ਗੁਰਮਤਿ ਦੇ ਸਿਧਾਂਤਾਂ ’ਤੇ ਪਹਿਰੇਦਾਰ ਬਣਨ ਦੀ ਲੋੜ-ਪ੍ਰੋ. ਕਿਰਪਾਲ ਸਿੰਘ ਬੰਡੂਗਰ
ਭੁੱਨਰਹੇੜੀ, 10 ਨਵੰਬਰ (ਧਨਵੰਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਖ਼ਾਲਸਾ ਪੰਥ ਦੀ ਸਾਜਨਾ ਕਰਕੇ ਮਨੁੱਖੀ ਅਧਿਕਾਰਾਂ, ਧਾਰਮਿਕ ਆਜ਼ਾਦੀ ਅਤੇ ਜ਼ੁਲਮ ਵਿਰੁੱਧ ਸੰਘਰਸ਼ ਦੀ ਅਜਿਹੀ ਵਿਚਾਰਧਾਰਾ ਸਥਾਪਤ ਕੀਤੀ ਗਈ, ਜਿਸ ਨੇ ਇਤਿਹਾਸ ਦੀ ਦਿਸ਼ਾ ਬਦਲ ਦਿੱਤੀ।
ਭੁੱਨਰਹੇੜੀ, 10 ਨਵੰਬਰ (ਧਨਵੰਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਖ਼ਾਲਸਾ ਪੰਥ ਦੀ ਸਾਜਨਾ ਕਰਕੇ ਮਨੁੱਖੀ ਅਧਿਕਾਰਾਂ, ਧਾਰਮਿਕ ਆਜ਼ਾਦੀ ਅਤੇ ਜ਼ੁਲਮ ਵਿਰੁੱਧ ਸੰਘਰਸ਼ ਦੀ ਅਜਿਹੀ ਵਿਚਾਰਧਾਰਾ ਸਥਾਪਤ ਕੀਤੀ ਗਈ, ਜਿਸ ਨੇ ਇਤਿਹਾਸ ਦੀ ਦਿਸ਼ਾ ਬਦਲ ਦਿੱਤੀ। ਖ਼ਾਲਸਾ ਪੰਥ ਕੇਵਲ ਇਕ ਧਾਰਮਿਕ ਪਛਾਣ ਨਹੀਂ, ਸਗੋਂ ਸੰਤ-ਸਿਪਾਹੀ ਦੀ ਉਹ ਜੀਵਨ ਜਾਂਚ ਹੈ, ਜੋ ਧਰਮ ਦੀ ਰੱਖਿਆ, ਮਜ਼ਲੂਮਾਂ ਦੇ ਹੱਕਾਂ ਦੀ ਪਹਿਰੇਦਾਰੀ ਅਤੇ ਮਨੁੱਖਤਾ ਦੀ ਭਲਾਈ ਲਈ ਸਮਰਪਿਤ ਰਹਿਣ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸਿੱਖੀ ਦੇ ਅਧਿਆਤਮਕ ਪੱਖ ਦੇ ਨਾਲ ਇਸ ਦੇ ਸਮਾਜਿਕ ਅਤੇ ਸਰਬਸਾਂਝੇ ਸਰੋਕਾਰਾਂ ਨੂੰ ਸਮਝਣਾ ਵੀ ਜ਼ਰੂਰੀ ਹੈ। ਪ੍ਰੋ. ਬਡੂੰਗਰ ਨੇ ‘ਅਜੀਤ’ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਕਿਹਾ ਕਿ ਸਿੰਘ ਸਭਾ ਲਹਿਰ, ਗੁਰਦੁਆਰਾ ਸੁਧਾਰ ਲਹਿਰ ਅਤੇ ਅਕਾਲੀ ਲਹਿਰ ਸਿੱਖ ਕੌਮ ਦੇ ਇਤਿਹਾਸ ਵਿਚ ਧਾਰਮਿਕ ਜਾਗ੍ਰਿਤੀ, ਪੰਥਕ ਹੱਕਾਂ ਦੀ ਚੇਤਨਾ ਅਤੇ ਸੰਸਥਾਗਤ ਸਵੈਮਾਣ ਦੇ ਅਹਿਮ ਅਧਿਆਇ ਹਨ। ਇਨ੍ਹਾਂ ਲਹਿਰਾਂ ਨਾਲ ਜੁੜੇ ਸਿੱਖ ਆਗੂਆਂ ਅਤੇ ਸ਼ਹੀਦਾਂ ਨੇ ਗੁਰਦੁਆਰਾ ਸਾਹਿਬਾਨ ਦੀ ਆਜ਼ਾਦੀ, ਪੰਥਕ ਮਰਿਆਦਾ ਅਤੇ ਸਿੱਖ ਸੰਸਥਾਵਾਂ ਦੀ ਖ਼ੁਦਮੁਖ਼ਤਿਆਰੀ ਲਈ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਤਿਹਾਸਕ ਸੰਘਰਸ਼ਾਂ ਤੋਂ ਪ੍ਰੇਰਨਾ ਲੈਂਦਿਆਂ ਅੱਜ ਵੀ ਪੰਥਕ ਸੰਸਥਾਵਾਂ ਦੀ ਮਜ਼ਬੂਤੀ, ਪਾਰਦਰਸ਼ਤਾ ਅਤੇ ਗੁਰਮਤਿ ਅਨੁਸਾਰ ਕਾਰਜਸ਼ੈਲੀ ਨੂੰ ਤਰਜੀਹ ਦੇਣ ਦੀ ਲੋੜ ਹੈ।