ਐਲ.ਪੀ.ਯੂ. ਹਿੰਸਾ ਮਾਮਲੇ ’ਚ ਸੀ.ਬੀ.ਆਈ. ਜਾਂਚ ਦੀ ਮੰਗ ਨੂੰ ਲੈ ਕੇ ਹਾਈ ਕੋਰਟ ’ਚ ਪਟੀਸ਼ਨ ਦਾਇਰ
ਚੰਡੀਗੜ੍ਹ, 29 ਸਤੰਬਰ (ਪ੍ਰੋ. ਅਵਤਾਰ ਸਿੰਘ)–ਜਲੰਧਰ ਸਥਿੱਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.
ਚੰਡੀਗੜ੍ਹ, 29 ਸਤੰਬਰ (ਪ੍ਰੋ. ਅਵਤਾਰ ਸਿੰਘ)–ਜਲੰਧਰ ਸਥਿੱਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ’ਚ ਹਾਲ ਹੀ ’ਚ ਹੋਈ ਹਿੰਸਾ ਦੇ ਮਾਮਲੇ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਜਨਹਿੱਤ ਪਟੀਸ਼ਨ ਦਾਇਰ ਕਰਕੇ ਪੂਰੇ ਘਟਨਾਕ੍ਰਮ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਤੋਂ ਕਰਵਾਉਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਨੂੰ ਮੰਗਲਵਾਰ ਮੁੱਖ ਜੱਜ ਅਸ਼ਵਨੀ ਕੁਮਾਰ ਮਿਸ਼ਰਾ ਤੇ ਜਸਟਿਸ ਰੋਹਿਤ ਕਪੂਰ ਦੀ ਅਦਾਲਤ ਸਾਹਮਣੇ ਤੁਰੰਤ ਸੁਣਵਾਈ ਲਈ ਰੱਖਿਆ ਗਿਆ। ਅਦਾਲਤ ਨੇ ਮਾਮਲੇ ਦੀ ਸੁਣਵਾਈ ਬੁੱਧਵਾਰ (30 ਸਤੰਬਰ) ਨੂੰ ਕਰਨ ’ਤੇ ਸਹਿਮਤੀ ਪ੍ਰਗਟਾਈ ਹੈ। ਪਟੀਸ਼ਨਕਰਤਾ ਵਲੋਂ ਸੀਨੀਅਰ ਵਕੀਲ ਗੌਰਵ ਚੋਪੜਾ ਨੇ ਵਕੀਲ ਅਰਜੁਨ ਸ਼ਿਓਰਾਣ ਨਾਲ ਮਿਲ ਕੇ ਅਦਾਲਤ ਨੂੰ ਦੱਸਿਆ ਕਿ ਯੂਨੀਵਰਸਿਟੀ ਕੈਂਪਸ ’ਚ ਹੋਈ ਹਿੰਸਾ ਦੌਰਾਨ ਕਥਿਤ ਤੌਰ ’ਤੇ ਦੰਗਾ, ਅੱਗਜ਼ਨੀ ਤੇ ਲੁੱਟ-ਖੋਹ ਦੀਆਂ ਘਟਨਾਵਾਂ ਵਾਪਰੀਆਂ। ਪਟੀਸ਼ਨ ’ਚ ਪੂਰੇ ਘਟਨਾਕ੍ਰਮ ਦੀ ਗੰਭੀਰਤਾ ਨੂੰ ਦੇਖਦਿਆਂ ਹਾਈ ਕੋਰਟ ਤੋਂ ਤੁਰੰਤ ਦਖ਼ਲ ਦੀ ਮੰਗ ਕੀਤੀ ਗਈ ਹੈ। ਰਿਪੋਰਟਾਂ ਅਨੁਸਾਰ ਐਤਵਾਰ ਨੂੰ ਯੂਨੀਵਰਸਿਟੀ ਕੈਂਪਸ ’ਚ ਇਕ ਵਿਦਿਆਰਥਣ ਨਾਲ ਕਥਿਤ ਜਬਰ-ਜਨਾਹ ਦੀ ਸੂਚਨਾ ਸਾਹਮਣੇ ਆਉਣ ਤੋਂ ਬਾਅਦ ਵਿਦਿਆਰਥੀਆਂ ’ਚ ਤਣਾਅ ਵਧ ਗਿਆ ਅਤੇ ਕੁਝ ਹੀ ਸਮੇਂ ’ਚ ਹਾਲਾਤ ਹਿੰਸਕ ਹੋ ਗਏ। ਪੁਲਿਸ ਵਲੋਂ ਜਬਰ-ਜਨਾਹ ਦੇ ਦੋਸ਼ਾਂ ਦੀ ਜਾਂਚ ਲਈ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ, ਹਾਲਾਂਕਿ ਜਾਂਚ ਦੌਰਾਨ ਅਜੇ ਤੱਕ ਅਜਿਹੀ ਘਟਨਾ ਵਾਪਰਨ ਦੀ ਨਿਰਣਾਇਕ ਪੁਸ਼ਟੀ ਨਹੀਂ ਹੋਈ ਹੈ। ਪਟੀਸ਼ਨ ’ਚ ਦੋਸ਼ ਲਗਾਇਆ ਗਿਆ ਹੈ ਕਿ ਹਿੰਸਾ ਦੌਰਾਨ ਯੂਨੀਵਰਸਿਟੀ ਕੈਂਪਸ ’ਚ ਵੱਡੇ ਪੱਧਰ ’ਤੇ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਗਿਆ। ਪਟੀਸ਼ਨਕਰਤਾ ਨੇ ਘਟਨਾਵਾਂ ਦੇ ਹਾਲਾਤ ਅਤੇ ਪੂਰੇ ਘਟਨਾਕ੍ਰਮ ਦੀ ਨਿਰਪੱਖ ਜਾਂਚ ਦੀ ਲੋੜ ਦੱਸਦਿਆਂ ਸੀ.ਬੀ.ਆਈ . ਜਾਂਚ ਦੀ ਮੰਗ ਕੀਤੀ ਹੈ। ਹੁਣ ਹਾਈ ਕੋਰਟ ਵਲੋਂ ਬੁੱਧਵਾਰ ਨੂੰ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਕੀਤੀ ਜਾਵੇਗੀ।