ਰਾਂਚੀ, 9 ਅਗਸਤ (ਪੀ.ਟੀ.ਆਈ.)-ਝਾਰਖੰਡ ਦੇ ਰਾਜਪਾਲ ਸੰਤੋਸ਼ ਕੁਮਾਰ ਗੰਗਵਾਰ ਨੇ ਐਤਵਾਰ ਨੂੰ ਭਰਤੀ ਪ੍ਰੀਖਿਆਵਾਂ ਵਿੱਚ ਕਥਿਤ ਬੇਨਿਯਮੀਆਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁੱਦੇ ਨੂੰ ਅੰਦੋਲਨ ਨਹੀਂ, “ਸੰਵਾਦ” ਰਾਹੀਂ ਹੱਲ ਕਰਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਦਰਵਾਜ਼ੇ ਉਨ੍ਹਾਂ ਲਈ ਹਮੇਸ਼ਾ ਖੁੱਲ੍ਹੇ ਹਨ।ਮੁੱਖ ਮੰਤਰੀ ਹੇਮੰਤ ਸੋਰੇਨ ਇਸ ਮੁੱਦੇ ਬਾਰੇ ਚਿੰਤਤ ਹਨ। ‘ਝਾਰਖੰਡ ਕਬਾਇਲੀ ਤਿਉਹਾਰ’ ਨੂੰ ਸੰਬੋਧਨ ਕਰਦਿਆਂ, ਉਨ੍ਹਾਂ ਵਿਦਿਆਰਥੀਆਂ ਨੂੰ ਮੁੱਖ ਮੰਤਰੀ ਦੇ ਭਰੋਸੇ ‘ਤੇ ਵਿਸਵਾਸ਼ ਕਰਨ ਦੀ ਅਪੀਲ ਕੀਤੀ।ਉਨ੍ਹਾਂ ਕਿਹਾ, “ਮੁੱਖ ਮੰਤਰੀ ਵਿਦਿਆਰਥੀਆਂ ਦੇ ਮੁੱਦਿਆਂ ਬਾਰੇ ਚਿੰਤਤ ਹਨ। ਉਨ੍ਹਾਂ ਨੂੰ ਅੰਦੋਲਨ ਨਹੀਂ, ਗੱਲਬਾਤ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ। ਮੈਂ ਨੌਜਵਾਨਾਂ ਨੂੰ ਮੁੱਖ ਮੰਤਰੀ ਦੇ ਭਰੋਸੇ ‘ਤੇ ਪੂਰਾ ਵਿਸ਼ਵਾਸ ਰੱਖਣ ਦੀ ਅਪੀਲ ਕਰਦਾ ਹਾਂ; ਅਸੀਂ ਵਿਦਿਆਰਥੀਆਂ ਦੇ ਭਵਿੱਖ ਨਾਲ ਸਮਝੌਤਾ ਨਹੀਂ ਕਰਨਾ ਚਾਹੁੰਦੇ। ਸਾਡੇ ਦਰਵਾਜ਼ੇ ਸਾਰੇ ਵਿਦਿਆਰਥੀਆਂ ਲਈ ਖੁੱਲ੍ਹੇ ਹਨ; ਆਓ ਅਤੇ ਆਪਣੀਆਂ ਸਾਰੀਆਂ ਚਿੰਤਾਵਾਂ ਨੂੰ ਉਠਾਉਣ ਲਈ ਸਾਨੂੰ ਮਿਲੋ।”ਭਰਤੀ ਪ੍ਰੀਖਿਆਵਾਂ ਵਿੱਚ ਕਥਿਤ ਬੇਨਿਯਮੀਆਂ ਵਿਰੁੱਧ ਵਿਦਿਆਰਥੀਆਂ ਦਾ ਵਿਰੋਧ ਐਤਵਾਰ ਨੂੰ 16ਵੇਂ ਦਿਨ ਵਿੱਚ ਦਾਖਲ ਹੋ ਗਿਆ, ਛੇ ਪ੍ਰਦਰਸ਼ਨਕਾਰੀ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਹਨ।ਪ੍ਰਦਰਸ਼ਨਕਾਰੀ ਕਥਿਤ ਬੇਨਿਯਮੀਆਂ ਦੀ ਸੁਤੰਤਰ ਜਾਂਚ (ਸੀ ਬੀ ਆਈ ਜਾਂ ਸੂਬੇ ਤੋਂ ਬਾਹਰਲੇ ਸੇਵਾਮੁਕਤ ਹਾਈ ਕੋਰਟ ਦੇ ਜੱਜਾਂ ਦੇ ਪੈਨਲ ਦੁਆਰਾ) ਅਤੇ 14ਵੀਂ ਜੇ.ਪੀ.ਐੱਸ.ਸੀ. ਪ੍ਰੀਖਿਆ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ।