ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਭਾਜਪਾ ਦਾ ਗੱਠਜੋੜ ਸਿਆਸੀ ਨਹੀਂ, ਸਗੋਂ ਮੌਕਾਪ੍ਰਸਤੀ ਦਾ ਮੇਲ ਹੈ-ਜਨਕ ਰਾਜ ਕਲਵਾਨੂੰ
ਸਨੌਰ, 29 ਨਵੰਬਰ (ਸੋਖਲ)–ਅਕਾਲੀ ਦਲ ਬਾਦਲ ਅਤੇ ਭਾਜਪਾ ਦੇ ਗਠਜੋੜ ਨੂੰ ਮੌਕਾਪ੍ਰਸਤੀ ਦਾ ਗਠਜੋੜ ਕਰਾਰ ਦਿੰਦਿਆਂ ਖੱਬੇ ਪੱਖੀ ਆਗੂ ਜਨਕ ਰਾਜ ਕਲਵਾਨੂੰ ਨੇ ਕਿਹਾ ਕਿ ਇਹ ਦੋਵਾਂ ਪਾਰਟੀਆਂ ਦਾ ਵਿਚਾਰਧਾਰਕ ਜਾਂ ਸਿਧਾਂਤਕ ਮੇਲ ਨਹੀਂ, ਸਗੋਂ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਕੀਤਾ ਗਿਆ ਸਮਝੌਤਾ ਹੈ। ਓਹਨਾ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਭਾਜਪਾ ਅਤੇ ਇਸ ਨਾਲ ਜੁੜਿਆ ਆਰ.
ਸਨੌਰ, 29 ਨਵੰਬਰ (ਸੋਖਲ)–ਅਕਾਲੀ ਦਲ ਬਾਦਲ ਅਤੇ ਭਾਜਪਾ ਦੇ ਗਠਜੋੜ ਨੂੰ ਮੌਕਾਪ੍ਰਸਤੀ ਦਾ ਗਠਜੋੜ ਕਰਾਰ ਦਿੰਦਿਆਂ ਖੱਬੇ ਪੱਖੀ ਆਗੂ ਜਨਕ ਰਾਜ ਕਲਵਾਨੂੰ ਨੇ ਕਿਹਾ ਕਿ ਇਹ ਦੋਵਾਂ ਪਾਰਟੀਆਂ ਦਾ ਵਿਚਾਰਧਾਰਕ ਜਾਂ ਸਿਧਾਂਤਕ ਮੇਲ ਨਹੀਂ, ਸਗੋਂ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਕੀਤਾ ਗਿਆ ਸਮਝੌਤਾ ਹੈ। ਓਹਨਾ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਭਾਜਪਾ ਅਤੇ ਇਸ ਨਾਲ ਜੁੜਿਆ ਆਰ.ਐੱਸ.ਐੱਸ. ਲਗਾਤਾਰ ਦੇਸ਼ ਵਿੱਚ ਸਨਾਤਨ ਧਰਮ ਅਤੇ ਮਨੂਵਾਦੀ ਵਿਚਾਰਧਾਰਾ ਦਾ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਘੱਟ ਗਿਣਤੀਆਂ ਅਤੇ ਵਿਰੋਧੀ ਵਿਚਾਰਧਾਰਾ ਵਾਲੇ ਲੋਕਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਏ ਜਾ ਰਹੇ ਕਈ ਫੈਸਲੇ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ ਲਿਆਂਦੇ ਗਏ ਸਨ, ਜਿਨ੍ਹਾਂ ਦੇ ਵਿਰੋਧ ਵਿੱਚ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨਾਂ ਨੇ ਲੰਮਾ ਸੰਘਰਸ਼ ਕੀਤਾ ਅਤੇ ਕਈ ਕਿਸਾਨਾਂ ਨੇ ਆਪਣੀਆਂ ਜਾਨਾਂ ਗਵਾਈਆਂ। ਕਿਸਾਨਾਂ ਦੇ ਵੱਡੇ ਵਿਰੋਧ ਤੋਂ ਬਾਅਦ ਸਰਕਾਰ ਨੂੰ ਇਹ ਕਾਨੂੰਨ ਵਾਪਸ ਲੈਣੇ ਪਏ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਪਾਣੀਆਂ, ਚੰਡੀਗੜ੍ਹ, ਪੰਜਾਬੀ ਭਾਸ਼ਾ ਅਤੇ ਸੂਬੇ ਦੇ ਅਧਿਕਾਰਾਂ ਨਾਲ ਜੁੜੇ ਮਸਲਿਆਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਕਲਵਾਨੂੰ ਨੇ ਕਿਹਾ ਕਿ ਪੰਜਾਬ ਦੀਆਂ ਸਰਹੱਦਾਂ ‘ਤੇ ਕੇਂਦਰੀ ਸੁਰੱਖਿਆ ਬਲਾਂ ਦੀ ਤਾਇਨਾਤੀ, ਵਿਰੋਧੀ ਪਾਰਟੀਆਂ ਦੇ ਆਗੂਆਂ ਖ਼ਿਲਾਫ਼ ਈ.ਡੀ. ਅਤੇ ਸੀ.ਬੀ.ਆਈ. ਦੀ ਕਾਰਵਾਈ, ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਅਤੇ ਬੈਂਕਾਂ ਦੇ ਕਰਜ਼ਿਆਂ ਨਾਲ ਜੁੜੇ ਮਾਮਲੇ ਵੀ ਗੰਭੀਰ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਅਮਰੀਕਾ ਨਾਲ ਹੋਣ ਵਾਲੇ ਵਪਾਰਕ ਸਮਝੌਤਿਆਂ ਨੂੰ ਵੀ ਕਿਸਾਨੀ ਲਈ ਨੁਕਸਾਨਦਾਇਕ ਦੱਸਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਪੰਜਾਬ ਦੇ ਹੱਕਾਂ, ਪੰਜਾਬੀ ਬੋਲਦੇ ਇਲਾਕਿਆਂ ਨੂੰ ਪੰਜਾਬ ਵਿੱਚ ਸ਼ਾਮਲ ਕਰਵਾਉਣ, ਪਾਣੀਆਂ ਦੇ ਮਸਲੇ ਅਤੇ ਚੰਡੀਗੜ੍ਹ ਨੂੰ ਪੰਜਾਬ ਦੀ ਰਾਜਧਾਨੀ ਵਜੋਂ ਪੂਰਾ ਹੱਕ ਦਿਵਾਉਣ ਲਈ ਸੰਘਰਸ਼ ਨਾਲ ਜੁੜਿਆ ਹੋਇਆ ਹੈ। ਪਰ ਅੱਜ ਅਕਾਲੀ ਦਲ ਬਾਦਲ ਦੀ ਲੀਡਰਸ਼ਿਪ ਆਪਣੇ ਬੁਨਿਆਦੀ ਮੁੱਦਿਆਂ ਨੂੰ ਪਿੱਛੇ ਛੱਡ ਕੇ ਭਾਜਪਾ ਨਾਲ ਗਠਜੋੜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਭਾਜਪਾ ਨਾਲ ਗਠਜੋੜ ਕਰਨ ਵਾਲੀਆਂ ਕਈ ਖੇਤਰੀ ਪਾਰਟੀਆਂ ਨੂੰ ਸਿਆਸੀ ਤੌਰ ‘ਤੇ ਨੁਕਸਾਨ ਝੱਲਣਾ ਪਿਆ ਹੈ। ਉਨ੍ਹਾਂ ਖਦਸ਼ਾ ਪ੍ਰਗਟਾਇਆ ਕਿ ਪੰਜਾਬ ਵਿੱਚ ਵੀ ਭਾਜਪਾ ਆਪਣੀ ਸਿਆਸੀ ਪਕੜ ਮਜ਼ਬੂਤ ਕਰਨ ਲਈ ਅਜਿਹੀਆਂ ਰਣਨੀਤੀਆਂ ਅਪਣਾ ਸਕਦੀ ਹੈ। ਜਨਕ ਰਾਜ ਕਲਵਾਨੂੰ ਨੇ ਇਸ ਗਠਜੋੜ ਨੂੰ ਮੌਕਾਪ੍ਰਸਤੀ ਦਾ ਮੇਲ ਦੱਸਦਿਆਂ ਕਿਹਾ ਕਿ ਇਹ ਗਠਜੋੜ ਕਿਸੇ ਵੀ ਸਮੇਂ ਟੁੱਟ ਸਕਦਾ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਹਿੱਤਾਂ ਨੂੰ ਸਭ ਤੋਂ ਉੱਪਰ ਰੱਖਣ ਅਤੇ ਸੂਬੇ ਵਿੱਚ ਭਾਜਪਾ ਦੀ ਸਿਆਸੀ ਪਕੜ ਮਜ਼ਬੂਤ ਹੋਣ ਤੋਂ ਰੋਕਣ ਲਈ ਸੁਚੇਤ ਰਹਿਣ। ਅੰਤ ਵਿੱਚ ਉਨ੍ਹਾਂ ਪੰਜਾਬ ਵਾਸੀਆਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਧਰਮ ਨਿਰਪੱਖ ਪਾਰਟੀਆਂ ਦੇ ਗਠਜੋੜ ਦਾ ਸਮਰਥਨ ਕਰਨ ਦੀ ਅਪੀਲ ਕੀਤੀ, ਤਾਂ ਜੋ ਪੰਜਾਬ ਦੇ ਹੱਕਾਂ, ਭਾਈਚਾਰਕ ਸਾਂਝ ਅਤੇ ਸੂਬੇ ਦੀ ਖੁਸ਼ਹਾਲੀ ਦੀ ਰਾਖੀ ਕੀਤੀ ਜਾ ਸਕੇ।