‘ ਬੰਦੀ ਸਿੰਘ ਰਿਹਾਈ ਮਾਰਚ ’ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਰਵਾਨਾ
ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਬਲਜਿੰਦਰ ਸਿੰਘ)-ਕੌਮੀ ਇਨਸਾਫ਼ ਮੋਰਚੇ ਵਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ, ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਸਜਾਇਆ ‘ਬੰਦੀ ਸਿੰਘ ਰਿਹਾਈ ਮਾਰਚ’ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਪੂਰੇ ਜਾਹੋ ਜਲਾਲ ਅਤੇ ਪੰਥਕ ਜਜ਼ਬੇ ਨਾਲ ਰਵਾਨਾ ਹੋਇਆ। ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਹਰਜਿੰਦਰ ਸਿੰਘ ਵਲੋਂ ‘ਬੰਦੀ ਸਿੰਘ ਰਿਹਾਈ ਮਾਰਚ’ ਦੀ ਆਰੰਭਤਾ ਦੀ ਅਰਦਾਸ ਕੀਤੀ ਗਈ।
ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਬਲਜਿੰਦਰ ਸਿੰਘ)-ਕੌਮੀ ਇਨਸਾਫ਼ ਮੋਰਚੇ ਵਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ, ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਸਜਾਇਆ ‘ਬੰਦੀ ਸਿੰਘ ਰਿਹਾਈ ਮਾਰਚ’ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਪੂਰੇ ਜਾਹੋ ਜਲਾਲ ਅਤੇ ਪੰਥਕ ਜਜ਼ਬੇ ਨਾਲ ਰਵਾਨਾ ਹੋਇਆ। ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਹਰਜਿੰਦਰ ਸਿੰਘ ਵਲੋਂ ‘ਬੰਦੀ ਸਿੰਘ ਰਿਹਾਈ ਮਾਰਚ’ ਦੀ ਆਰੰਭਤਾ ਦੀ ਅਰਦਾਸ ਕੀਤੀ ਗਈ। ਦੱਸਣਯੋਗ ਹੈ ਕਿ ‘ਬੰਦੀ ਸਿੰਘ ਰਿਹਾਈ ਮਾਰਚ’ ਵਿਚ ਕੌਮੀ ਇਨਸਾਫ਼ ਮੋਰਚੇ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ), ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਅਕਾਲੀ ਦਲ ਵਾਰਿਸ ਪੰਜਾਬ ਦੇ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਮੁੱਖ ਆਗੂਆਂ ਨੇ ਆਪਣੇ ਸਿਆਸੀ ਮਤਭੇਦਾਂ ਨੂੰ ਲਾਂਭੇ ਰੱਖ ਕੇ ਏਕਤਾ ਦਾ ਸਬੂਤ ਦਿੰਦਿਆਂ ਇਸ ਮਾਰਚ ਵਿਚ ਸ਼ਮੂਲੀਅਤ ਕੀਤੀ। ਜਦੋਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ, ਸੰਪਰਦਾਵਾਂ, ਸੰਤ ਮਹਾਂਪੁਰਸ਼, ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਪੰਥਕ ਜਥੇਬੰਦੀਆਂ ਦੇ ਮੁਖੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਕੌਮੀ ਇਨਸਾਫ਼ ਮੋਰਚਾ ਦੇ ਆਗੂ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਦੱਸਿਆ ਕਿ ਇਹ ਮਾਰਚ ਪਹਿਲੇ ਪੜਾਅ ਵਿਚ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਨਗਰਾਂ ਤੇ ਸ਼ਹਿਰਾਂ ਵਿਚੋਂ ਹੁੰਦਾ ਹੋਇਆ ਰਾਤ ਵਿਸ਼ਰਾਮ ਗੁਰਦੁਆਰਾ ਸ੍ਰੀ ਨਾਨਕੇਆਣਾ ਸਾਹਿਬ ਸੰਗਰੂਰ ਵਿਖੇ ਹੋਵੇਗਾ। ਉਨ੍ਹਾਂ ਨੇ ਦੱਸਿਆ ਕਿ ਅਗਲੇ ਪੜਾਅ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ‘ਬੰਦੀ ਸਿੰਘ ਰਿਹਾਈ ਮਾਰਚ’ ਦੀ ਸਮਾਪਤੀ ਹੋਵੇਗੀ। ਇਸ ਮਾਰਚ ਦਾ ਮੁੱਖ ਮਕਸਦ ਬੰਦੀ ਸਿੰਘਾਂ ਦੀ ਰਿਹਾਈ ਲਈ ਵੱਡੇ ਸੰਘਰਸ਼ ਨੂੰ ਸਫਲ ਬਣਾਉਣ ਲਈ ਸੰਗਤਾਂ ਨੂੰ ਸੁਨੇਹਾ ਦੇਣਾ ਹੈ, ਤਾਂ ਜੋ ਬੰਦੀ ਸਿੰਘਾਂ ਦੀ ਰਿਹਾਈ ਲਈ ਖ਼ਾਲਸਾ ਪੰਥ ਵਲੋਂ ਆਰੰਭੇ ਜਾਣ ਵਾਲੇ ਵੱਡੇ ਸੰਘਰਸ਼ ਦੀ ਰੂਪ-ਰੇਖਾ ਤੈਅ ਕੀਤੀ ਜਾ ਸਕੇ। ਪੰਜੋਲੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਭਾਰਤ ਸਰਕਾਰ ਵਲੋਂ ਬੰਦੀ ਸਿੰਘਾਂ ਨੂੰ ਰਿਹਾਅ ਨਾ ਕੀਤਾ ਗਿਆ, ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਮੁਆਫ਼ ਨਹੀਂ ਕੀਤੀ ਜਾਂਦੀ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਮਾਤਾ ਜੀ ਨੂੰ ਮਿਲਣ ਲਈ ਪੈਰੋਲ ਨਹੀਂ ਦਿੱਤੀ ਜਾਂਦੀ, ਤਾਂ ਪੂਰੇ ਭਾਰਤ ਵਿਚ ‘ਜੇਲ੍ਹ ਭਰੋ ਅੰਦੋਲਨ’ ਸ਼ੁਰੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸਿੱਖਾਂ ਨਾਲ ਹੋ ਰਹੀ ਲਗਾਤਾਰ ਧੱਕੇਸ਼ਾਹੀ ਅਤੇ ਸਿੱਖਾਂ ਦੀ ਵੱਖਰੀ ਤੇ ਆਜ਼ਾਦ ਹਸਤੀ ਨੂੰ ਖ਼ਤਮ ਕਰਨ ਦੀਆਂ ਚਾਲਾਂ ਵਿਰੁੱਧ ਭਾਰਤ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਦਾ ਮੁਕੰਮਲ ਬਾਈਕਾਟ ਕੀਤਾ ਜਾਵੇਗਾ। ਪੰਜੋਲੀ ਨੇ ਮੰਗ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨੂੰ ‘ਸਰਬੱਤ ਖ਼ਾਲਸਾ’ ਸੱਦਣਾ ਚਾਹੀਦਾ ਹੈ ਜਾਂ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ‘ਵਿਸ਼ਵ ਸਿੱਖ ਕਨਵੈਨਸ਼ਨ’ ਬੁਲਾ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਠੋਸ ਫ਼ੈਸਲਾ ਲਿਆ ਜਾਵੇ। ਇਸ ਮੌਕੇ ਪੰਜੋਲੀ ਨੇ ਮਾਰਚ ਵਿਚ ਸ਼ਾਮਿਲ ਸਮੁੱਚੀਆਂ ਧਾਰਮਿਕ ਸੰਪਰਦਾਵਾਂ, ਜਥੇਬੰਦੀਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਵਲੋਂ ਦਿੱਤੇ ਗਏ ਪੂਰਨ ਸਹਿਯੋਗ ਲਈ ਵੀ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਇਸ ਮੌਕੇ ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਸਾਹਿਬ, ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਜਥੇਦਾਰ ਗੁਰਚਰਨ ਸਿੰਘ ਹਵਾਰਾ ਦੇ ਨੁਮਾਇੰਦੇ, ਭਾਈ ਬਲਜੀਤ ਸਿੰਘ ਦਾਦੂਵਾਲ, ਭਾਈ ਗੁਰਦੀਪ ਸਿੰਘ ਬਠਿੰਡਾ, ਭਾਈ ਜਸਵੀਰ ਸਿੰਘ ਰੋਡੇ, ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਬਾਪੂ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਯਾਲੀ, ਕਿਸਾਨ ਆਗੂ ਡਾ. ਦਰਸ਼ਨ ਪਾਲ ਸਿੰਘ, ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰਾ ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਬਲਜੀਤ ਸਿੰਘ ਭੁੱਟਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ, ਭਾਈ ਰਵਿੰਦਰ ਸਿੰਘ ਖ਼ਾਲਸਾ, ਸੁਰਜੀਤ ਸਿੰਘ ਗੜ੍ਹੀ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਤਵਿੰਦਰ ਸਿੰਘ ਟੌਹੜਾ, ਰਣਵੀਰ ਸਿੰਘ ਪੂਨੀਆ, ਹਰਵੇਲ ਸਿੰਘ ਮਾਧੋਪੁਰ ਸੂਬਾ ਪ੍ਰਧਾਨ ਐਸ.ਸੀ ਵਿੰਗ, ਕਿਸਾਨ ਆਗੂ ਦਲਵੀਰ ਸਿੰਘ ਸਿੱਧੂਪੁਰ, ਸੰਤ ਬਾਬਾ ਮਨਮੋਹਨ ਸਿੰਘ ਸਮੇਤ ਕਈ ਪ੍ਰਮੁੱਖ ਆਗੂ ਸ਼ਾਮਲ ਹੋਏ। ਬੰਦੀ ਸਿੰਘਾਂ ਨੂੰ ਜਲਦ ਰਿਹਾਅ ਕੀਤਾ ਜਾਵੇ-ਬਾਪੂ ਗੁਰਚਰਨ ਸਿੰਘ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਧਰਮੀ ਪਿਤਾ ਬਾਪੂ ਗੁਰਚਰਨ ਸਿੰਘ ਨੇ ਕਿਹਾ ਕਿ ਸਰਕਾਰਾਂ ਵਲੋਂ ਸਿੱਖਾਂ ਨਾਲ ਕੀਤੇ ਜਾਂਦੇ ਵਿਤਕਰੇ ਦੇ ਮਾਮਲਿਆਂ ਨੂੰ ਸਿੱਖ ਕੌਮ ਹੁਣ ਸਮਝ ਚੁੱਕੀ ਹੈ। ਉਨ੍ਹਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਜਲਦ ਤੋਂ ਜਲਦ ਰਿਹਾਅ ਕੀਤਾ ਜਾਵੇ। ਸਿਆਸਤਦਾਨਾਂ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਲੋੜੀਂਦੀ ਆਵਾਜ਼ ਨਹੀਂ ਚੁੱਕੀ ਗਈ-ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਯਾਲੀ ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਕਾਰਜਕਾਰੀ ਪ੍ਰਧਾਨ ਤਰਸੇਮ ਸਿੰਘ ਅਤੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਪੰਜਾਬ ਵਿਚ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ ਗੰਭੀਰਤਾ ਨਾਲ ਆਵਾਜ਼ ਨਹੀਂ ਉਠਾਈ ਗਈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਨੇ ਇਸ ਮਾਮਲੇ ਨੂੰ ਖੁੱਲ੍ਹ ਕੇ ਅਤੇ ਗੰਭੀਰਤਾ ਨਾਲ ਉਠਾਇਆ ਹੁੰਦਾ ਤਾਂ ਹੁਣ ਤੱਕ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਹੱਲ ਹੋ ਸਕਦਾ ਸੀ। ਸੰਗੀਨ ਅਪਰਾਧਿਕ ਮਾਮਲਿਆਂ ਵਿਚ ਸਜ਼ਾ ਭੁਗਤ ਰਹੇ ਵਿਅਕਤੀਆਂ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ- ਹਰਿੰਦਰਪਾਲ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਦੇਸ਼ ਵਿਚ ਕਾਨੂੰਨ ਦੇ ਲਾਗੂ ਹੋਣ ਨੂੰ ਲੈ ਕੇ ਸਿੱਖ ਭਾਈਚਾਰੇ ਵਿਚ ਸਵਾਲ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਸੰਗੀਨ ਅਪਰਾਧਿਕ ਮਾਮਲਿਆਂ ਵਿਚ ਸਜ਼ਾਵਾਂ ਭੁਗਤ ਰਹੇ ਵਿਅਕਤੀਆਂ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ ਅਤੇ ਦੂਜੇ ਪਾਸੇ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਕੈਦ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ, ਜੋ ਸਿੱਖ ਕੌਮ ਨਾਲ ਬੇਇਨਸਾਫ਼ੀ ਅਤੇ ਉਨ੍ਹਾਂ ਨੂੰ ਆਜ਼ਾਦ ਭਾਰਤ ਵਿਚ ਗ਼ੁਲਾਮੀ ਤੇ ਬੇਗਾਨਗੀ ਦਾ ਅਹਿਸਾਸ ਕਰਵਾਉਣ ਵਾਲਾ ਵਰਤਾਰਾ ਹੈ। ਬੰਦੀ ਸਿੰਘਾਂ ਦੀ ਰਿਹਾਈ ਦੇ ਹਰ ਪ੍ਰੋਗਰਾਮ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਸ਼੍ਰੋਮਣੀ ਕਮੇਟੀ ਡਟ ਕੇ ਸਾਥ ਦੇਵੇਗੀ- ਐਡਵੋਕੇਟ ਧਾਰਨੀ, ਭੁੱਟਾ, ਰਿਆ, ਖ਼ਾਲਸਾ, ਗੜ੍ਹੀ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰਾ ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ, ਭਾਈ ਰਵਿੰਦਰ ਸਿੰਘ ਖ਼ਾਲਸਾ ਤੇ ਜਥੇ. ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤਾ ਗਿਆ ਇਹ ਮਾਰਚ ਸਿਰਫ਼ ਇਕ ਜਥੇਬੰਦੀ ਦਾ ਪ੍ਰੋਗਰਾਮ ਨਹੀਂ, ਸਗੋਂ ਵੱਖ-ਵੱਖ ਸਿੱਖ, ਕਿਸਾਨ ਅਤੇ ਸਿਆਸੀ ਜਥੇਬੰਦੀਆਂ ਦੀ ਸਾਂਝੀ ਸ਼ਮੂਲੀਅਤ ਵਾਲਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਹਰ ਸੰਘਰਸ਼ ਪ੍ਰੋਗਰਾਮ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਡਟ ਕੇ ਸਾਥ ਦੇਵੇਗੀ। ਪੰਥਕ ਏਕਤਾ ਦੀ ਵੱਡੀ ਲੋੜ ਹੈੈ-ਦਾਦੂਵਾਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਪੰਜਾਬ ਦੀਆਂ ਵੱਖ-ਵੱਖ ਜਥੇਬੰਦੀਆਂ ਦਾ ਇਕ ਮੰਚ ’ਤੇ ਇਕੱਠੇ ਹੋਣ ਮਹੱਤਵਪੂਰਨ ਗੱਲ ਹੈ। ਇਸ ਇੱਕਜੁੱਟਤਾ ਤੋਂ ਆਸ ਬੱਝਦੀ ਹੈ ਕਿ ਆਉਣ ਵਾਲੇ ਸਮੇਂ ਵਿਚ ਬੰਦੀ ਸਿੰਘਾਂ ਦੇ ਮਾਮਲੇ ਸਬੰਧੀ ਕੋਈ ਸਾਕਾਰਾਤਮਿਕ ਖ਼ਬਰ ਸਾਹਮਣੇ ਆ ਸਕਦੀ ਹੈ।