ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ’ਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ
ਫ਼ਰੀਦਕੋਟ, 3 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਰੀਦਕੋਟ ਵਲੋਂ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਸੈਕੰਡਰੀ ਸਕੂਲ ਮਚਾਕੀ ਕਲਾਂ ਵਿਖੇ ਜਾਗਰੂਕਤਾ ਸੈਸ਼ਨ ਕਰਵਾਏ ਗਏ।
ਫ਼ਰੀਦਕੋਟ, 3 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਰੀਦਕੋਟ ਵਲੋਂ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਸੈਕੰਡਰੀ ਸਕੂਲ ਮਚਾਕੀ ਕਲਾਂ ਵਿਖੇ ਜਾਗਰੂਕਤਾ ਸੈਸ਼ਨ ਕਰਵਾਏ ਗਏ। ਜਦਕਿ ਮਚਾਕੀ ਅਤੇ ਮਹਿਮੂਆਣਾ ਪਿੰਡਾਂ ਵਿਚ ਵੀ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਨ੍ਹਾਂ ਜਾਗਰੂਕਤਾ ਸੈਸ਼ਨਾਂ ਦੌਰਾਨ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਆਪਣੇ ਜੀਵਨ ਨੂੰ ਸਹੀ ਦਿਸ਼ਾ ਦੇਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੂੰ ਵੱਖ-ਵੱਖ ਹੁਨਰ ਵਿਕਾਸ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਆਪਣੀ ਰੁਚੀ ਅਨੁਸਾਰ ਕਿੱਤਾ ਮੁਖੀ ਸਿਖਲਾਈ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ ਗਿਆ , ਤਾਂ ਜੋ ਉਹ ਹੁਨਰ ਸਿੱਖ ਕੇ ਆਤਮ-ਨਿਰਭਰ ਬਣ ਸਕਣ ਅਤੇ ਆਪਣੇ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਬਿਹਤਰ ਬਣਾ ਸਕਣ। ਇਸ ਮੌਕੇ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਤੋਂ ਪਹੁੰਚੇ ਪਲੇਸਮੈਂਟ ਅਫ਼ਸਰ ਨੀਤੂ ਰਾਣੀ ਅਤੇ ਬਲਾਕ ਮਿਸ਼ਨ ਮੈਨੇਜਰ (ਪੀ.ਐਸ.ਡੀ.ਐਮ.) ਵਿਜੈ ਵਲੋਂ ਵਿਦਿਆਰਥੀਆਂ ਨੂੰ ਹੁਨਰ ਵਿਕਾਸ ਅਤੇ ਰੁਜ਼ਗਾਰ ਦੇ ਵੱਖ-ਵੱਖ ਮੌਕਿਆਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਸਬੰਧੀ ਜ਼ਿਲ੍ਹਾ ਰੁਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਗੁਰਤੇਜ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨ ਰੁਜ਼ਗਾਰ, ਸਵੈ-ਰੁਜ਼ਗਾਰ ਅਤੇ ਹੁਨਰ ਵਿਕਾਸ ਕੋਰਸਾਂ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਕਿਸੇ ਵੀ ਕੰਮਕਾਜ ਵਾਲੇ ਦਿਨ ਦਫ਼ਤਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਲਵੰਡੀ ਬਾਈਪਾਸ, ਪੁਰਾਣਾ ਗ੍ਰੈਂਡ ਵਿਲਾ ਪੈਲੇਸ (ਪੁਰਾਣਾ ਸੰਧੂ ਪੈਲੇਸ), ਰੈੱਡ ਕਰਾਸ ਬਿਰਧ ਆਸ਼ਰਮ ਦੀ ਪਹਿਲੀ ਮੰਜ਼ਿਲ ਫ਼ਰੀਦਕੋਟ ਵਿਖੇ ਪਹੁੰਚ ਕੇ ਆਪਣਾ ਨਾਮ ਦਰਜ ਕਰਵਾ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਸਿੱਖਿਆ, ਹੁਨਰ ਅਤੇ ਰੋਜ਼ਗਾਰ ਨਾਲ ਜੁੜਨ ਅਤੇ ਆਪਣੇ ਜੀਵਨ ਨੂੰ ਉਸਾਰੂ ਦਿਸ਼ਾ ਦੇਣ।