ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਦਾ ਬਿਜਲੀ ਡਵੀਜ਼ਨ ਦਫ਼ਤਰ ਬਾਹਰ ਪ੍ਰਦਰਸ਼ਨ
ਕਿਸਾਨਾਂ ਨੂੰ ਖੇਤਾਂ ਦੇ ਲਈ ਮਿਲਣ ਵਾਲੀ ਬਿਜਲੀ ਦੀ ਨਿਰਵਿਘਨ ਸਪਲਾਈ ਦੀ ਕੀਤੀ ਮੰਗ
ਰਾਜਪੁਰਾ, 14 ਸਤੰਬਰ (ਜੀ. ਪੀ.
ਰਾਜਪੁਰਾ, 14 ਸਤੰਬਰ (ਜੀ.ਪੀ. ਸਿੰਘ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਪੰਜਾਬ ਦੇ ਵੱਖ-ਵੱਖ ਬਿਜਲੀ ਨਿਗਮ ਦੀਆਂ ਡਵੀਜ਼ਨਾਂ ਦੇ ਦਫ਼ਤਰਾਂ ਦੇ ਬਾਹਰ ਕਿਸਾਨਾਂ ਦੇ ਵਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਦੇ ਤਹਿਤ ਅੱਜ ਰਾਜਪੁਰਾ ’ਚ ਵੀ ਸੰਯੁਕਤ ਕਿਸਾਨ ਮੋਰਚੇ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਰਾਜਪੁਰਾ ਬਿਜਲੀ ਨਿਗਮ ਦੇ ਡਵੀਜ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨ ਆਗੂਆਂ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਸਰਕਾਰ ਵਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਕਿ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ’ਚ ਨਿਰਵਿਘਨ ਬਿਜਲੀ ਦਿੱਤੀ ਗਈ ਅਤੇ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਪਿੰਡਾਂ ਨੂੰ ਮਿਲਣ ਵਾਲੀ ਬਿਜਲੀ ਸਪਲਾਈ ਦੇ ਵਿਚ ਲੰਮੇ-ਲੰਮੇ ਕੱਟ ਲਗਾਏ ਰਹੇ ਹਨ ਉੱਥੇ ਹੀ ਖੇਤਾਂ ਨੂੰ ਮਿਲਣ ਵਾਲੇ ਸਪਲਾਈ ਦੇ ਵਿਚ ਵੀ ਲਗਾਤਾਰ ਕੱਟ ਲੱਗ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਫ਼ਸਲ ਪੱਕ ਕੇ ਤਿਆਰ ਹੋ ਚੁੱਕੀ ਹੈ ਅਤੇ ਆਖ਼ਰੀ ਵਾਰੀ ਫ਼ਸਲ ਨੂੰ ਪਾਣੀ ਦੀ ਲੋੜ ਹੁੰਦੀ ਹੈ ਪਰੰਤੂ ਰੋਜ਼ਾਨਾ ਲੱਗ ਰਹੇ ਕੱਟਾਂ ਕਾਰਨ ਫ਼ਸਲ ਦਾ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਨੂੰ ਮਿਲਣ ਵਾਲੀ ਬਿਜਲੀ ਸਪਲਾਈ ਸੁਚਾਰੂ ਢੰਗ ਦੇ ਨਾਲ ਨਹੀਂ ਦਿੱਤੀ ਜਾਂਦੀ ਤਾਂ ਇਹ ਵਿਰੋਧ ਪ੍ਰਦਰਸ਼ਨ ਹੋਰ ਤੇਜ਼ ਕਰਕੇ ਬਿਜਲੀ ਬੋਰਡ ਦਫ਼ਤਰਾਂ ਤੋਂ ਨਿਕਲ ਕੇ ਪੂਰੇ ਪੰਜਾਬ ਭਰ ਦੇ ਵਿਚ ਲੈ ਕੇ ਜਾਵਾਂਗੇ।