ਫ਼ਰੀਦਕੋਟ ’ਚ ਫ਼ਲਿੱਪਕਾਰਟ ਦੇ ਕਰਮਚਾਰੀ ਤੋਂ ਸਾਢੇ 4 ਲੱਖ ਰੁਪਏ ਦੀ ਲੁੱਟ
ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਕੋਟਕਪੂਰਾ ਰੋਡ ’ਤੇ ਬਾਈਕ ਸਵਾਰ ਦੋ ਨੌਜਵਾਨਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਫ਼ਲਿੱਪਕਾਰਟ ਦੇ ਕਰਮਚਾਰੀ ਤੋਂ 4. 50 ਲੱਖ ਰੁਪਏ ਦੀ ਨਕਦੀ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ।
ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਕੋਟਕਪੂਰਾ ਰੋਡ ’ਤੇ ਬਾਈਕ ਸਵਾਰ ਦੋ ਨੌਜਵਾਨਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਫ਼ਲਿੱਪਕਾਰਟ ਦੇ ਕਰਮਚਾਰੀ ਤੋਂ 4.50 ਲੱਖ ਰੁਪਏ ਦੀ ਨਕਦੀ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਦੀ ਪਛਾਣ ਕਰਨ ਲਈ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫ਼ੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੋਟਕਪੂਰਾ ਰੋਡ ’ਤੇ ਸਥਿਤ ਫ਼ਲਿੱਪਕਾਰਟ ਦਫ਼ਤਰ ਵਿਚ ਕੰਮ ਕਰਦਾ ਵਿਕਰਮ ਸਿੰਘ ਬੁੱਧਵਾਰ ਸ਼ਾਮ ਕਰੀਬ 4 ਵਜੇ ਦਫ਼ਤਰ ਤੋਂ ਸਕੂਟਰੀ ’ਤੇ ਬੈਗ ਵਿਚ 4.50 ਲੱਖ ਰੁਪਏ ਦੀ ਨਕਦੀ ਲੈ ਕੇ ਬੈਂਕ ਵੱਲ ਜਾ ਰਿਹਾ ਸੀ। ਉਹ ਦਫ਼ਤਰ ਤੋਂ ਥੋੜ੍ਹੀ ਦੂਰੀ ’ਤੇ ਹੀ ਪਹੁੰਚਿਆ ਸੀ ਕਿ ਪਿੱਛੇ ਤੋਂ ਆ ਰਹੇ ਬਾਈਕ ਸਵਾਰ ਦੋ ਨੌਜਵਾਨਾਂ ਨੇ ਉਸ ਦੇ ਸਕੂਟਰੀ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਉਹ ਸੜਕ ’ਤੇ ਡਿੱਗ ਗਿਆ। ਇਸ ਤੋਂ ਬਾਅਦ ਦੋਵਾਂ ਨੌਜਵਾਨਾਂ ਨੇ ਉਸ ਨੂੰ ਤੇਜ਼ਧਾਰ ਹਥਿਆਰ ਦਿਖਾ ਕੇ ਨਕਦੀ ਨਾਲ ਭਰਿਆ ਬੈਗ ਖੋਹ ਲਿਆ ਅਤੇ ਫ਼ਰਾਰ ਹੋ ਗਏ। ਡੀ.ਐਸ.ਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ ’ਤੇ ਪੁੱਜ ਗਈ। ਮੁੱਢਲੀ ਜਾਂਚ ਤੋਂ ਬਾਅਦ ਮੁਲਜ਼ਮਾਂ ਦੀ ਪਛਾਣ ਲਈ ਯਤਨ ਸ਼ੁਰੂ ਕਰ ਦਿੱਤੇ ਗਏ ਹਨ। ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਸੀਸੀਟੀਵੀ ਫ਼ੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।