ਸਰਕਾਰ ਨੇ ਭਗਵਾਨ ਵਿਸ਼ਵਕਰਮਾ ਜੀ ਦੇ ਭਵਨ ਦਾ ਨਿਰਮਾਣ ਕਾਰਜ ਰੋਕਿਆ, ਕਾਂਗਰਸ ਸਰਕਾਰ ਬਣਨ ’ਤੇ ਕਰਵਾਇਆ ਜਾਵੇਗਾ ਪੂਰਾ-ਸੰਜੀਵ ਬਿੱਟੂ
ਪਟਿਆਲਾ, 9 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਭਗਵਾਨ ਵਿਸ਼ਵਕਰਮਾ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਤੇ ਮੰਦਰਾਂ ਵਿਚ ਪਹੁੰਚ ਕੇ ਆਪਣੀ ਹਾਜ਼ਰੀ ਲਗਵਾਈ ਅਤੇ ਭਗਵਾਨ ਵਿਸ਼ਵਕਰਮਾ ਜੀ ਅੱਗੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਵੱਖ-ਵੱਖ ਸੰਸਥਾਵਾਂ ਵਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ।
ਪਟਿਆਲਾ, 9 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਭਗਵਾਨ ਵਿਸ਼ਵਕਰਮਾ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਤੇ ਮੰਦਰਾਂ ਵਿਚ ਪਹੁੰਚ ਕੇ ਆਪਣੀ ਹਾਜ਼ਰੀ ਲਗਵਾਈ ਅਤੇ ਭਗਵਾਨ ਵਿਸ਼ਵਕਰਮਾ ਜੀ ਅੱਗੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਵੱਖ-ਵੱਖ ਸੰਸਥਾਵਾਂ ਵਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ। ਇਸ ਮੌਕੇ ਸੰਜੀਵ ਬਿੱਟੂ ਨੇ ਕਿਹਾ ਕਿ ਉਨ੍ਹਾਂ ਦੇ ਮੇਅਰ ਕਾਰਜਕਾਲ ਦੌਰਾਨ ਭਗਵਾਨ ਵਿਸ਼ਵਕਰਮਾ ਜੀ ਦੇ ਭਵਨ ਦੀ ਉਸਾਰੀ ਲਈ ਨਗਰ ਨਿਗਮ ਵਲੋਂ ਜ਼ਮੀਨ ਅਲਾਟ ਕਰਵਾਈ ਗਈ ਸੀ। ਇਸ ਮਹੱਤਵਪੂਰਨ ਪ੍ਰਾਜੈਕਟ ਲਈ ਲਗਪਗ ਇਕ ਕਰੋੜ ਰੁਪਏ ਦਾ ਟੈਂਡਰ ਜਾਰੀ ਕੀਤਾ ਅਤੇ ਕਰੀਬ 45 ਲੱਖ ਰੁਪਏ ਦੀ ਰਕਮ ਵੀ ਜਮ੍ਹਾਂ ਕਰਵਾਈ ਗਈ ਸੀ ਤਾਂ ਜੋ ਕਿਰਤੀ ਅਤੇ ਸ਼ਿਲਪਕਾਰ ਸਮਾਜ ਨੂੰ ਆਪਣਾ ਇਕ ਮਾਣਮੱਤਾ ਭਵਨ ਮਿਲ ਸਕੇ ਪਰ ਉਨ੍ਹਾਂ ਨੇ ਅਫ਼ਸੋਸ ਜ਼ਾਹਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਬਾਅਦ ਇਸ ਪੂਰੇ ਪ੍ਰਾਜੈਕਟ ਨੂੰ ਅੱਗੇ ਵਧਾਉਣ ਦੀ ਬਜਾਏ ਰੋਕ ਦਿੱਤਾ ਗਿਆ। ਸੰਜੀਵ ਬਿੱਟੂ ਨੇ ਕਿਰਤੀ ਸਮਾਜ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਮਾਮਲੇ ਨੂੰ ਲਗਾਤਾਰ ਉਠਾਉਂਦੇ ਰਹਿਣਗੇ ਅਤੇ ਪੰਜਾਬ ਵਿਚ ਕਾਂਗਰਸ ਸਰਕਾਰ ਬਣਨ ’ਤੇ ਭਗਵਾਨ ਵਿਸ਼ਵਕਰਮਾ ਜੀ ਦੇ ਭਵਨ ਦਾ ਨਿਰਮਾਣ ਕਾਰਜ ਪਹਿਲ ਦੇ ਆਧਾਰ ’ਤੇ ਮੁੜ ਸ਼ੁਰੂ ਕਰਵਾ ਕੇ ਪੂਰਾ ਕਰਵਾਉਣ ਲਈ ਵਚਨਬੱਧ ਰਹਿਣਗੇ। ਉਨ੍ਹਾਂ ਕਿਹਾ ਕਿ ਕਿਰਤੀ ਸਮਾਜ ਨੂੰ ਸਿਰਫ਼ ਆਰਥਿਕ ਹੀ ਨਹੀਂ, ਸਗੋਂ ਸਮਾਜਿਕ ਅਤੇ ਰਾਜਨੀਤਿਕ ਖੇਤਰ ਵਿਚ ਵੀ ਪੂਰਾ ਮਾਣ-ਸਨਮਾਨ ਮਿਲਣਾ ਚਾਹੀਦਾ ਹੈ। ਕਾਂਗਰਸ ਪਾਰਟੀ ਨੇ ਹਮੇਸ਼ਾ ਮਿਹਨਤਕਸ਼ ਅਤੇ ਕਿਰਤੀ ਵਰਗ ਦੀ ਪ੍ਰਤਿਭਾ ਨੂੰ ਸਨਮਾਨ ਦਿੱਤਾ ਹੈ। ਅੰਤ ਵਿਚ ਸੰਜੀਵ ਬਿੱਟੂ ਨੇ ਸਮੂਹ ਕਿਰਤੀ, ਸ਼ਿਲਪਕਾਰ ਅਤੇ ਮਿਹਨਤਕਸ਼ ਸਮਾਜ ਨੂੰ ਭਗਵਾਨ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੰਦਿਆਂ ਕਿਹਾ ਕਿ ਉਹ ਇਸ ਸਮਾਜ ਦੇ ਮਾਣ-ਸਨਮਾਨ, ਹੱਕਾਂ ਅਤੇ ਵਿਕਾਸ ਲਈ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ।