ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਮਨਰੇਗਾ ਕਾਮਿਆਂ ਦੇ ਰੋਸ ਮੁਜ਼ਾਹਰੇ ਵਿਚ ਆ ਕੇ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੰਦੇ ਹੋਏ ਡੀ.ਡੀ.ਪੀ.ਓ.।
ਸ੍ਰੀ ਮੁਕਤਸਰ ਸਾਹਿਬ, 21 ਅਗਸਤ (ਹਰਮਹਿੰਦਰ ਪਾਲ)-ਮਨਰੇਗਾ-ਕਮ-ਗਰਾਮ ਜੀ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਾਲ ਇਕੱਠ ਕੀਤਾ ਗਿਆ। ਇਸ ਤੋਂ ਬਾਅਦ ਮਜ਼ਦੂਰਾਂ ਨੇ ਮਾਰਚ ਕਰਦਿਆਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਗੇਟ ’ਤੇ ਧਰਨਾ ਦਿੱਤਾ ਅਤੇ ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ ਦੇ ਨਾਂਅ ਆਪਣਾ ਅਧਿਕਾਰ ਪੱਤਰ ਸੌਂਪਿਆ।
ਸ੍ਰੀ ਮੁਕਤਸਰ ਸਾਹਿਬ, 21 ਅਗਸਤ (ਹਰਮਹਿੰਦਰ ਪਾਲ)-ਮਨਰੇਗਾ-ਕਮ-ਗਰਾਮ ਜੀ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਾਲ ਇਕੱਠ ਕੀਤਾ ਗਿਆ। ਇਸ ਤੋਂ ਬਾਅਦ ਮਜ਼ਦੂਰਾਂ ਨੇ ਮਾਰਚ ਕਰਦਿਆਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਗੇਟ ’ਤੇ ਧਰਨਾ ਦਿੱਤਾ ਅਤੇ ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ ਦੇ ਨਾਂਅ ਆਪਣਾ ਅਧਿਕਾਰ ਪੱਤਰ ਸੌਂਪਿਆ। ਇਕੱਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾਈ ਮੁੱਖ ਸਲਾਹਕਾਰ ਜਗਰੂਪ ਸਿੰਘ ਨੇ ਆਖਿਆ ਕਿ ਸਰਕਾਰ ਮਨਰੇਗਾ ਅਤੇ ਗਰਾਮ ਜੀ ਯੋਜਨਾ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਵਿਚ ਅਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਮਨਰੇਗਾ ਕਾਨੂੰਨ ਦੀਆਂ ਧਾਰਾਵਾਂ ਅਨੁਸਾਰ ਕੰਮ ਵਿਚ ਰੁਕਾਵਟ ਪਾਉਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇ ਅਤੇ ਪਾਰਦਰਸ਼ਤਾ ਨਾਲ ਲਾਗੂ ਹੋਵੇ। ਉਨ੍ਹਾਂ ਕਿਹਾ ਕਿ ਪਿਛਲੇ ਬਕਾਏ, ਰੁਕੇ ਮਸਟਰੋਲਾਂ ਦਾ ਭੁਗਤਾਨ ਕੀਤਾ ਜਾਵੇ ਅਤੇ ਬੇਰੁਜ਼ਗਾਰੀ ਭੱਤੇ ਦੇ ਕੇਸਾਂ ਦਾ ਨਿਪਟਾਰਾ ਹਰਜ਼ਾਨੇ ਸਮੇਤ ਹੋਵੇ, ਕੰਮ ਦਾ ਸਮਾਂ 12 ਘੰਟੇ ਕਰਨ ਦੀ ਬਜਾਏ 6 ਘੰਟੇ ਰੱਖਿਆ ਜਾਵੇ, ਜਾਅਲੀ ਜੌਬ ਕਾਰਡਾਂ ਤੇ ਮਸਟਰੋਲਾਂ ਵਿਚ ਹੋਏ ਘਪਲਿਆਂ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ। ਇਸੇ ਤਰ੍ਹਾਂ ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਮਾਲਕਾਂ ਨੂੰ ਵੀ ਆਪਣੀ ਖੇਤੀ ਵਿਚ ਮਨਰੇਗਾ ਅਧੀਨ ਕੰਮ ਕਰਨ ਦਾ ਹੱਕ ਮਿਲੇ। ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ ਅਤੇ ਮਨਰੇਗਾ ਦਫ਼ਤਰਾਂ ਤੇ ਅਫ਼ਸਰਾਂ ਦਾ ਘਿਰਾਓ ਵੀ ਕਰਨਗੇ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਕਾਮਰੇਡ ਜਗਰੂਪ, ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਸੁਖਨਾ, ਜ਼ਿਲ੍ਹਾ ਸਕੱਤਰ ਹਰਲਾਭ ਸਿੰਘ, ਸੁਰਜੀਤ ਸਿੰਘ ਛੱਤਿਆਣਾ, ਬਲਬੀਰ ਸਿੰਘ ਕੋਠੇ ਦਸਮੇਸ਼, ਚਰਨਜੀਤ ਅਤੇ ਹੋਰ ਆਗੂ ਵੀ ਮੌਜੂਦ ਸਨ। ਇਸ ਦੌਰਾਨ ਮੰਗ ਪੱਤਰ ਹਾਸਿਲ ਕਰਦਿਆਂ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸੁਰਿੰਦਰਪਾਲ ਸਿੰਘ ਢਿੱਲੋਂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਾਲੀਆਂ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣਗੀਆਂ ਅਤੇ ਬਾਕੀ ਮੰਗਾਂ ਲਈ ਡਿਪਟੀ ਕਮਿਸ਼ਨਰ ਨਾਲ ਜਲਦ ਮੀਟਿੰਗ ਕਰਵਾ ਕੇ ਹੱਲ ਕੱਢਿਆ ਜਾਵੇਗਾ। ਨਾਲ ਹੀ ਉਨ੍ਹਾਂ ਕਰਮਚਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਕਰਮਚਾਰੀ ਬਿਨਾਂ ਵਜ੍ਹਾ ਮਨਰੇਗਾ ਮਜ਼ਦੂਰਾਂ ਦਾ ਕੰਮ ਰੋਕੇਗਾ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।