6 ਸਤੰਬਰ ਦੇ ਵਿਸ਼ੇਸ਼ ਕੈਂਪਾਂ ਦੌਰਾਨ ਵੋਟਰ ਸੇਵਾਵਾਂ ਲਈ ਸਾਰੇ ਪੋਲਿੰਗ ਬੂਥਾਂ ’ਤੇ ਮਿਲਣਗੀਆਂ ਸਹੂਲਤਾਂ
ਫ਼ਰੀਦਕੋਟ, 2 ਸਤੰਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਰਾਹੁਲ ਚਾਬਾ ਆਈ. ਏ.
ਫ਼ਰੀਦਕੋਟ, 2 ਸਤੰਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਰਾਹੁਲ ਚਾਬਾ ਆਈ.ਏ.ਐਸ. ਨੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦੱਸਿਆ ਕਿ ਮਿਤੀ 6 ਸਤੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵਲੋਂ ਵੋਟਰਾਂ ਨੂੰ ਚੋਣ ਸੂਚੀਆਂ ਨਾਲ ਸਬੰਧਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਐਸ.ਆਈ.ਆਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸਾਰੇ ਯੋਗ ਨਾਗਰਿਕ ਵੋਟਰ ਸੂਚੀ ਵਿਚ ਸ਼ਾਮਿਲ ਹੋਣ ਅਤੇ ਕਿਸੇ ਵੀ ਯੋਗ ਵੋਟਰ ਦਾ ਨਾਮ ਨਾ ਛੁੱਟੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਬੂਥ ਲੈਵਲ ਅਫ਼ਸਰ ਆਪਣੇ-ਆਪਣੇ ਬੂਥਾਂ ’ਤੇ ਮੌਜੂਦ ਰਹਿਣਗੇ ਅਤੇ ਵੋਟਰਾਂ ਨੂੰ ਚੋਣ ਸੇਵਾਵਾਂ ਸਬੰਧੀ ਲੋੜੀਂਦੀ ਜਾਣਕਾਰੀ ਅਤੇ ਸਹਾਇਤਾ ਪ੍ਰਦਾਨ ਕਰਨਗੇ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਵੋਟਰਾਂ ਨੂੰ ਫਾਰਮ-6, ਫਾਰਮ-6-ਏ ਅਤੇ ਫਾਰਮ-8 ਸਬੰਧੀ ਸਹਾਇਤਾ ਦਿੱਤੀ ਜਾਵੇਗੀ । ਨਵੇਂ ਯੋਗ ਵੋਟਰਾਂ ਨੂੰ ਵੋਟਰ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਉਣ, ਮੌਜੂਦਾ ਵੋਟਰਾਂ ਨੂੰ ਲੋੜੀਂਦੀ ਸੋਧ ਕਰਵਾਉਣ ਅਤੇ ਹੋਰ ਚੋਣ ਸੇਵਾਵਾਂ ਲਈ ਮਾਰਗਦਰਸ਼ਨ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ 18-19 ਸਾਲ ਉਮਰ ਵਰਗ ਦੇ ਨੌਜਵਾਨਾਂ ਦੀ ਰਜਿਸਟ੍ਰੇਸ਼ਨ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਦਿਵਿਆਂਗ ਵੋਟਰਾਂ ਨੂੰ ਚੋਣ ਸੂਚੀ ਵਿਚ ਮਾਰਕ ਕਰਨ ਲਈ ਫਾਰਮ-8 ਸਬੰਧੀ ਵੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਸਮੂਹ ਚੋਣ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਕੈਂਪ ਦੌਰਾਨ ਵੋਟਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ ਅਤੇ ਹਰ ਯੋਗ ਨਾਗਰਿਕ ਨੂੰ ਚੋਣ ਸੇਵਾਵਾਂ ਦਾ ਲਾਭ ਮਿਲੇ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 6 ਸਤੰਬਰ ਨੂੰ ਆਪਣੇ ਨਜ਼ਦੀਕੀ ਪੋਲਿੰਗ ਬੂਥ ’ਤੇ ਪਹੁੰਚ ਕੇ ਆਪਣੀ ਵੋਟਰ ਸੂਚੀ ਨਾਲ ਸਬੰਧਿਤ ਜਾਣਕਾਰੀ ਦੀ ਜਾਂਚ ਕਰਨ ਅਤੇ ਲੋੜ ਅਨੁਸਾਰ ਚੋਣ ਸੇਵਾਵਾਂ ਦਾ ਲਾਭ ਲੈਣ।