ਪੰਜਾਬੀ ’ ਵਰਸਿਟੀ ਵਿਖੇ ਖ਼ੂਨਦਾਨ ਕੈਂਪ ਦੌਰਾਨ 176 ਯੂਨਿਟ ਖ਼ੂਨ ਇਕੱਤਰ
ਪਟਿਆਲਾ, 3 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ.
ਪਟਿਆਲਾ, 3 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਐੱਨ.ਐੱਸ.ਐੱਸ. ਵਿਭਾਗ ਅਤੇ ਰੈੱਡ ਰਿਬਨ ਕਲੱਬ ਵਲੋਂ ਰੋਟਰੀ ਕਲੱਬ ਦੇ ਸਹਿਯੋਗ ਨਾਲ ਮਨੁੱਖਤਾ ਦੀ ਸੇਵਾ ਅਤੇ ਖ਼ੂਨਦਾਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਯੂਨੀਵਰਸਿਟੀ ਦੇ ਇੰਜਨੀਅਰਿੰਗ ਕਾਲਜ ਦੀ ਇਮਾਰਤ ਦੇ ਰੀਡਿੰਗ ਹਾਲ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਅਤੇ ਐੱਸ.ਪੀ. ਸਿਟੀ ਮੋਹਿਤ ਅਗਰਵਾਲ ਨੇ ਕੀਤਾ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਮੌਕੇ ਕਿਹਾ ਕਿ ਖ਼ੂਨਦਾਨ ਮਨੁੱਖਤਾ ਦੀਆਂ ਸਭ ਤੋਂ ਉੱਤਮ ਸੇਵਾਵਾਂ ਵਿਚੋਂ ਇਕ ਹੈ। ਉਨ੍ਹਾਂ ਕਿਹਾ ਕਿ ਸਾਡੇ ਵਲੋਂ ਕੀਤਾ ਗਿਆ ਇਕ ਛੋਟਾ ਜਿਹਾ ਉਪਰਾਲਾ ਕਿਸੇ ਲੋੜਵੰਦ ਵਿਅਕਤੀ ਦੀ ਜ਼ਿੰਦਗੀ ਬਚਾਉਣ ਵਿਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਣ ਅਤੇ ਅਜਿਹੇ ਲੋਕ-ਭਲਾਈ ਕਾਰਜਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਨੇ ਖ਼ੂਨਦਾਨੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਇਸ ਨੇਕ ਕਾਰਜ ਵਿਚ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਦੀ ਸ਼ਲਾਘਾ ਕੀਤੀ। ਐੱਸ.ਪੀ. ਸਿਟੀ ਮੋਹਿਤ ਅਗਰਵਾਲ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨਾਂ ਵਿਚ ਖ਼ੂਨਦਾਨ ਪ੍ਰਤੀ ਜਾਗਰੂਕਤਾ ਅਤੇ ਸੇਵਾ ਦੀ ਭਾਵਨਾ ਪੈਦਾ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਖ਼ੂਨਦਾਨ ਰਾਹੀਂ ਅਸੀਂ ਬਿਨਾਂ ਕਿਸੇ ਭੇਦਭਾਵ ਦੇ ਮਨੁੱਖਤਾ ਦੀ ਸੇਵਾ ਕਰ ਸਕਦੇ ਹਾਂ। ਐੱਨ.ਐੱਸ.ਐੱਸ. ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਨੇ ਦੱਸਿਆ ਕਿ ਕੈਂਪ ਦ ੌਰਾਨ 250 ਵਿਦਿਆਰਥੀਆਂ ਅਤੇ ਹੋਰ ਦਾਨੀਆਂ ਵਲੋਂ ਰਜਿਸਟ੍ਰੇਸ਼ਨ ਕਰਵਾਈ ਗਈ, ਜਦਕਿ ਕੁੱਲ 176 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਦੇ ਕਰਮਚਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਉਨ੍ਹਾਂ ਕੈਂਪ ਦੀ ਸਫਲਤਾ ਲਈ ਵਿਸ਼ੇਸ਼ ਤੌਰ ’ਤੇ ਰੈੱਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਡਾ. ਸਿਮਰਨਜੀਤ ਸਿੰਘ ਸਿੱਧੂ ਦੀ ਸ਼ਲਾਘਾ ਕੀਤੀ ਅਤੇ ਰੋਟਰੀ ਕਲੱਬ ਦੀ ਅਗਵਾਈ ਕਰ ਰਹੇ ਡਾ. ਅਵਨੀਤਪਾਲ ਸਿੰਘ, ਖ਼ੂਨਦਾਨੀਆਂ, ਸਰਕਾਰੀ ਰਜਿੰਦਰਾ ਹਸਪਤਾਲ ਦੇ ਬਲੱਡ ਬੈਂਕ ਦੀ ਟੀਮ ਅਤੇ ਪ੍ਰਬੰਧਕੀ ਟੀਮ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਐੱਨ.ਐੱਸ.ਐੱਸ. ਵਿਭਾਗ ਵਲੋਂ ਰਾਊਂਡ ਗਲਾਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਖ਼ੂਨਦਾਨੀਆਂ ਲਈ ਪੌਦਿਆਂ ਦੀ ਵੰਡ ਵਾਸਤੇ ਇਕ ਵਿਸ਼ੇਸ਼ ਡੈਸਕ ਵੀ ਸਥਾਪਿਤ ਕੀਤਾ ਗਿਆ।