ਸਮਾਣਾ ’ਚ ਏ.ਐੱਨ.ਟੀ.ਐੱਫ. ਦੀ ਵੱਡੀ ਕਾਰਵਾਈ, 1 ਕਿਲੋ 250 ਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ
ਸਮਾਣਾ, 1 ਸਤੰਬਰ (ਸਾਹਿਬ ਸਿੰਘ)- ਸਮਾਣਾ ਇਲਾਕੇ ਵਿਚ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਏ. ਐੱਨ.
ਸਮਾਣਾ, 1 ਸਤੰਬਰ (ਸਾਹਿਬ ਸਿੰਘ)- ਸਮਾਣਾ ਇਲਾਕੇ ਵਿਚ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਏ. ਐੱਨ. ਟੀ. ਐੱਫ. ਪੁਲਿਸ ਟੀਮ ਨੇ ਧਨੇਠਾ-ਅਸਮਾਨਪੁਰ ਟੀ-ਪੁਆਇੰਟ ’ਤੇ ਨਾਕਾਬੰਦੀ ਦੌਰਾਨ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 1 ਕਿਲੋ 250 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇਕ ਬੁਲਟ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ। ਪੁਲਿਸ ਅਨੁਸਾਰ ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਵਰਿੰਦਰ ਸਿੰਘ ਵਾਸੀ ਦੋਲੇਵਾਲ, ਜ਼ਿਲ੍ਹਾ ਮੋਗਾ, ਬਲਵਿੰਦਰ ਸਿੰਘ ਅਤੇ ਜਸਕਰਨ ਸਿੰਘ ਵਾਸੀ ਮਰੋੜੀ ਸਮਾਣਾ ਵਜੋਂ ਹੋਈ ਹੈ। ਦੱਸਿਆ ਗਿਆ ਹੈ ਕਿ ਏ. ਐੱਨ. ਟੀ. ਐੱਫ. ਟੀਮ ਵਲੋਂ ਧਨੇਠਾ-ਅਸਮਾਨਪੁਰ ਟੀ-ਪੁਆਇੰਟ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਬੁਲਟ ਮੋਟਰਸਾਈਕਲ ’ਤੇ ਸਵਾਰ ਤਿੰਨ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ 1 ਕਿਲੋ 250 ਗ੍ਰਾਮ ਹੈਰੋਇਨ ਬਰਾਮਦ ਹੋਣ ’ਤੇ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਵਲੋਂ ਮੁਲਜ਼ਮਾਂ ਦਾ ਸਮਾਣਾ ਦੇ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਉਣ ਉਪਰੰਤ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਪੁਲਿਸ ਵਲੋਂ ਪੁੱਛਗਿੱਛ ਲਈ ਰਿਮਾਂਡ ਦੀ ਮੰਗ ਕੀਤੀ ਗਈ। ਏ.ਐੱਨ.ਟੀ.ਐੱਫ. ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਨਸ਼ੇ ਦੀ ਇਹ ਖੇਪ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਨੂੰ ਅੱਗੇ ਕਿੱਥੇ ਸਪਲਾਈ ਕੀਤਾ ਜਾਣਾ ਸੀ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।