ਵੋਕੇਸ਼ਨਲ ਅਧਿਆਪਕਾਂ ਨੇ ਕਾਲੀ ਦੀਵਾਲੀ ਮਨਾ ਕੇ ਸਰਕਾਰ ਖ਼ਿਲਾਫ਼ ਪ੍ਰਗਟਾਇਆ ਰੋਸ
ਸ੍ਰੀ ਮੁਕਤਸਰ ਸਾਹਿਬ, 10 ਨਵੰਬਰ (ਰਣਜੀਤ ਸਿੰਘ ਢਿੱਲੋਂ)-ਐਨ. ਐਸ.
ਸ੍ਰੀ ਮੁਕਤਸਰ ਸਾਹਿਬ, 10 ਨਵੰਬਰ (ਰਣਜੀਤ ਸਿੰਘ ਢਿੱਲੋਂ)-ਐਨ.ਐਸ.ਕਿਊ.ਐਫ਼. ਵੋਕੇਸ਼ਨਲ ਟੀਚਰ ਫ਼ਰੰਟ ਪੰਜਾਬ ਵਲੋਂ ਪੰਜਾਬ ਸਰਕਾਰ ਪ੍ਰਤੀ ਰੋਸ ਪ੍ਰਗਟਾਉਂਦਿਆਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਕਾਲੀ ਦੀਵਾਲੀ ਮਨਾਈ ਗਈ। ਇਸ ਮੌਕੇ ਫ਼ਰੰਟ ਦੇ ਆਗੂਆਂ ਨੇ ਕਿਹਾ ਕਿ ਵੋਕੇਸ਼ਨਲ ਅਧਿਆਪਕ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ਵਾਰ-ਵਾਰ ਮੀਟਿੰਗਾਂ ਕਰਨ ਤੇ ਭਰੋਸੇ ਦੇਣ ਦੇ ਬਾਵਜੂਦ ਅਜੇ ਤੱਕ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ। ਆਗੂਆਂ ਨੇ ਕਿਹਾ ਕਿ ਵੋਕੇਸ਼ਨਲ ਅਧਿਆਪਕਾਂ ਦੀਆਂ ਮੁੱਖ ਮੰਗਾਂ ਵਿਚ ਨੌਕਰੀ ਦੀ ਸੁਰੱਖਿਆ ਯਕੀਨੀ ਬਣਾਉਣਾ, ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਸ਼ਾਮਿਲ ਕਰਨਾ, ਤਨਖ਼ਾਹ ਵਿਚ ਵਾਧਾ ਕਰਨਾ ਅਤੇ ਹੋਰ ਜਾਇਜ਼ ਮੰਗਾਂ ਲਾਗੂ ਕਰਨਾ ਸ਼ਾਮਿਲ ਹੈ। ਆਗੂਆਂ ਨੇ ਐਲਾਨ ਕੀਤਾ ਕਿ 12 ਨਵੰਬਰ ਨੂੰ ਸਬ-ਕਮੇਟੀ ਨਾਲ ਹੋਣ ਵਾਲੀ ਮੀਟਿੰਗ ਵਿਚ ਜੇਕਰ ਅਧਿਆਪਕਾਂ ਦੀਆਂ ਮੰਗਾਂ ਦੇ ਮਸਲੇ ਦਾ ਕੋਈ ਠੋਸ ਤੇ ਲਿਖ਼ਤੀ ਹੱਲ ਨਹੀਂ ਨਿਕਲਦਾ ਤਾਂ 14 ਨਵੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਅੱਗੇ ਵਿਸ਼ਾਲ ਰੋਸ ਧਰਨਾ ਤੇ ਪ੍ਰਦਰਸ਼ਨ ਕੀਤਾ ਜਾਵੇਗਾ। ਫ਼ਰੰਟ ਵਲੋਂ ਪੰਜਾਬ ਭਰ ਦੇ ਸਮੂਹ ਐਨ.ਐਸ.ਕਿਊ.ਐਫ਼. ਵੋਕੇਸ਼ਨਲ ਅਧਿਆਪਕਾਂ ਨੂੰ ਸੰਘਰਸ਼ ਲਈ ਤਿਆਰ ਰਹਿਣ ਅਤੇ ਸੰਗਰੂਰ ਵਿਖੇ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ ਗਈ। ਇਸ ਦੇ ਨਾਲ ਹੀ ਭਰਾਤਰੀ ਅਤੇ ਹੋਰ ਸੰਘਰਸ਼ਸ਼ੀਲ ਜਥੇਬੰਦੀਆਂ ਨੂੰ ਵੀ ਅਧਿਆਪਕਾਂ ਦੇ ਹੱਕੀ ਸੰਘਰਸ਼ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ। ਇਸ ਮੌਕੇ ਸੂਬਾ ਕਮੇਟੀ ਮੈਂਬਰ ਰਣਜੀਤ ਸਿੰਘ ਬਰਨਾਲਾ, ਭੁਪਿੰਦਰ ਸਿੰਘ ਰੋਪੜ, ਰਣਜੀਤ ਸਿੰਘ ਨਵਾਂ ਸ਼ਹਿਰ, ਗੁਰਜੀਤ ਸਿੰਘ ਬਠਿੰਡਾ, ਸੁਖਰਾਜਵੀਰ ਸਿੰਘ ਤਰਨਤਾਰਨ ਆਦਿ ਹਾਜ਼ਰ ਸਨ।