ਐਸ.ਐਸ.ਆਰ.-2026 ਤਹਿਤ ਡੀ.ਸੀ. ਵਲੋਂ ਵੋਟਰ ਸੂਚੀਆਂ ਦੀ ਸੁਧਾਈ ਸੰਬੰਧੀ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਪਟਿਆਲਾ, 12 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਅੱਜ ਐਸ. ਐਸ.
ਪਟਿਆਲਾ, 12 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਅੱਜ ਐਸ.ਐਸ.ਆਰ.-2026 ਤਹਿਤ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਅਤੇ ਯੋਗ ਨਾਗਰਿਕਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਇਸ ਪ੍ਰਕਿਰਿਆ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਓਹਨਾ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਅਤੇ ਜਿਲ੍ਹਾ ਚੋਣ ਤਹਿਸੀਲਦਾਰ ਸ੍ਰੀ ਵਿਜੇ ਚੌਧਰੀ ਵੀ ਮੌਜੂਦ ਸਨ। ਇਸ ਮੌਕੇ ਜ਼ਿਲ੍ਹਾ ਪਟਿਆਲਾ ਦੇ ਸਮੂਹ ਵਿਧਾਨ ਸਭਾ ਹਲਕਿਆਂ ਦੀ ਫੋਟੋ ਸਮੇਤ ਡਰਾਫਟ ਵੋਟਰ ਸੂਚੀ ਦਾ ਇੱਕ-ਇੱਕ ਸੈੱਟ ਰਾਜਨੀਤਿਕ ਪਾਰਟੀਆਂ ਦੇ ਜ਼ਿਲ੍ਹਾ ਪ੍ਰਧਾਨਾਂ/ਨੁਮਾਇੰਦਿਆਂ ਨੂੰ ਮੁਹੱਈਆ ਕਰਵਾਇਆ ਗਿਆ। ਇਸ ਦੇ ਨਾਲ ਹੀ ਫੋਟੋ ਰਹਿਤ ਡਰਾਫਟ ਵੋਟਰ ਸੂਚੀ ਦੀ ਪੈਨ ਡਰਾਈਵ ਵੀ ਦਿੱਤੀ ਗਈ, ਤਾਂ ਜੋ ਪਾਰਟੀਆਂ ਸੂਚੀਆਂ ਦੀ ਜਾਂਚ ਕਰਕੇ ਕਿਸੇ ਵੀ ਕਮੀ, ਗਲਤੀ ਜਾਂ ਇਤਰਾਜ਼ ਬਾਰੇ ਚੋਣ ਦਫ਼ਤਰ ਨੂੰ ਜਾਣੂ ਕਰਵਾ ਸਕਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਹੜੇ ਨੌਜਵਾਨ 1 ਜਨਵਰੀ 2027 ਨੂੰ 18 ਸਾਲ ਦੀ ਉਮਰ ਪੂਰੀ ਕਰ ਰਹੇ ਹਨ, ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਲਈ ਫਾਰਮ ਨੰਬਰ 6 ਭਰ ਸਕਦੇ ਹਨ। ਇਸ ਤੋਂ ਇਲਾਵਾ ਐਨ.ਆਰ.ਆਈ. ਵੋਟਰਾਂ ਲਈ ਫਾਰਮ ਨੰਬਰ 6ਏ, ਨਾਮ ਕਟਵਾਉਣ ਲਈ ਫਾਰਮ ਨੰਬਰ 7 ਅਤੇ ਵੋਟਰ ਸੂਚੀ ਵਿੱਚ ਸੋਧ ਜਾਂ ਪਤਾ ਬਦਲਣ ਲਈ ਫਾਰਮ ਨੰਬਰ 8 ਭਰਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਨਾਗਰਿਕ ਆਪਣੇ ਦਾਅਵੇ ਅਤੇ ਇਤਰਾਜ਼ ਸਬੰਧਤ ਬੂਥ ਲੈਵਲ ਅਫ਼ਸਰ ਰਾਹੀਂ ਜਾਂ ਆਨਲਾਈਨ ਪੋਰਟਲ ਅਤੇ ਮੋਬਾਈਲ ਐਪ ਰਾਹੀਂ ਵੀ ਦਰਜ ਕਰਵਾ ਸਕਦੇ ਹਨ। ਉਨ੍ਹਾਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਯੋਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ। ਡਰਾਫਟ ਵੋਟਰ ਸੂਚੀ ਅਨੁਸਾਰ ਪਟਿਆਲਾ ਜ਼ਿਲ੍ਹੇ ਦੇ 8 ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 14,34,888 ਵੋਟਰ ਦਰਜ ਹਨ, ਜਿਨ੍ਹਾਂ ਵਿੱਚ 7,34,438 ਪੁਰਸ਼, 7,00,404 ਮਹਿਲਾਵਾਂ ਅਤੇ 46 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ। ਜ਼ਿਲ੍ਹੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਪਹਿਲਾਂ 1861 ਸੀ, ਜੋ ਹੁਣ ਵਧ ਕੇ 1864 ਹੋ ਗਈ ਹੈ। ਇਸ ਮੌਕੇ ਬੀ ਜੇ ਪੀ, ਕਾਂਗਰਸ, ਬੀ ਐੱਸ ਪੀ ਅਤੇ ਸ਼੍ਰੋਮਣੀ ਅਕਾਲੀਦਲ ਪਾਰਟੀਆਂ ਦੇ ਨੁਮਾਇੰਦੇ ਮੌਜੂਦ ਸਨ।