986 ਅਹੁਦਿਆਂ ਦੀ ਭਰਤੀ ’ਚ ਪਾਰਦਰਸ਼ਤਾ ’ਤੇ ਸਵਾਲ ! ਹਾਈ ਕੋਰਟ ਨੇ ਮੰਗਿਆ ਵੇਰਵਾ
ਚੰਡੀਗੜ੍ਹ, 2 ਸਤੰਬਰ (ਪ੍ਰੋ. ਅਵਤਾਰ ਸਿੰਘ)–ਪੰਜਾਬ ਸਿਹਤ ਵਿਭਾਗ ਵਿਚ ਬਹੁ-ਮੰਤਵੀ ਸਿਹਤ ਵਰਕਰਾਂ ਦੇ 986 ਅਹੁਦਿਆਂ ’ਤੇ ਹੋਈ ਭਰਤੀ ਪ੍ਰਕਿਰਿਆ ਦੀ ਪਾਰਦਰਸ਼ਤਾ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ।
ਚੰਡੀਗੜ੍ਹ, 2 ਸਤੰਬਰ (ਪ੍ਰੋ. ਅਵਤਾਰ ਸਿੰਘ)–ਪੰਜਾਬ ਸਿਹਤ ਵਿਭਾਗ ਵਿਚ ਬਹੁ-ਮੰਤਵੀ ਸਿਹਤ ਵਰਕਰਾਂ ਦੇ 986 ਅਹੁਦਿਆਂ ’ਤੇ ਹੋਈ ਭਰਤੀ ਪ੍ਰਕਿਰਿਆ ਦੀ ਪਾਰਦਰਸ਼ਤਾ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਅਦਾਲਤ ਨੇ ਇਸ ਗੱਲ ’ਤੇ ਸਵਾਲ ਉਠਾਇਆ ਹੈ ਕਿ ਭਰਤੀ ਪ੍ਰਕਿਰਿਆ ਦੇ ਸਾਰੇ ਪੜਾਅ ਮੁਕੰਮਲ ਹੋਣ ਦੇ ਬਾਵਜੂਦ ਅੰਤਿਮ ਮੈਰਿਟ ਸੂਚੀ ਕਿਉਂ ਨਹੀਂ ਜਾਰੀ ਕੀਤੀ ਗਈ । ਵਿਭਾਗ ਵਲੋਂ ਹੁਣ ਅੰਤਿਮ ਸੂਚੀ ਸਰਕਾਰੀ ਵੈੱਬਸਾਈਟ ’ਤੇ ਪ੍ਰਕਾਸ਼ਿਤ ਕਰਨ ਦਾ ਦਾਅਵਾ ਕੀਤਾ ਗਿਆ ਹੈ, ਪਰ ਇਸ ਦਾਅਵੇ ’ਤੇ ਵੀ ਅਦਾਲਤ ਨੇ ਸ਼ੱਕ ਪ੍ਰਗਟਾਇਆ ਹੈ । ਹਾਈ ਕੋਰਟ ਨੇ ਭਰਤੀ ਪ੍ਰਕਿਰਿਆ ਦੀ ਪੂਰੀ ਸਮਾਂ-ਸੀਮਾ ਸਪੱਸ਼ਟ ਕਰਨ ਲਈ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਤੋਂ ਹਲਫ਼ਨਾਮਾ ਤਲਬ ਕੀਤਾ ਹੈ । ਜਸਵੀਰ ਕੌਰ ਤੇ ਹੋਰਨਾਂ ਵਲੋਂ ਵਕੀਲ ਕੰਵਲਜੀਤ ਸਿੰਘ ਬਰਾੜ ਰਾਹੀਂ ਦਾਇਰ ਦੋ ਪਟੀਸ਼ਨਾਂ ਦੀ ਸੁਣਵਾਈ ਕਰਦਿਆਂ ਜਸਟਿਸ ਸੰਦੀਪ ਮੌਦਗਿਲ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਦਾਇਰ ਹਲਫ਼ਨਾਮੇ ਵਿਚ ਖ਼ੁਦ ਇਹ ਗੱਲ ਸਵੀਕਾਰ ਕੀਤੀ ਗਈ ਹੈ ਕਿ ਭਰਤੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਅੰਤਿਮ ਮੈਰਿਟ ਸੂਚੀ ਪ੍ਰਕਾਸ਼ਿਤ ਨਹੀਂ ਕੀਤੀ ਗਈ ਸੀ । ਵਿਭਾਗ ਵਲੋਂ ਹੁਣ ਅਦਾਲਤ ਨੂੰ ਦੱਸਿਆ ਗਿਆ ਹੈ ਕਿ 986 ਅਹੁਦਿਆਂ ’ਤੇ ਚੁਣੇ ਗਏ ਉਮੀਦਵਾਰਾਂ ਦੀ ਅੰਤਿਮ ਸੂਚੀ ਵਿਭਾਗ ਦੀ ਅਧਿਕਾਰਤ ਵੈੱਬਸਾਈਟ ’ਤੇ ਪਾ ਦਿੱਤੀ ਗਈ ਹੈ। ਹਾਈ ਕੋਰਟ ਨੇ ਇਹ ਵੀ ਜਾਣਨਾ ਚਾਹਿਆ ਹੈ ਕਿ ਅੰਤਿਮ ਮੈਰਿਟ ਸੂਚੀ ਪ੍ਰਕਾਸ਼ਿਤ ਹੋਣ ਤੋਂ ਪਹਿਲਾਂ ਕਿਤੇ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਜਾਂ ਅਲਾਟਮੈਂਟ ਪੱਤਰ ਤਾਂ ਜਾਰੀ ਨਹੀਂ ਕਰ ਦਿੱਤੇ ਗਏ ਸਨ । ਅਦਾਲਤ ਨੇ ਇਸ ਗੱਲ ਦੀ ਵੀ ਜਾਣਕਾਰੀ ਮੰਗੀ ਹੈ ਕਿ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਕਿੰਨੇ ਉਮੀਦਵਾਰ ਹੁਣ ਤੱਕ ਆਪਣੀ ਡਿਊਟੀ ਸੰਭਾਲ ਚੁੱਕੇ ਹਨ । ਮਾਮਲੇ ਦੀ ਅਗਲੀ ਸੁਣਵਾਈ 8 ਸਤੰਬਰ ਨੂੰ ਹੋਵੇਗੀ। ਹਾਈ ਕੋਰਟ ਨੇ ਮਾਮਲੇ ਨੂੰ ਤੁਰੰਤ ਸੁਣਵਾਈ ਵਾਲੀ ਸੂਚੀ ਵਿਚ ਰੱਖਣ ਦੇ ਵੀ ਨਿਰਦੇਸ਼ ਦਿੱਤੇ ਹਨ।