ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਖੁੰਬਾਂ ਦੀ ਕਾਸ਼ਤ ਸੰਬੰਧੀ ਕਿੱਤਾ-ਮੁਖੀ ਸਿਖਲਾਈ ਕੋਰਸ ਸੰਪੰਨ
ਰੂਪਨਗਰ, 4 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ. ਏ.
ਰੂਪਨਗਰ, 4 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਅਤੇ ਆਈ.ਸੀ.ਏ.ਆਰ.-ਅਟਾਰੀ, ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੂਪਨਗਰ ਵਿਖੇ ਖੁੰਬਾਂ ਦੀ ਕਾਸ਼ਤ ਸਬੰਧੀ ਪੰਜ ਰੋਜ਼ਾ ਕਿੱਤਾ-ਮੁਖੀ ਸਿਖਲਾਈ ਕੋਰਸ ਸਫ਼ਲਤਾਪੂਰਵਕ ਕਰਵਾਇਆ ਗਿਆ। ਸਿਖਲਾਈ ਦਾ ਮੁੱਖ ਉਦੇਸ਼ ਕਿਸਾਨਾਂ, ਕਿਸਾਨ ਬੀਬੀਆਂ ਅਤੇ ਪੇਂਡੂ ਨੌਜਵਾਨਾਂ ਨੂੰ ਖੁੰਬਾਂ ਦੀ ਕਾਸ਼ਤ ਦੀਆਂ ਆਧੁਨਿਕ ਤਕਨੀਕਾਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਇਸ ਨੂੰ ਸਵੈ-ਰੁਜ਼ਗਾਰ ਅਤੇ ਆਮਦਨ ਦੇ ਇੱਕ ਲਾਹੇਵੰਦ ਸਾਧਨ ਵਜੋਂ ਅਪਣਾਉਣ ਲਈ ਉਤਸ਼ਾਹਿਤ ਕਰਨਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਟ ਡਾਇਰੈਕਟਰ (ਸਿਖਲਾਈ) ਕੇ.ਵੀ.ਕੇ. ਰੂਪਨਗਰ ਡਾ. ਸਤਬੀਰ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਵਿਚ ਜ਼ਿਲ੍ਹਾ ਰੂਪਨਗਰ, ਐਸ.ਏ.ਐਸ. ਨਗਰ, ਫਤਿਹਗੜ੍ਹ ਸਾਹਿਬ ਅਤੇ ਚੰਡੀਗੜ੍ਹ ਤੋਂ ਕੁੱਲ 20 ਕਿਸਾਨਾਂ, ਕਿਸਾਨ ਬੀਬੀਆਂ ਅਤੇ ਪੇਂਡੂ ਨੌਜਵਾਨਾਂ ਨੇ ਭਾਗ ਲਿਆ। ਉਨ੍ਹਾਂ ਖੁੰਬਾਂ ਦੀ ਕਾਸ਼ਤ ਨੂੰ ਘੱਟ ਸਮੇਂ ਵਿਚ ਆਮਦਨ ਪ੍ਰਦਾਨ ਕਰਨ ਦੀ ਸਮਰੱਥਾ ਰੱਖਣ ਵਾਲਾ ਇੱਕ ਲਾਹੇਵੰਦ ਕਿੱਤਾ ਦੱਸਦਿਆਂ ਨੌਜਵਾਨਾਂ ਨੂੰ ਇਸ ਖੇਤਰ ਵਿਚ ਉੱਦਮੀ ਵਜੋਂ ਅੱਗੇ ਆਉਣ ਅਤੇ ਆਪਣਾ ਸਵੈ-ਰੁਜ਼ਗਾਰ ਸਥਾਪਿਤ ਕਰਨ ਲਈ ਪ੍ਰੇਰਿਤ ਕੀਤਾ। ਸਿਖਲਾਈ ਕੋਰਸ ਦੇ ਕੋਆਰਡੀਨੇਟਰ ਪ੍ਰੋਫੈਸਰ (ਸਬਜ਼ੀ ਵਿਗਿਆਨ) ਡਾ. ਸੰਜੀਵ ਅਹੂਜਾ ਨੇ ਸਿਖਿਆਰਥੀਆਂ ਨੂੰ ਬਟਨ, ਢੀਂਗਰੀ ਅਤੇ ਸ਼ਿਟਾਕੀ ਖੁੰਬਾਂ ਦੀ ਕਾਸ਼ਤ ਦੀ ਸਮੁੱਚੀ ਪ੍ਰਕਿਰਿਆ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਦੌਰਾਨ ਖੁੰਬਾਂ ਦੀ ਪੈਦਾਵਾਰ ਲਈ ਕੰਪੋਸਟ ਤਿਆਰ ਕਰਨ, ਸਪਾਨਿੰਗ, ਬੈਗਿੰਗ, ਪੈਕਿੰਗ, ਭੰਡਾਰਨ ਅਤੇ ਮੰਡੀਕਰਨ ਵਰਗੇ ਅਹਿਮ ਪਹਿਲੂਆਂ ਬਾਰੇ ਸਿਧਾਂਤਕ ਅਤੇ ਵਿਹਾਰਕ ਸਿਖਲਾਈ ਦਿੱਤੀ ਗਈ। ਇਸ ਤੋਂ ਇਲਾਵਾ ਖੁੰਬਾਂ ਦੀ ਫ਼ਸਲ ’ਤੇ ਹਮਲਾ ਕਰਨ ਵਾਲੇ ਕੀੜੇ-ਮਕੌੜਿਆਂ ਅਤੇ ਬਿਮਾਰੀਆਂ, ਤੇ ਰੋਕਥਾਮ ਦੇ ਤਰੀਕਿਆਂ ਬਾਰੇ ਵੀ ਜਾਣੂ ਕਰਵਾਇਆ। ਗਰਮੀਆਂ ਦੇ ਮੌਸਮ ਵਿਚ ਖੁੰਬਾਂ ਦੀ ਕਾਸ਼ਤ ਕਰਨ ਦੀਆਂ ਤਕਨੀਕਾਂ ਬਾਰੇ ਸੈਸ਼ਨ ਵੀ ਕਰਵਾਇਆ ਗਿਆ। ਇਸ ਮੌਕੇ ਬਾਗਬਾਨੀ ਵਿਕਾਸ ਅਫ਼ਸਰ ਰੂਪਨਗਰ ਡਾ. ਚਤਰਜੀਤ ਸਿੰਘ ਰਤਨ ਨੇ ਖੁੰਬਾਂ ਦੀ ਕਾਸ਼ਤ ਨੂੰ ਇੱਕ ਉੱਦਮ ਵਜੋਂ ਸ਼ੁਰੂ ਕਰਨ ਸਬੰਧੀ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਬਸਿਡੀਆਂ, ਵੱਖ-ਵੱਖ ਸਰਕਾਰੀ ਯੋਜਨਾਵਾਂ ਅਤੇ ਬਾਗਬਾਨੀ ਵਿਭਾਗ ਦੀਆਂ ਹੋਰ ਸਹਾਇਕ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਸਿਖਲਾਈ ਕੋਰਸ ਦੇ ਹਿੱਸੇ ਵਜੋਂ ਸਿਖਿਆਰਥੀਆਂ ਨੂੰ ਪਿੰਡ ਭੈਣੀ, ਨੂਰਪੁਰ ਬੇਦੀ ਵਿਖੇ ਸਥਿਤ ਗਰੇਵਾਲ ਮਸ਼ਰੂਮ ਫਾਰਮ ਦਾ ਵਿੱਦਿਅਕ ਦੌਰਾ ਵੀ ਕਰਵਾਇਆ ਗਿਆ। ਇਹ ਫਾਰਮ ਵਪਾਰਕ ਪੱਧਰ ’ਤੇ ਖੁੰਬਾਂ ਦੀ ਕਾਸ਼ਤ ਕਰ ਰਿਹਾ ਹੈ। ਇਸ ਦੌਰੇ ਦੌਰਾਨ ਸਿਖਿਆਰਥੀਆਂ ਨੇ ਬੰਕਰਾਂ ਵਿਚ ਕੰਪੋਸਟ ਤਿਆਰ ਕਰਨ ਦੀ ਪ੍ਰਕਿਰਿਆ ਅਤੇ ਕੱਚੇ ਸ਼ੈੱਡਾਂ ਦੇ ਨਾਲ-ਨਾਲ ਏਅਰ ਕੰਡੀਸ਼ਨਿੰਗ ਪ੍ਰਣਾਲੀ ਨਾਲ ਲੈਸ ਪੱਕੇ ਕਮਰਿਆਂ ਵਿਚ ਖੁੰਬਾਂ ਦੀ ਪੈਦਾਵਾਰ ਕਰਨ ਦੇ ਤਰੀਕਿਆਂ ਬਾਰੇ ਵਿਹਾਰਕ ਜਾਣਕਾਰੀ ਹਾਸਲ ਕੀਤੀ।