ਕੰਪਿਊਟਰ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਲਈ ਕੈਬਨਿਟ ਸਬ-ਕਮੇਟੀ ਅੱਗੇ ਮਜ਼ਬੂਤੀ ਨਾਲ ਰੱਖਾਂਗਾ ਪੱਖ-ਅਮਨ ਅਰੋੜਾ
ਸੁਨਾਮ ਊਧਮ ਸਿੰਘ ਵਾਲਾ, 5 ਅਕਤੂਬਰ (ਰੁਪਿੰਦਰ ਸਿੰਘ ਸੱਗੂ, ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਪਣੀਆਂ ਮੰਗਾਂ ਸਬੰਧੀ ਪ੍ਰਦਰਸ਼ਨ ਕਰ ਰਹੇ ਕੰਪਿਊਟਰ ਅਧਿਆਪਕਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਮਸਲੇ ਵਿਸਥਾਰ ਨਾਲ ਸੁਣੇ। ਉਨ੍ਹਾਂ ਅਧਿਆਪਕਾਂ ਨੂੰ ਭਰੋਸਾ ਦਿੱਤਾ ਕਿ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਵਿਚ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਪੱਖ ਪੂਰੀ ਮਜ਼ਬੂਤੀ ਨਾਲ ਰੱਖਿਆ ਜਾਵੇਗਾ ਤੇ ਸਬੰਧਿਤ ਵਿਭਾਗਾਂ ਨਾਲ ਗੱਲਬਾਤ ਰਾਹੀਂ ਹੱਲ ਲਈ ਯਤਨ ਕੀਤੇ ਜਾਣਗੇ।
ਸੁਨਾਮ ਊਧਮ ਸਿੰਘ ਵਾਲਾ, 5 ਅਕਤੂਬਰ (ਰੁਪਿੰਦਰ ਸਿੰਘ ਸੱਗੂ, ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਪਣੀਆਂ ਮੰਗਾਂ ਸਬੰਧੀ ਪ੍ਰਦਰਸ਼ਨ ਕਰ ਰਹੇ ਕੰਪਿਊਟਰ ਅਧਿਆਪਕਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਮਸਲੇ ਵਿਸਥਾਰ ਨਾਲ ਸੁਣੇ। ਉਨ੍ਹਾਂ ਅਧਿਆਪਕਾਂ ਨੂੰ ਭਰੋਸਾ ਦਿੱਤਾ ਕਿ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਵਿਚ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਪੱਖ ਪੂਰੀ ਮਜ਼ਬੂਤੀ ਨਾਲ ਰੱਖਿਆ ਜਾਵੇਗਾ ਤੇ ਸਬੰਧਿਤ ਵਿਭਾਗਾਂ ਨਾਲ ਗੱਲਬਾਤ ਰਾਹੀਂ ਹੱਲ ਲਈ ਯਤਨ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਬਾਹਰ ਪ੍ਰਦਰਸ਼ਨ ਕਰ ਰਹੇ ਅਧਿਆਪਕ ਨੁਮਾਇੰਦਿਆਂ ਨਾਲ ਬਹੁਤ ਸਹਿਜ ਨਾਲ ਗੱਲਬਾਤ ਕੀਤੀ। ਅਮਨ ਅਰੋੜਾ ਨੇ ਕਿਹਾ ਕਿ ਅਧਿਆਪਕ ਆਪਣੇ ਮਸਲਿਆਂ ਬਾਰੇ ਸਿੱਧੇ ਤੌਰ ’ਤੇ ਉਨ੍ਹਾਂ ਨਾਲ ਗੱਲਬਾਤ ਕਰ ਸਕਦੇ ਹਨ ਤੇ ਆਪਸੀ ਸੰਵਾਦ ਰਾਹੀਂ ਮੰਗਾਂ ਦੇ ਹੱਲ ਵੱਲ ਅੱਗੇ ਵਧਿਆ ਜਾ ਸਕਦਾ ਹੈ। ਮੁਲਾਕਾਤ ਦੌਰਾਨ ਕੰਪਿਊਟਰ ਅਧਿਆਪਕਾਂ ਦੇ ਨੁਮਾਇੰਦਿਆਂ ਨੇ ਸਿੱਖਿਆ ਵਿਭਾਗ ਵਿਚ ਮੁਕੰਮਲ ਰਲੇਵੇਂ ਅਤੇ ਮਹਿੰਗਾਈ ਭੱਤੇ ਸਬੰਧੀ ਮੰਗਾਂ ਪ੍ਰਮੁੱਖ ਤੌਰ ’ਤੇ ਰੱਖੀਆਂ। ਅਧਿਆਪਕ ਆਗੂਆਂ ਨੇ ਮੰਗ ਕੀਤੀ ਕਿ ਉਨ੍ਹਾਂ ਅਨੁਸਾਰ ਹੋਈ ਸਹਿਮਤੀ ਮੁਤਾਬਿਕ ਮਹਿੰਗਾਈ ਭੱਤਾ ਦਿੱਤਾ ਜਾਵੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਮੰਗਾਂ ’ਤੇ ਵਿਚਾਰ ਕਰਨ ਲਈ 7 ਤਾਰੀਖ਼ ਨੂੰ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਤੈਅ ਕੀਤੀ ਗਈ ਹੈ। ਇਸ ਮੀਟਿੰਗ ਵਿਚ ਸਿੱਖਿਆ ਵਿਭਾਗ ਤੇ ਵਿੱਤ ਵਿਭਾਗ ਦੇ ਉੱਚ ਅਧਿਕਾਰੀ ਅਤੇ ਕੰਪਿਊਟਰ ਅਧਿਆਪਕਾਂ ਦੇ ਨੁਮਾਇੰਦੇ ਸ਼ਾਮਿਲ ਹੋਣਗੇ। ਅਮਨ ਅਰੋੜਾ ਨੇ ਸਪੱਸ਼ਟ ਕੀਤਾ ਕਿ ਇਹ ਮਾਮਲੇ ਸਿੱਖਿਆ ਅਤੇ ਵਿੱਤ ਵਿਭਾਗ ਨਾਲ ਸਬੰਧਿਤ ਹਨ ਅਤੇ ਅੰਤਿਮ ਮਨਜ਼ੂਰੀ ਮੁੱਖ ਮੰਤਰੀ ਵਲੋਂ ਦਿੱਤੀ ਜਾਣੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜਿਹੜੀਆਂ ਮੰਗਾਂ ਵਾਜਬ ਅਤੇ ਨਿਯਮਾਂ ਅਨੁਸਾਰ ਸੰਭਵ ਹੋਣਗੀਆਂ, ਉਨ੍ਹਾਂ ਲਈ ਉਹ ਡਟ ਕੇ ਪੱਖ ਰੱਖਣਗੇ। ਕੰਪਿਊਟਰ ਅਧਿਆਪਕ ਯੂਨੀਅਨ ਦੇ ਆਗੂਆਂ ਨੇ ਉਨ੍ਹਾਂ ਦੀ ਗੱਲ ਸੁਣਨ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਬ-ਕਮੇਟੀ ਦੀ ਮੀਟਿੰਗ ਵਿੱਚ ਮੰਗਾਂ ’ਤੇ ਚਰਚਾ ਦਾ ਮੌਕਾ ਮੁਹੱਈਆ ਕਰਵਾਉਣ ਦੀ ਪਹਿਲਕਦਮੀ ਦਾ ਸਵਾਗਤ ਕੀਤਾ। ਉਨ੍ਹਾਂ ਆਸ ਪ੍ਰਗਟਾਈ ਕਿ ਮੀਟਿੰਗ ਦੌਰਾਨ ਰਲੇਵੇ ਅਤੇ ਮਹਿੰਗਾਈ ਭੱਤੇ ਦੇ ਮਸਲਿਆਂ ਦੇ ਹੱਲ ਵੱਲ ਸਕਾਰਾਤਮਿਕ ਪ੍ਰਗਤੀ ਹੋਵੇਗੀ।