ਕਿਸਾਨਾਂ ਦੇ ਵੱਡੇ ਇਕੱਠ ਨਾਲ ਖੇਤੀਬਾੜੀ ਯੂਨੀਵਰਸਿਟੀ ਦਾ ਕਿਸਾਨ ਮੇਲਾ ਸ਼ੁਰੂ
ਲੁਧਿਆਣਾ, 18 ਸਤੰਬਰ (ਜਸਵਿੰਦਰ ਸਿੰਘ)-ਕਿਸਾਨਾਂ ਦੇ ਭਾਰੀ ਇਕੱਠ ਨਾਲ ਅੱਜ ਪੀ. ਏ.
ਲੁਧਿਆਣਾ, 18 ਸਤੰਬਰ (ਜਸਵਿੰਦਰ ਸਿੰਘ)-ਕਿਸਾਨਾਂ ਦੇ ਭਾਰੀ ਇਕੱਠ ਨਾਲ ਅੱਜ ਪੀ.ਏ.ਯੂ. ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ ਹੋ ਗਿਆ। ਇਸ ਮੇਲੇ ਵਿਚ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਮੇਲੇ ਦਾ ਉਦਘਾਟਨ ਕਰਨ ਦੇ ਨਾਲ-ਨਾਲ ਅਗਾਂਹਵਧੂ ਕਿਸਾਨਾਂ ਅਤੇ ਖੇਤੀ ਵਿਚ ਉੱਘਾ ਯੋਗਦਾਨ ਪਾਉਣ ਵਾਲੇ ਮਾਹਿਰਾਂ ਨੂੰ ਸਨਮਾਨਿਤ ਵੀ ਕੀਤਾ। ਉਦਘਾਟਨੀ ਸੈਸ਼ਨ ਵਿਚ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਸਮਾਰੋਹ ਦੀ ਪ੍ਰਧਾਨਗੀ ਪੀ.ਏ.ਯੂ. ਦੇ ਵਾਈਸ ਚਾਂਸਲਰ ਸੁਖਜੀਤਪਾਲ ਸਿੰਘ ਨੇ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਖੇਤੀ ਨੂੰ ਆਧੁਨਿਕ ਤੇ ਲਾਹੇਵੰਦ ਬਣਾ ਰਹੀ ਹੈ, ਨਾਲ ਹੀ ਪੰਜਾਬ ਦੇ ਪਾਣੀ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਸਰਕਾਰ ਪੀ.ਏ.ਯੂ. ਦੀ ਬੀਜ ਖੋਜ ਮਜ਼ਬੂਤ ਕਰ ਰਹੀ ਹੈ, ਬਾਗ਼ਬਾਨੀ ਲਈ 1300 ਕਰੋੜ ਲਾ ਰਹੀ ਹੈ, ਗੰਨੇ ਦਾ 416 ਰੁਪਏ ਦੇਸ਼ ਦਾ ਸਭ ਤੋਂ ਵੱਧ ਭਾਅ ਦੇ ਰਹੀ ਹੈ।ਉਨ੍ਹਾਂ ਕਿਹਾ ਕਿ ਮਾਣ ਵਾਲੀ ਗੱਲ ਹੈ ਕਿ ਯੂਨੀਵਰਸਿਟੀ ਦੁਨੀਆ ਦੀਆਂ ਚੋਟੀ ਦੀਆਂ 100 ਯੂਨੀਵਰਸਿਟੀਆਂ ਵਿਚ ਸ਼ਾਮਿਲ ਹੈ। ਪੰਜਾਬ ਸਰਕਾਰ ਖੇਤੀ ਨੂੰ ਆਧੁਨਿਕ ਤੇ ਲਾਹੇਵੰਦ ਬਣਾ ਰਹੀ ਹੈ ਤਾਂ ਜੋ ਖ਼ੁਸ਼ਹਾਲੀ ਹਰ ਕਿਸਾਨ ਤੱਕ ਪਹੁੰਚੇ। ਪੀ.ਏ.ਯੂ. ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ ਤਾਂ ਜੋ ਸਿਰਫ਼ ਉਚ ਗੁਣਵੱਤਾ ਵਾਲੇ ਬੀਜ ਕਿਸਾਨਾਂ ਤੱਕ ਪਹੁੰਚਣ, ਜਦਕਿ ਬਾਗ਼ਬਾਨੀ ਲਈ 1300 ਕਰੋੜ ਖ਼ਰਚ ਕੀਤੇ ਜਾ ਰਹੇ ਹਨ। ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੀ ਕਿਸਾਨਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪੀ.ਏ.ਯੂ. ਦੇ ਕਿਸਾਨ ਮੇਲਿਆਂ ਦਾ ਇਤਿਹਾਸ ਪੰਜਾਬ ਦੀ ਖੇਤੀ ਦੇ ਵਿਕਾਸ ਦੀ ਕਹਾਣੀ ਹੈ। ਕਿਸਾਨਾਂ ਨੂੰ ਪੀ.ਏ.ਯੂ. ਦੇ ਬੀਜ ਅਤੇ ਸਾਹਿੱਤ ਖ਼ਰੀਦਣ ਲਈ ਵੀ ਖੇਤੀਬਾੜੀ ਮੰਤਰੀ ਨੇ ਪ੍ਰੇਰਿਤ ਕੀਤਾ। ਇਸ ਮੌਕੇ ਸਵਾਗਤੀ ਭਾਸ਼ਣ ਵਿਚ ਪੀ.ਏ.ਯੂ. ਦੇ ਵਾਈਸ ਚਾਂਸਲਰ ਅਤੇ ਰਜਿਸਟਰਾਰ ਸੁਖਜੀਤਪਾਲ ਸਿੰਘ ਨੇ ਕਿਹਾ ਕਿ ਇਹ ਮੇਲਾ ਕਿਸਾਨ ਅਤੇ ਵਿਗਿਆਨੀਆਂ ਕੋਲੋਂ ਪਰਸਪਰ ਸਿੱਖਣ ਸਿਖਾਉਣ ਦੀ ਜੀਵੰਤ ਮਿਸਾਲ ਹੈ। ਉਨ੍ਹਾਂ ਯੂਨੀਵਰਸਿਟੀ ਵਲੋਂ ਵਿਕਸਿਤ ਕੀਤੀਆਂ 990 ਕਿਸਮਾਂ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਇਨ੍ਹਾਂ ਵਿਚੋਂ 250 ਤੋਂ ਵਧੇਰੇ ਕਿਸਮਾਂ ਰਾਸ਼ਟਰੀ ਪੱਧਰ ‘ਤੇ ਕਾਸ਼ਤ ਦੇ ਯੋਗ ਸਮਝੀਆਂ ਗਈਆਂ ਹਨ। ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ ਅਜਮੇਰ ਸਿੰਘ ਢੱਟ ਨੇ ਖੇਤੀ ਖੋਜਾਂ ਬਾਰੇ ਯੂਨੀਵਰਸਿਟੀ ਦੀਆਂ ਗਤੀਵਿਧੀਆਂ ਸਾਂਝੀਆਂ ਕੀਤੀਆਂ। ਸਟੇਜ ਸੰਚਾਲਨ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਕੀਤਾ। ਅੰਤ ਵਿਚ ਧੰਨਵਾਦ ਦੇ ਸ਼ਬਦ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਕਹੇ। ਪੰਜਾਬ ਦੇ ਲੋਕ ਕਲਾਕਾਰਾਂ ਸੁਰਜੀਤ ਭੁੱਲਰ, ਫੋਕ ਸਾਜ਼ ਅਤੇ ਦਲਜੀਤ ਧਲੇਰੀਆ ਨੇ ਹਾਜ਼ਰ ਕਿਸਾਨਾਂ ਦਾ ਮਨੋਰੰਜਨ ਕੀਤਾ। ਮੇਲੇ ਵਿਚ ਵੱਡੀ ਪੱਧਰ ‘ਤੇ ਸਵੈ ਸੇਵੀ ਸੰਸਥਾਵਾਂ, ਕਿਸਾਨ ਨਿਰਮਾਤਾ ਸੰਗਠਨਾਂ, ਨਿੱਜੀ ਕੰਪਨੀਆਂ ਤੋਂ ਇਲਾਵਾ ਪੀ.ਏ.ਯੂ. ਦੇ ਵਿਭਾਗਾਂ ਨੇ ਆਪਣੀਆਂ ਸਟਾਲਾਂ ਲਗਾਈਆਂ ਸਨ। ਇਸ ਮੌਕੇ ਲੁਧਿਆਣਾ ਖੇਤਰ ਦੇ ਵੱਖ-ਵੱਖ ਹਲਕਿਆਂ ਦੇ ਵਿਧਾਇਕ, ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਤਿੰਦਰਪਾਲ ਸਿੰਘ, ਪੀ.ਏ.ਯੂ. ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਡਾ. ਅਸ਼ੋਕ ਕੁਮਾਰ, ਡਾ. ਦਵਿੰਦਰ ਸਿੰਘ ਚੀਮਾ ਅਤੇ ਇੰਜ: ਅਮਰਜੀਤ ਸਿੰਘ ਢਿੱਲੋਂ, ਲੁਧਿਆਣਾ ਦੇ ਮੇਅਰ ਅਤੇ ਹੋਰ ਉਚ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।