ਅਕਾਲੀ-ਭਾਜਪਾ ਗੱਠਜੋੜ ਸੱਤਾ ਦੀ ਲਾਲਸਾ ’ਚ ਬਣਿਆ ਗੈਰ-ਸਿਧਾਂਤਕ ਅਤੇ ਮੁੱਦਾਹੀਣ ਗੱਠਜੋੜ-ਇੰਦਰਜੀਤ ਸਿੰਘ ਸੰਧੂ
ਸਨੌਰ, 26 ਨਵੰਬਰ (ਸੋਖਲ)-ਅਕਾਲੀ ਦਲ ਅਤੇ ਭਾਜਪਾ ਵਿਚਕਾਰ ਹੋਏ ਗਠਜੋੜ ਤੋਂ ਬਾਅਦ ਵੱਖ-ਵੱਖ ਸਿਆਸੀ ਆਗੂਆਂ ਵੱਲੋਂ ਪ੍ਰਤੀਕਰਮ ਦਿੱਤੇ ਜਾ ਰਹੇ ਹਨ। ਇਸੇ ਸੰਦਰਭ ਵਿੱਚ ਆਮ ਆਦਮੀ ਪਾਰਟੀ ਹਲਕਾ ਸਨੌਰ ਦੇ ਸੀਨੀਅਰ ਆਗੂ ਅਤੇ ਪੰਜਾਬ ਸਟੇਟ ਕਨਵੇਅਰ ਦੇ ਉਪ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੇ ਇਸ ਨਵੇਂ ਗਠਜੋੜ ’ਤੇ ਤਿੱਖਾ ਹਮਲਾ ਕਰਦਿਆਂ ਇਸ ਨੂੰ ਗੈਰ-ਸਿਧਾਂਤਕ ਅਤੇ ਮੁੱਦਾ-ਹੀਣ ਕਰਾਰ ਦਿੱਤਾ।
ਸਨੌਰ, 26 ਨਵੰਬਰ (ਸੋਖਲ)-ਅਕਾਲੀ ਦਲ ਅਤੇ ਭਾਜਪਾ ਵਿਚਕਾਰ ਹੋਏ ਗਠਜੋੜ ਤੋਂ ਬਾਅਦ ਵੱਖ-ਵੱਖ ਸਿਆਸੀ ਆਗੂਆਂ ਵੱਲੋਂ ਪ੍ਰਤੀਕਰਮ ਦਿੱਤੇ ਜਾ ਰਹੇ ਹਨ। ਇਸੇ ਸੰਦਰਭ ਵਿੱਚ ਆਮ ਆਦਮੀ ਪਾਰਟੀ ਹਲਕਾ ਸਨੌਰ ਦੇ ਸੀਨੀਅਰ ਆਗੂ ਅਤੇ ਪੰਜਾਬ ਸਟੇਟ ਕਨਵੇਅਰ ਦੇ ਉਪ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੇ ਇਸ ਨਵੇਂ ਗਠਜੋੜ ’ਤੇ ਤਿੱਖਾ ਹਮਲਾ ਕਰਦਿਆਂ ਇਸ ਨੂੰ ਗੈਰ-ਸਿਧਾਂਤਕ ਅਤੇ ਮੁੱਦਾ-ਹੀਣ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਅਕਾਲੀ-ਭਾਜਪਾ ਗਠਜੋੜ ਨਹੀਂ, ਸਗੋਂ ਪੈਸੇ ਅਤੇ ਸੱਤਾ ਦੀ ਲਾਲਸਾ ਖਾਤਰ ਬਣਿਆ ਇੱਕ ਠੱਗਜੋੜ ਹੈ।ਇੰਦਰਜੀਤ ਸਿੰਘ ਸੰਧੂ ਨੇ ਕਿਹਾ ਕਿ ਅੱਜ ਵੀ ਬੰਦੀ ਸਿੰਘਾਂ ਦੀ ਰਿਹਾਈ, ਪੰਜਾਬ ਦੇ ਕਿਸਾਨਾਂ ਦੇ ਮਸਲੇ, ਕਿਸਾਨ ਅੰਦੋਲਨ ਦੌਰਾਨ ਦਰਜ ਹੋਏ ਕੇਸ, ਬੀਬੀਐਮਬੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀਆਂ ਵਰਗੇ ਅਹਿਮ ਮੁੱਦੇ ਜਿਉਂ ਦੇ ਤਿਉਂ ਖੜ੍ਹੇ ਹਨ। ਇਨ੍ਹਾਂ ਮਸਲਿਆਂ ਦਾ ਹੱਲ ਕੀਤੇ ਬਿਨਾਂ ਅਜਿਹੇ ਗਠਜੋੜ ਬਾਰੇ ਸੋਚਣਾ ਵੀ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਨ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹਿਲਾਂ ਭਾਜਪਾ ਵਿੱਚ ਜਾਣ ਵਾਲੇ ਪੰਜਾਬੀਆਂ ਦਾ ਡੀਐੱਨਏ ਟੈਸਟ ਕਰਵਾਉਣ ਦੀਆਂ ਗੱਲਾਂ ਕਰਦੇ ਸਨ, ਪਰ ਹੁਣ ਉਹ ਕਿਹੜੇ ਮੂੰਹ ਨਾਲ ਭਾਜਪਾ ਦੇ ਕੇਂਦਰੀ ਆਗੂਆਂ ਨਾਲ ਜੱਫੀਆਂ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਥਾਪਨਾ ਪੰਥ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਹੋਈ ਸੀ, ਪਰ ਅੱਜ ਇਨ੍ਹਾਂ ਦੋਵਾਂ ਦੇ ਮੁੱਦੇ ਅਣਗੌਲੇ ਕੀਤੇ ਜਾ ਰਹੇ ਹਨ। ਸੰਧੂ ਨੇ ਦੋਸ਼ ਲਾਇਆ ਕਿ ਪਿਛਲੇ ਅਕਾਲੀ-ਭਾਜਪਾ ਸ਼ਾਸਨ ਦੌਰਾਨ ਪੰਜਾਬ ਵਿੱਚ ਨਸ਼ਿਆਂ ਦਾ ਪ੍ਰਕੋਪ ਵਧਿਆ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ, ਕੋਟਕਪੂਰਾ ਗੋਲੀਕਾਂਡ ਹੋਇਆ ਅਤੇ ਡੇਰਾ ਮੁਖੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀਨਾਮਾ ਜਾਰੀ ਹੋਣ ਦਾ ਵਿਵਾਦ ਸਾਹਮਣੇ ਆਇਆ। ਇਸ ਤੋਂ ਇਲਾਵਾ ਪੰਜਾਬ ਦੇ ਕਾਰੋਬਾਰੀਆਂ ਵਿੱਚ ਡਰ ਅਤੇ ਭੈਅ ਦਾ ਮਾਹੌਲ ਬਣਿਆ। ਅੰਤ ਵਿੱਚ ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਸਿਆਸੀ ਝਾਂਸੇ ਵਿੱਚ ਨਾ ਆਉਣ ਅਤੇ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਫੈਸਲਾ ਕਰਨ । ਉਨ੍ਹਾਂ ਕਿਹਾ ਕਿ ਇਹ ਗਠਜੋੜ ਪੰਜਾਬ ਦੇ ਲੋਕਾਂ ਨਾਲ ਮੁੜ ਸਿਆਸੀ ਧੋਖਾ ਕਰਨ ਦੀ ਕੋਸ਼ਿਸ਼ ਹੈ, ਜਿਸ ਤੋਂ ਸੂਬੇ ਦੇ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ।