ਝੋਨੇ ਦੀ ਨੁਕਸਾਨੀ ਫ਼ਸਲ ਦੇ ਮੁਆਵਜ਼ੇ ਲਈ ਕਿਸਾਨਾਂ ਨੇ ਵਿਧਾਇਕ ਨੂੰ ਮੰਗ ਪੱਤਰ ਸੌਂਪਿਆ
ਜੈਤੋ, 17 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)-ਬੀਤੇ ਦਿਨੀਂ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਨੁਕਸਾਨੀ ਗਈ ਝੋਨੇ ਦੀ ਫ਼ਸਲ ਦਾ ਯੋਗ ਮੁਆਵਜ਼ਾ ਦਿਵਾਉਣ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਜੈਤੋ ਦੇ ਆਗੂਆਂ ਅਤੇ ਪੀੜਤ ਕਿਸਾਨਾਂ ਵਲੋਂ ਵਿਧਾਇਕ ਅਮੋਲਕ ਸਿੰਘ ਨੂੰ ਮੰਗ-ਪੱਤਰ ਸੌਂਪਿਆ ਗਿਆ। ਬਲਾਕ ਜੈਤੋ ਦੇ ਆਗੂ ਛਿੰਦਾ ਸਿੰਘ ਦਲ ਸਿੰਘ ਵਾਲਾ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਪਹਿਲਾਂ ਹੀ ਕਰਜ਼ੇ ਦੇ ਭਾਰੀ ਬੋਝ ਹੇਠ ਦੱਬੇ ਹੋਏ ਹਨ।
ਜੈਤੋ, 17 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)-ਬੀਤੇ ਦਿਨੀਂ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਨੁਕਸਾਨੀ ਗਈ ਝੋਨੇ ਦੀ ਫ਼ਸਲ ਦਾ ਯੋਗ ਮੁਆਵਜ਼ਾ ਦਿਵਾਉਣ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਜੈਤੋ ਦੇ ਆਗੂਆਂ ਅਤੇ ਪੀੜਤ ਕਿਸਾਨਾਂ ਵਲੋਂ ਵਿਧਾਇਕ ਅਮੋਲਕ ਸਿੰਘ ਨੂੰ ਮੰਗ-ਪੱਤਰ ਸੌਂਪਿਆ ਗਿਆ। ਬਲਾਕ ਜੈਤੋ ਦੇ ਆਗੂ ਛਿੰਦਾ ਸਿੰਘ ਦਲ ਸਿੰਘ ਵਾਲਾ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਪਹਿਲਾਂ ਹੀ ਕਰਜ਼ੇ ਦੇ ਭਾਰੀ ਬੋਝ ਹੇਠ ਦੱਬੇ ਹੋਏ ਹਨ। ਅਜਿਹੇ ਹਾਲਾਤ ਵਿਚ ਪੱਕਣ ਕਿਨਾਰੇ ਖੜ੍ਹੀ ਝੋਨੇ ਦੀ ਫ਼ਸਲ ’ਤੇ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਨੇ ਕਿਸਾਨਾਂ ਦਾ ਵੱਡਾ ਆਰਥਿਕ ਨੁਕਸਾਨ ਕੀਤਾ ਹੈ। ਉਨ੍ਹਾਂ ਮੰਗ ਕੀਤੀ ਕਿ ਪ੍ਰਭਾਵਿਤ ਪਿੰਡਾਂ ਵਿਚ ਪਾਰਦਰਸ਼ੀ ਢੰਗ ਨਾਲ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ। ਕਿਸਾਨ ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ ਠੇਕੇ ’ਤੇ ਜ਼ਮੀਨ ਲੈ ਕੇ ਝੋਨੇ ਦੀ ਫ਼ਸਲ ਬੀਜੀ ਹੋਈ ਹੈ, ਉਨ੍ਹਾਂ ਕਾਸ਼ਤਕਾਰਾਂ ਨੂੰ ਵੀ ਮੁਆਵਜ਼ਾ ਦੇਣ ਲਈ ਏਕੜ ਨੂੰ ਇਕਾਈ ਮੰਨਿਆ ਜਾਵੇ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਨੁਕਸਾਨੇ ਗਏ ਝੋਨੇ ਲਈ 50 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਤੁਰੰਤ ਜਾਰੀ ਕੀਤਾ ਜਾਵੇ ਤਾਂ ਜੋ ਆਰਥਿਕ ਸੰਕਟ ਨਾਲ ਜੂਝ ਰਹੇ ਕਿਸਾਨਾਂ ਨੂੰ ਕੁਝ ਰਾਹਤ ਮਿਲ ਸਕੇ ਅਤੇ ਉਹ ਆਪਣਾ ਗੁਜ਼ਾਰਾ ਕਰ ਸਕਣ। ਇਸ ਮੌਕੇ ਇਕਾਈ ਰੋੜੀਕਪੂਰਾ ਦੇ ਆਗੂ ਚਾਨਣ ਸਿੰਘ, ਪਰਮਵੀਰ ਸਿੰਘ, ਗੁਰਪਿੰਦਰ ਸਿੰਘ, ਇਕਾਈ ਰਾਮੂਵਾਲਾ ਦੇ ਪ੍ਰਧਾਨ ਸੁਖਦੇਵ ਸਿੰਘ, ਜਗਦੀਪ ਸਿੰਘ ਰਾਮੂਵਾਲਾ, ਇਕਾਈ ਆਗੂ ਜਸਵਿੰਦਰ ਸਿੰਘ ਸੇਢਾ ਸਿੰਘ ਵਾਲਾ, ਬਲਦੇਵ ਸਿੰਘ ਮੱਤਾ ਅਤੇ ਦਿਲਬਾਗ ਸਿੰਘ ਮੱਤਾ ਸਮੇਤ ਹੋਰ ਕਿਸਾਨ ਹਾਜ਼ਰ ਸਨ।