253 ਅਧਿਆਪਕਾਂ ਦੀਆਂ ਸੇਵਾਵਾਂ ਖਤਮ ਕਰਨ ਦੇ ਵਿਰੋਧ ’ਚ ਪੰਜਾਬ ਸਰਕਾਰ ਦੀ ਅਰਥੀ ਫ਼ੂਕੀ
ਫ਼ਰੀਦਕੋਟ, 31 ਅਕਤੂਬਰ (ਸਰਬਜੀਤ ਸਿੰਘ)-ਪੰਜਾਬ ਸਰਕਾਰ ਵਲੋਂ 4161 ਭਰਤੀ ਤਹਿਤ ਨਿਯੁਕਤ 253 ਅਧਿਆਪਕਾਂ ਦੀਆਂ ਸੇਵਾਵਾਂ ਖਤਮ ਕਰਨ ਦੇ ਫ਼ੈਸਲੇ ਦੇ ਵਿਰੋਧ ਵਿਚ ਡੀ. ਟੀ.
ਫ਼ਰੀਦਕੋਟ, 31 ਅਕਤੂਬਰ (ਸਰਬਜੀਤ ਸਿੰਘ)-ਪੰਜਾਬ ਸਰਕਾਰ ਵਲੋਂ 4161 ਭਰਤੀ ਤਹਿਤ ਨਿਯੁਕਤ 253 ਅਧਿਆਪਕਾਂ ਦੀਆਂ ਸੇਵਾਵਾਂ ਖਤਮ ਕਰਨ ਦੇ ਫ਼ੈਸਲੇ ਦੇ ਵਿਰੋਧ ਵਿਚ ਡੀ.ਟੀ.ਐਫ਼. ਫ਼ਰੀਦਕੋਟ ਦੇ ਆਗੂਆਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਫ਼ਰੀਦਕੋਟ ਵਿਖੇ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ ਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਅਧਿਆਪਕਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਸਰਕਾਰ ਦੇ ਇਸ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਜਥੇਬੰਦੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ, ਜਨਰਲ ਸਕੱਤਰ ਗਗਨ ਪਾਹਵਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਧਿਆਪਕਾਂ ਦੀਆਂ ਸੇਵਾਵਾਂ ਖਤਮ ਕਰਨ ਦਾ ਫ਼ੈਸਲਾ ਅਧਿਆਪਕ ਵਰਗ ਦੇ ਭਵਿੱਖ ਨਾਲ ਖਿਲਵਾੜ ਕਰਨ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੇ ਲੰਬੀ ਪ੍ਰਕਿਰਿਆ ਰਾਹੀਂ ਭਰਤੀ ਹੋ ਕੇ ਆਪਣੀਆਂ ਸੇਵਾਵਾਂ ਸ਼ੁਰੂ ਕੀਤੀਆਂ ਹਨ, ਪਰ ਹੁਣ ਉਨ੍ਹਾਂ ਦੀ ਨੌਕਰੀ ਉੱਤੇ ਖਤਰੇ ਦੇ ਬੱਦਲ ਮੰਡਰਾਉਣ ਕਾਰਨ ਅਧਿਆਪਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿਚ ਚਿੰਤਾ ਪਾਈ ਜਾ ਰਹੀ ਹੈ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਹਰਜਸਦੀਪ ਸਿੰਘ ਅਤੇ ਵਿੱਤ ਸਕੱਤਰ ਪ੍ਰਦੀਪ ਸਿੰਘ ਨੇ ਕਿਹਾ ਕਿ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਦਾਅਵੇ ਕਰਨ ਵਾਲੀ ਪੰਜਾਬ ਸਰਕਾਰ ਨੂੰ ਅਧਿਆਪਕਾਂ ਦੀਆਂ ਸੇਵਾਵਾਂ ਖਤਮ ਕਰਨ ਦੀ ਬਜਾਏ ਉਨ੍ਹਾਂ ਦੀ ਨੌਕਰੀ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਕਿਸੇ ਵੀ ਸਿੱਖਿਆ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਅਧਿਆਪਕਾਂ ਨੂੰ ਨੌਕਰੀ ਤੋਂ ਫਾਰਗ ਕਰਨ ਨਾਲ ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਣਾਲੀ ਵੀ ਪ੍ਰਭਾਵਿਤ ਹੋਵੇਗੀ। ਅਧਿਆਪਕ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ 253 ਅਧਿਆਪਕਾਂ ਦੀਆਂ ਸੇਵਾਵਾਂ ਖਤਮ ਕਰਨ ਦੀ ਕਾਰਵਾਈ ਤੁਰੰਤ ਰੋਕੀ ਜਾਵੇ ਅਤੇ ਇਨ੍ਹਾਂ ਅਧਿਆਪਕਾਂ ਦੀ ਨੌਕਰੀ ਸੁਰੱਖਿਅਤ ਕਰਨ ਲਈ ਢੁਕਵੇਂ ਕਦਮ ਚੁੱਕੇ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਅਧਿਆਪਕਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।