ਪੰਜਾਬ ਸਰਕਾਰ ਵਲੋਂ ਚੀਮਾ ਨੇ ਸੰਤ ਲੌਂਗੋਵਾਲ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ
ਕਿਹਾ, ਮੁਲਾਜ਼ਮਾਂ ਦੇ ਡੀ.ਏ. ਦਾ ਭੁਗਤਾਨ ਜਲਦ ਕਰ ਦਿੱਤਾ ਜਾਵੇਗਾ
ਲੌਂਗੋਵਾਲ, 20 ਅਗਸਤ (ਫੁੱਲ, ਦਮਨ, ਵਿਨੋਦ)-ਪੰਜਾਬ ਦੇ ਵਿੱਤ, ਕਰ, ਆਬਕਾਰੀ, ਯੋਜਨਾ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਦੇ ਮੁਲਾਜਮਾਂ ਅਤੇ ਪੈਨਸ਼ਨਰਾਂ ਨੂੰ ਡੀ. ਏ.
ਪ
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਹਰਪਾਲ ਸਿੰਘ ਚੀਮਾ, ਨਾਲ ਹੋਰ। ਤਸਵੀਰ : ਮੁਕੇਸ਼ ਕੁਮਾਰ
21-08-2026
ਲੌਂਗੋਵਾਲ, 20 ਅਗਸਤ (ਫੁੱਲ, ਦਮਨ, ਵਿਨੋਦ)-ਪੰਜਾਬ ਦੇ ਵਿੱਤ, ਕਰ, ਆਬਕਾਰੀ, ਯੋਜਨਾ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਦੇ ਮੁਲਾਜਮਾਂ ਅਤੇ ਪੈਨਸ਼ਨਰਾਂ ਨੂੰ ਡੀ.ਏ. ਦਾ ਭੁਗਤਾਨ ਜਲਦੀ ਕਰ ਦਿੱਤਾ ਜਾਵੇਗਾ। ਉਹ ਇਥੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਮੌਕੇ ਪੰਜਾਬ ਸਰਕਾਰ ਵਲੋਂ ਲਗਾਏ ਗਏ ਖ਼ੂਨਦਾਨ ਕੈਂਪ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਦੇ ਡੀ.ਏ. ਦਾ 14 ਹਜ਼ਾਰ ਕਰੋੜ ਰੁਪਏ ਦਾ ਭੁਗਤਾਨ ਸਾਡੀ ਸਰਕਾਰ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ 1200 ਨਵੀਆਂ ਬੱਸਾਂ ਪਾਈਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਆਵਾਜਾਈ ਦੀ ਸਹੀ ਸਹੂਲਤ ਮਿਲ ਸਕੇ। ਚੀਮਾ ਨੇ ਕਿਹਾ ਕਿ ਸਹੀ ਵਿਉਂਤਬੰਦੀ ਨਾਲ ਪੰਜਾਬ ਸਰਕਾਰ ਦਾ ਮਾਲੀਆ ਵਧਿਆ ਹੈ, ਜਿਸ ਕਾਰਨ ਪੰਜਾਬ ਵਿਚ ਵਿਕਾਸ ਦੇ ਕੰਮ ਤੇਜ਼ੀ ਨਾਲ ਚੱਲ ਰਹੇ ਹਨ। ਇਕ ਪ੍ਰਸ਼ਨ ਦੇ ਉੱਤਰ ਵਿਚ ਉਨ੍ਹਾਂ ਕਿਹਾ ਕਿ ਅਕਾਲੀ ਦਲ ਲੋਕਾਂ ਵਿਚ ਜਾਣ ਲਈ ਆਪਣਾ ਅਧਾਰ ਗੁਆ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੁਝ ਨਵੀਆਂ ਸਿਆਸੀ ਪਾਰਟੀਆਂ ਪੈਦਾ ਹੋ ਰਹੀਆਂ ਹਨ, ਜੋ ਪੰਜਾਬ ਦਾ ਅਮਨ ਭੰਗ ਕਰਨਾ ਚਾਹੁੰਦੀਆਂ ਹਨ। ਇਨ੍ਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਵਿੱਤ ਮੰਤਰੀ ਨੇ ਕਿਹਾ ਕਿ ਬੇਅਦਬੀ ਅਤੇ ਨਸ਼ਿਆਂ ਦੀ ਸ਼ੁਰੂਆਤ ਅਕਾਲੀ ਦਲ ਸਰਕਾਰ ਵੇਲੇ ਹੋਈ ਸੀ, ਜੋ ਆਪਣੇ ਆਪ ਨੂੰ ਪੰਥ ਦਾ ਵੱਡਾ ਠੇਕੇਦਾਰ ਮੰਨਦੇ ਹਨ। ਬਾਅਦ ਵਿਚ ਸਮਾਗਮ ਨੂੰ ਸੰਬੋਧਨ ਕਰਦਿਆਂ ਚੀਮਾ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾਂ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਸੰਤ ਲੌਂਗੋਵਾਲ ਦੀ ਸੋਚ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਏਕਤਾ ਨੂੰ ਪ੍ਰਨਾਈ ਹੋਈ ਸੀ। ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਨਹੀਂ ਪਹੁੰਚ ਸਕੇ, ਕਿਉਂਕਿ ਉਨ੍ਹਾਂ ਨੂੰ ਕਿਸੇ ਸਰਕਾਰੀ ਰੁਝੇਵੇਂ ਕਾਰਨ ਬੈਂਗਲੁਰੂ ਜਾਣਾ ਪੈ ਗਿਆ। ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਨੂੰ ਪਾਣੀ ਅਤੇ ਧਰਤੀ ਦੀ ਸੁਰੱਖਿਆ ਕਰਨ ਦੀ ਲੋੜ ਹੈ। ਅਕਾਲੀ ਸਰਕਾਰ ਵੇਲੇ ਪਾਣੀ ਦਾ ਪੱਧਰ ਬਹੁਤ ਹੀ ਨੀਵਾਂ ਚੱਲ ਗਿਆ ਸੀ ਪਰ ਭਗਵੰਤ ਮਾਨ ਸਰਕਾਰ ਨੇ ਅਜਿਹੇ ਯਤਨ ਕੀਤੇ ਜਿਨ੍ਹਾਂ ਸਦਕਾ ਪਾਣੀ ਦਾ ਪੱਧਰ ਤੇਜ਼ੀ ਨਾਲ ਉੱਪਰ ਆਇਆ ਹੈ।