ਸਰਕਾਰਾਂ ਦੀ ਸਖ਼ਤੀ ਦਾ ਅਸਰ, ਥੋਕ ਬਾਜ਼ਾਰ ’ਚ 500 ਰੁਪਏ ਕੁਇੰਟਲ ਸਸਤੀ ਹੋਈ ਖੰਡ
ਜਲੰਧਰ, 29 ਅਗਸਤ (ਸ਼ਿਵ ਸ਼ਰਮਾ)-ਪਿਛਲੇ ਕਰੀਬ ਇੱਕ ਮਹੀਨੇ ਤੋਂ ਖੰਡ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਕਾਰਨ ਜਿੱਥੇ ਆਮ ਲੋਕਾਂ ਦੀ ਜੇਬ ’ਤੇ ਵਾਧੂ ਬੋਝ ਪੈ ਰਿਹਾ ਸੀ, ਉੱਥੇ ਖੰਡ ਦੀ ਵਰਤੋਂ ਨਾਲ ਤਿਆਰ ਹੋਣ ਵਾਲੀਆਂ ਕਈ ਖਾਣ-ਪੀਣ ਦੀਆਂ ਵਸਤਾਂ ਵੀ ਮਹਿੰਗੀਆਂ ਹੋ ਗਈਆਂ ਸਨ। ਹੁਣ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦਾ ਅਸਰ ਦਿਖਾਈ ਦੇਣ ਲੱਗਾ ਹੈ।
ਜਲੰਧਰ, 29 ਅਗਸਤ (ਸ਼ਿਵ ਸ਼ਰਮਾ)-ਪਿਛਲੇ ਕਰੀਬ ਇੱਕ ਮਹੀਨੇ ਤੋਂ ਖੰਡ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਕਾਰਨ ਜਿੱਥੇ ਆਮ ਲੋਕਾਂ ਦੀ ਜੇਬ ’ਤੇ ਵਾਧੂ ਬੋਝ ਪੈ ਰਿਹਾ ਸੀ, ਉੱਥੇ ਖੰਡ ਦੀ ਵਰਤੋਂ ਨਾਲ ਤਿਆਰ ਹੋਣ ਵਾਲੀਆਂ ਕਈ ਖਾਣ-ਪੀਣ ਦੀਆਂ ਵਸਤਾਂ ਵੀ ਮਹਿੰਗੀਆਂ ਹੋ ਗਈਆਂ ਸਨ। ਹੁਣ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦਾ ਅਸਰ ਦਿਖਾਈ ਦੇਣ ਲੱਗਾ ਹੈ। ਕੁਝ ਸਮਾਂ ਪਹਿਲਾਂ ਥੋਕ ਬਾਜ਼ਾਰ ਵਿਚ ਖੰਡ ਦਾ ਭਾਅ ਕਰੀਬ 6700 ਰੁਪਏ ਪ੍ਰਤੀ ਕੁਇੰਟਲ ਤੋਂ ਲੈ ਕੇ 6800 ਰੁਪਏ ਕੁਇੰਟਲ ਤੱਕ ਪਹੁੰਚ ਗਿਆ ਸੀ, ਜੋ ਹੁਣ ਘਟ ਕੇ ਲਗਭਗ 6100 ਰੁਪਏ ਪ੍ਰਤੀ ਕੁਇੰਟਲ ਰਹਿ ਗਿਆ ਹੈ। ਵਪਾਰੀਆਂ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਇਸ ਵਿੱਚ ਹੋਰ ਗਿਰਾਵਟ ਆ ਸਕਦੀ ਹੈ। ਸਰਕਾਰੀ ਪੱਧਰ ’ਤੇ ਇਹ ਵੀ ਸਾਹਮਣੇ ਆਇਆ ਹੈ ਕਿ ਕੁਝ ਲੋਕਾਂ ਵੱਲੋਂ ਖੰਡ ਦਾ ਵੱਡੇ ਪੱਧਰ ’ਤੇ ਸਟਾਕ ਕਰ ਲਿਆ ਗਿਆ ਸੀ ਅਤੇ ਇਸ ਨੂੰ ਤੁਰੰਤ ਬਾਜ਼ਾਰ ਵਿਚ ਨਹੀਂ ਲਿਆਂਦਾ ਗਿਆ। ਇਸ ਕਾਰਨ ਸਪਲਾਈ ਪ੍ਰਭਾਵਿਤ ਹੋਈ ਅਤੇ ਕੀਮਤਾਂ ਵਿਚ ਤੇਜ਼ੀ ਆਈ। ਸਰਕਾਰ ਵੱਲੋਂ ਸਖ਼ਤੀ ਕੀਤੇ ਜਾਣ ਤੋਂ ਬਾਅਦ ਹੁਣ ਬਾਜ਼ਾਰ ਵਿਚ ਸਪਲਾਈ ਵਧਣ ਨਾਲ ਕੀਮਤਾਂ ਹੇਠਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਹੁਣ ਖੰਡ ਸਸਤੀ ਹੋਣ ਨਾਲ ਚਾਹ ਅਤੇ ਹੋਰ ਉਤਪਾਦਾਂ ਦੀਆਂ ਕੀਮਤਾਂ ਵਿੱਚ ਵੀ ਕਮੀ ਆਉਣ ਦੀ ਉਮੀਦ ਕੀਤੀ ਜਾ ਰਹੀ ਹੈ।