ਕਿਸਾਨਾਂ ਦੀਆਂ ਮੁਸ਼ਕਿਲਾਂ ਸੰਬੰਧੀ ਵਫ਼ਦ ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ
ਜਗਦੇਵ ਕਲਾਂ, 26 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਭਾਰਤ ਦੇ ਪੰਜਾਬ ਚੈਪਟਰ ਦੇ ਵਫ਼ਦ ਵਲੋਂ ਕਿਸਾਨਾਂ ਦੀਆਂ ਵੱਖ-ਵੱਖ ਮੁਸ਼ਕਿਲਾਂ ਤੇ ਮੰਗਾਂ ਸੰਬੰਧੀ ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਪਲਵੀ ਮਿਸ਼ਰਾ ਨਾਲ ਮੁਲਾਕਾਤ ਕਰਕੇ ਮੰਗ-ਪੱਤਰ ਸੌਂਪਿਆ ਗਿਆ। ਵਫ਼ਦ ਨੇ ਮੰਗ ਕੀਤੀ ਕਿ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ 6,000 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦਿੱਤੀ ਜਾਵੇ।
ਜਗਦੇਵ ਕਲਾਂ, 26 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਭਾਰਤ ਦੇ ਪੰਜਾਬ ਚੈਪਟਰ ਦੇ ਵਫ਼ਦ ਵਲੋਂ ਕਿਸਾਨਾਂ ਦੀਆਂ ਵੱਖ-ਵੱਖ ਮੁਸ਼ਕਿਲਾਂ ਤੇ ਮੰਗਾਂ ਸੰਬੰਧੀ ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਪਲਵੀ ਮਿਸ਼ਰਾ ਨਾਲ ਮੁਲਾਕਾਤ ਕਰਕੇ ਮੰਗ-ਪੱਤਰ ਸੌਂਪਿਆ ਗਿਆ। ਵਫ਼ਦ ਨੇ ਮੰਗ ਕੀਤੀ ਕਿ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ 6,000 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦਿੱਤੀ ਜਾਵੇ। ਝੋਨੇ ਦੀ ਕਟਾਈ ਤੋਂ ਬਾਅਦ ਸੱਤ ਦਿਨਾਂ ਦੇ ਅੰਦਰ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਉਪਲਬਧ ਕਰਵਾਉਣ ਦੇ ਨਾਲ ਬਲਾਕ ਅਤੇ ਜ਼ਿਲ੍ਹਾ ਪੱਧਰ ’ਤੇ ਹੈਲਪਲਾਈਨ ਨੰਬਰ ਜਾਰੀ ਕਰਨ ਦੀ ਵੀ ਮੰਗ ਕੀਤੀ ਗਈ। ਵਫ਼ਦ ਨੇ ਆਉਣ ਵਾਲੀਆਂ ਫ਼ਸਲਾਂ ਕਣਕ, ਸਰ੍ਹੋਂ, ਗੰਨਾ ਅਤੇ ਸਬਜ਼ੀਆਂ ਲਈ ਡੀ. ਏ. ਪੀ. ਖਾਦ ਦੀ ਬਿਨਾਂ ਸ਼ਰਤ ਅਤੇ ਸਮੇਂ ਸਿਰ ਸਪਲਾਈ ਯਕੀਨੀ ਬਣਾਉਣ, ਖਾਦ ਦੀ ਕਾਲਾਬਾਜ਼ਾਰੀ ਰੋਕਣ, ਡੀ. ਏ. ਪੀ. ਨਾਲ ਹੋਰ ਉਤਪਾਦਾਂ ਦੀ ਜਬਰੀ ਟੈਗਿੰਗ ਬੰਦ ਕਰਨ, ਗੰਨੇ ਦੀ ਰਹਿੰਦੀ ਬਕਾਇਆ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿਚ ਪਾਉਣ ਅਤੇ ਗੰਨੇ ਦਾ ਭਾਅ 550 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਵੀ ਰੱਖੀ ਗਈ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸੁਖਚੈਨ ਸਿੰਘ, ਧਰਮਿੰਦਰ ਸਿੰਘ ਬਾਠ , ਕਮਲਜੀਤ ਸਿੰਘ ਬਲਾਕ ਪ੍ਰਧਾਨ , ਗੁਰਮੁੱਖ ਸਿੰਘ ਮੋਹਣ ਭੰਡਾਰੀਆ, ਸਤਨਾਮ ਸਿੰਘ ਝੰਡੇਰ, ਕਰਨ ਚੀਮਾ, ਬਲਦੇਵ ਸਿੰਘ ਚੀਮਾ, ਪਰਮਜੀਤ ਸਿੰਘ ਆਦਿ ਸ਼ਾਮਿਲ ਸਨ।