ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ
ਅੰਮ੍ਰਿਤਸਰ, 28 ਅਗਸਤ (ਹਰਮਿੰਦਰ ਸਿੰਘ)-ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੰਮ੍ਰਿਤਸਰ ਦੌਰੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਬਰਤਨਾਂ ਨੂੰ ਸਾਫ਼ ਕਰਨ ਦੀ ਸੇਵਾ ਕੀਤੀ।
ਅੰਮ੍ਰਿਤਸਰ, 28 ਅਗਸਤ (ਹਰਮਿੰਦਰ ਸਿੰਘ)-ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੰਮ੍ਰਿਤਸਰ ਦੌਰੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਬਰਤਨਾਂ ਨੂੰ ਸਾਫ਼ ਕਰਨ ਦੀ ਸੇਵਾ ਕੀਤੀ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਰਣਧੀਰ ਸਿੰਘ, ਜਤਿੰਦਰਪਾਲ ਸਿੰਘ ਵਲੋਂ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਗੱਲਬਾਤ ਕਰਦਿਆਂ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਇਹ ਉਨ੍ਹਾਂ ਲਈ ਸੁਭਾਗ ਦੀ ਗੱਲ ਹੈ ਕਿ ਉਨ੍ਹਾਂ ਨੂੰ ਗੁਰੂ ਘਰ ’ਚ ਮੱਥਾ ਟੇਕਣ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਗੁਰੂ ਘਰ ਵਿਚ ਕਿਸੇ ਨੂੰ ਛੋਟਾ ਜਾਂ ਵੱਡਾ ਨਹੀਂ ਮੰਨਿਆ ਜਾਂਦਾ। ਨਾ ਹੀ ਕੋਈ ਉੱਚਾ-ਨੀਵਾਂ ਹੈ। ਸਾਰੇ ਇਕ ਪ੍ਰਮਾਤਮਾ ਦੀਆਂ ਸੰਤਾਨਾਂ ਹਨ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਬਰਾਬਰੀ ਅਤੇ ਸੇਵਾ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਘਰ ਵਿਚ ਕੀਤੀ ਜਾਣ ਵਾਲੀ ਸੇਵਾ ਦਾ ਬਹੁਤ ਵੱਡਾ ਮਹੱਤਵ ਹੈ। ਸੇਵਾ ਮਨੁੱਖ ਦੇ ਅੰਦਰੋਂ ਅਹੰਕਾਰ ਨੂੰ ਦੂਰ ਕਰਦੀ ਹੈ ਅਤੇ ਉਸ ਨੂੰ ਨਵੀਂ ਊਰਜਾ ਤੇ ਸਕਾਰਾਤਮਿਕ ਸੋਚ ਪ੍ਰਦਾਨ ਕਰਦੀ ਹੈ। ਉਹ ਗੁਰੂ ਚਰਨਾਂ ’ਚ ਨਤਮਸਤਕ ਹੋ ਕੇ ਨਵੀਂ ਊਰਜਾ ਅਤੇ ਪ੍ਰੇਰਨਾ ਲੈ ਕੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਹੁਣ ਝੂਠੇ ਦੋਸ਼ ਲਗਾਉਣ ਤੋਂ ਇਲਾਵਾ ਕੋਈ ਠੋਸ ਮੁੱਦਾ ਨਹੀਂ ਬਚਿਆ। ਕਾਂਗਰਸ ਦੇ ਆਪਣੇ ਵਰਕਰ ਵੀ ਰਾਹੁਲ ਗਾਂਧੀ ਦੀ ਅਗਵਾਈ ਅਤੇ ਉਨ੍ਹਾਂ ਦੇ ਬਿਆਨਾਂ ’ਤੇ ਭਰੋਸਾ ਨਹੀਂ ਕਰਦੇ। ਜੋ ਵਿਅਕਤੀ ਦੇਸ਼ ਦੀ ਤਰੱਕੀ ਅਤੇ ਖ਼ੁਸ਼ਹਾਲੀ ਚਾਹੁੰਦਾ ਹੈ, ਉਸ ਦੀ ਸੋਚ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਅੱਗੇ ਵਧੇ, ਆਰਥਿਕ ਤੌਰ ’ਤੇ ਮਜ਼ਬੂਤ ਹੋਵੇ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ, ਗੁਰਪ੍ਰਤਾਪ ਸਿੰਘ ਟਿੱਕਾ ਵੀ ਮੌਜੂਦ ਸਨ।