱਝ ਕੇਂਦਰ ਸਰਕਾਰ ਦੀ ਸ਼ਹਿ ’ਤੇ ਵਾਪਰਿਆ ਸੀ। ਉਨ੍ਹਾਂ ਕਿਹਾ ਕਿ ਸਿੱਖ ਨਸਲਕੁਸ਼ੀ ਦੇ 40 ਸਾਲ ਬੀਤਣ ਦੇ ਬਾਵਜੂਦ ਵੀ ਸਿੱਖਾਂ ਦੇ ਮੁੱਖ ਦੋਸ਼ੀ ਕਾਨੂੰਨ ਦੀ ਗ੍ਰਿਫ਼ਤ ਤੋਂ ਬਾਹਰ ਹਨ, ਜਿਸ ਲਈ ਮੌਜੂਦਾ ਸਰਕਾਰ ਇਨ੍ਹਾਂ ਕਾਤਲਾਂ ਨੂੰ ਫੜਨ ਲਈ ਬੇਵੱਸ ਨਜ਼ਰ ਆ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਕਮਲ ਨਾਥ, ਜਗਦੀਸ ਟਾਈਟਲਰ ਤੇ ਹੋਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਫਾਂਸੀ ਦੀ ਸਜ਼ਾ ਦਿੱਤੀ ਜਾਵੇ। ਅੰਤਿਮ ਦਿਨ ਵਿਦਿਆਰਥੀਆਂ ਨੂੰ ਆਪਣੀ ਅਮੀਰ ਵਿਰਾਸਤ ਤੇ ਇੰਕਸ਼ਾਫ਼ ਦੀ ਲੜਾਈ ਜਾਰੀ ਰੱਖਣ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।